ਸੁਲਤਾਨਪੁਰ ਲੋਧੀ/ਕਪੂਰਥਲਾ ( ਜਸਟਿਸ ਨਿਊਜ਼)
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਜੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਜੋ ਕਿ ਗੁਰਦਾਸਪੁਰ ਤੋਂ ਰਵਾਨਾ ਹੋਇਆ ਸੀ ਅੱਜ ਬਿਆਸ ਦਰਿਆ ਉਪਰ ਗੋਇੰਦਵਾਲ ਦੇ ਪੁੱਲ ਰਾਹੀਂ ਕਪੂਰਥਲਾ ਜ਼ਿਲ੍ਹੇ ਵਿਚ ਪ੍ਰਵੇਸ਼ ਕੀਤਾ । ਪੁਲ ਉੱਪਰ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. ਗੌਰਵ ਤੂਰਾ ਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਮੱਥਾ ਟੇਕ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ।
ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਡਿਪਟੀ ਕਮਿਸ਼ਨਰ , ਐਸ.ਐਸ.ਪੀ. ਅਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵਲੋਂ ਰੁਮਾਲਾ ਸਾਹਿਬ ਭੇਟ ਕੀਤਾ ਗਿਆ ਅਤੇ ਪੰਜ ਪਿਆਰਿਆਂ ਤੇ ਗ੍ਰੰਥੀ ਸਿੰਘਾਂ ਨੂੰ ਸਿਰੋਪਾਓ ਸਾਹਿਬ ਭੇਟ ਕੀਤੇ ਗਏ।
ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ ਵਲੋਂ ਬੈਂਡ ਵਜਾਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਤੇ ਗੋਇੰਦਵਾਲ ਪੁਲ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਸਜਾਇਆ ਗਿਆ ਸੀ। ਇਸ ਤੋਂ ਇਲਾਵਾ ਸੰਗਤ ਵਲੋਂ ਮੁੰਡੀ ਮੋੜ ਵਿਖੇ ਲੰਗਰ ਦਾ ਪ੍ਰਬੰਧ ਕਰਨ ਤੋਂ ਇਲਾਵਾ ਪਿੰਡ ਉੱਚਾ , ਪ੍ਰਵੇਜ ਨਗਰ ਅਤੇ ਹੋਰਨਾਂ ਥਾਵਾਂ ਉਤੇ ਸੰਗਤ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ “ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਸਿਰਫ ਕਿਸੇ ਇੱਕ ਕੌਮ ਲਈ ਹੀ ਨਹੀਂ, ਸਗੋਂ ਸਾਰੀ ਮਨੁੱਖਤਾ ਲਈ ਸ਼ਹਾਦਤ ਅਤੇ ਧਰਮ-ਨਿਰਪੱਖਤਾ ਦੀ ਅਨੋਖੀ ਮਿਸਾਲ ਹੈ।
ਉਹਨਾਂ ਕਿਹਾ ਕਿ ਗੁਰੂ ਸਾਹਿਬ ਤੇ ਉਨ੍ਹਾਂ ਦੇ ਸਿੱਖਾਂ ਨੇ ਧਰਮ ਦੀ ਰੱਖਿਆ ਲਈ ਆਪਣਾ ਆਪ ਕੁਰਬਾਨ ਕਰ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਕਸ਼ਮੀਰੀ ਪੰਡਤਾਂ ਨੇ ਜਦੋਂ ਗੁਰੂ ਘਰ ਦਾ ਦਰਵਾਜ਼ਾ ਖੜਕਾਇਆ, ਤਾਂ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕਰਨ ਦਾ ਫ਼ੈਸਲਾ ਕੀਤਾ।
ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ, ਸੱਚ ਦੇ ਰਾਹ ‘ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਪਹੁੰਚਾਇਆ ਜਾ ਰਿਹਾ ਹੈ ।
ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫ਼ੇ ਤੋਂ ਪ੍ਰੇਰਣਾ ਲੈਂਦਿਆਂ ਉਨ੍ਹਾਂ ਵਲੋਂ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਹੈ।
ਉਹਨਾਂ ਗੁਰੂ ਸਾਹਿਬ ਸਮੇਤ ਉਨ੍ਹਾਂ ਦੇ ਅਨਿੰਨ੍ਹ ਸਿੱਖਾਂ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਯਾਦ ਕਰਿਦਆਂ ਕਿਹਾ ਕਿ ਜ਼ਬਰ ਅਤੇ ਧਰਮ-ਪਰਿਵਰਤਨ ਦੇ ਖ਼ਿਲਾਫ ਉਹਨਾਂ ਨੇ ਇੱਕ ਅਟੱਲ ਚਟਾਨ ਵਾਂਗ ਖਲੋਅ ਕੇ ਦਰਸਾਇਆ ਕਿ ਸਿੱਖ ਧਰਮ ਦੇ ਨਾਇਕ ਕਿਸੇ ਇਕ ਧਰਮ ਲਈ ਨਹੀਂ, ਸਗੋਂ ਪੂਰੇ ਮਨੁੱਖਤਾ ਲਈ ਲੜਦੇ ਹਨ।
ਇਸ ਤੋਂ ਇਲਾਵਾ ਕਪੂਰਥਲਾ ਸ਼ਹਿਰ ਵਿਖੇ ਬੱਸ ਅੱਡੇ ਨੇੜੇ ਸ਼ਹਿਰ ਦੀ ਸੰਗਤ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ । ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ “ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਮਨੁੱਖਤਾ ਤੇ ਧਰਮ ਲਈ ਕੀਤੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਗੁਰੂ ਜੀ ਨੇ ਧਰਮ ਦੀ ਰੱਖਿਆ ਲਈ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਅੱਤਿਆਚਾਰ ਦੇ ਖ਼ਿਲਾਫ਼ ਤੇ ਮਨੁੱਖੀ ਅਧਿਕਾਰਾਂ ਦੇ ਹੱਕ ਵਿੱਚ ਡਟ ਕੇ ਖੜ੍ਹਨ ਦਾ ਸੰਦੇਸ਼ ਦਿੰਦਾ ਹੈ ।
ਇਸ ਮੌਕੇ ਸ਼ਹਿਰ ਦੀ ਸੰਗਤ ਵਲੋਂ ਵੱਡੀ ਗਿਣਤੀ ਵਿੱਚ ਨਗਰ ਕੀਰਤਨ ਵਿੱਚ ਸ਼ਿਰਕਤ ਕਰਦਿਆਂ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਸੰਗਤ ਵਲੋਂ ਨਗਰ ਕੀਰਤਨ ਉਤੇ ਫੁੱਲਾਂ ਦੀ ਵਰਖਾ ਕੀਤੀ ਗਈ ਤੇ ਇਥੋਂ ਇਹ ਨਗਰ ਕੀਰਤਨ ਅੱਗੇ ਵੱਧਦਾ ਹੋਇਆ ਕਰਤਾਰਪੁਰ ਤੋਂ ਜ਼ਿਲ੍ਹਾ ਜਲੰਧਰ ਵਿੱਚ ਦਾਖਲ ਹੋ ਗਿਆ। ਇਹ ਨਗਰ ਕੀਰਤਨ 22 ਨਵੰਬਰ ਨੂੰ ਫਗਵਾੜਾ ਤੋਂ ਹੁੰਦਾ ਹੋਇਆ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਐਸ ਪੀ ਪ੍ਰਭਜੋਤ ਸਿੰਘ ਵਿਰਕ , ਆਈ ਪੀ ਐਸ ਧੀਰੇਂਦਰ ਵਰਮਾ , ਐਸ ਪੀ ਗੁਰਪ੍ਰੀਤ ਸਿੰਘ, ਐਸ ਡੀ ਐਮ ਇਰਵਿਨ ਕੌਰ ਤੇ ਅਲਕਾ ਕਾਲੀਆ ਹਾਜ਼ਰ ਸਨ ।
Leave a Reply