ਕੰਪਿਊਟਰ ਅਧਿਆਪਕ, 10 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਕਰਨਗੇ ਮਹਾਂ ਰੋਸ ਰੈਲੀ

ਸੰਗਰੂਰ::::::::::::::::::::::::::::‌ ਵਿਧਾਨ ਸਭਾ ਵਿੱਚ ਬਜਟ ਇਜਲਾਸ ਦੌਰਾਨ ਆਪਣੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਦਾ ਘੇਰਾਓ ਕਰਨ ਚੰਡੀਗੜ੍ਹ ਪਹੁੰਚੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਦੀ ਖਿੱਚ ਧੂਅ ਕਰਦਿਆਂ ਪੁਲਿਸ ਨੇ ਜਬਰੀ ਬੱਸਾਂ ਵਿੱਚ ਲੱਦ ਕੇ ਥਾਣੇ ਵਿੱਚ ਪਹੁੰਚਾ ਦਿੱਤਾ ਸੀ, ਜਿਸ ਮਗਰੋਂ ਸੂਬੇ ਭਰ ਦੇ ਕੰਪਿਊਟਰ ਦੇ ਅਧਿਆਪਕਾਂ ਨੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਦੇ ਹੋਏ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਵੀ ਕੀਤਾ ਸੀ। ਪੰਜਾਬ ਸਰਕਾਰ ਦੀ ਇਸ ਕਾਰਵਾਈ ਮਗਰੋਂ ਕੰਪਿਊਟਰ ਅਧਿਆਪਕਾਂ ਦਾ ਰੋਸ਼ ਸੱਤਵੇਂ ਅਸਮਾਨ ਤੇ ਪਹੁੰਚ ਗਿਆ ਹੈ, ਹੁਣ ਕੰਪਿਊਟਰ ਅਧਿਆਪਕਾਂ ਵੱਲੋਂ 10 ਮਾਰਚ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਨਿਵਾਸ ਅੱਗੇ ਮਹਾਂਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਨੇ ਦੱਸਿਆ ਕਿ ਕੰਪਿਊਟਰ ਦੇ ਅਧਿਆਪਕਾਂ ਦੀਆਂ ਮੰਗਾਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦੀ ਬਜਾਏ ਹੁਣ ਪੰਜਾਬ ਸਰਕਾਰ ਵੱਲੋਂ ਉਹਨਾਂ ਖਿਲਾਫ ਪੁਲਿਸ ਬਲ ਦਾ ਪ੍ਰਯੋਗ ਕੀਤਾ ਜਾ ਰਿਹਾ ਹੈ ਜੋ ਕਿ ਨਿੰਦਣਯੋਗ ਹੈ ਅਤੇ ਇਸਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉਨਾਂ ਦੀਆਂ ਮੰਗਾਂ ਨੂੰ ਜਾਇਜ਼ ਤਾਂ ਮੰਨਿਆ ਜਾ ਰਿਹਾ ਹੈ ਪਰ ਉਹਨਾਂ ਨੂੰ ਪੂਰਾ ਕਰਨ ਦੇ ਲਈ ਟਾਲ ਮਟੋਲ ਦੀ ਨੀਤੀ ਲਗਾਤਾਰ ਅਪਣਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਉਨਾਂ ਨੂੰ ਲਗਭਗ 20 ਵਾਰ ਮੀਟਿੰਗ ਦਾ ਸਮਾਂ ਦਿੱਤਾ ਗਿਆ ਲੇਕਿਨ ਉਹਨਾਂ ਨਾਲ ਇੱਕ ਵਾਰ ਵੀ ਮੀਟਿੰਗ ਨਹੀਂ ਕੀਤੀ ਗਈ। ਕੰਪਿਊਟਰ ਅਧਿਆਪਕ ਆਗੂਆਂ ਨੇ ਅੱਗੇ ਦੱਸਿਆ ਕਿ ਹੁਣ ਉਹਨਾਂ ਨੇ ਆਪਣੇ ਸੰਘਰਸ਼ ਨੂੰ ਕਿਸੇ ਮੁਕਾਮ ਤੇ ਪਹੁੰਚਾਉਣ ਦਾ ਮਨ ਬਣਾ ਲਿਆ ਹੈ ਅਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਹਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਮਨ ਨਹੀਂ ਲਿਆ ਜਾਂਦਾ ਅਤੇ ਇਸੇ ਲੜੀ ਦੇ ਅਧੀਨ ਸੂਬੇ ਭਰ ਦੇ ਕੰਪਿਊਟਰ ਅਧਿਆਪਕ 10 ਮਾਰਚ ਨੂੰ ਸੰਗਰੂਰ ਵਿਖੇ ਇਕੱਤਰ ਹੁੰਦੇ ਹੋਏ ਸੂਬਾ ਸਰਕਾਰ ਦੇ ਖਿਲਾਫ ਮਹਾ ਰੈਲੀ ਕਰਦੇ ਹੋਏ ਆਪਣੇ ਜਾਇਜ ਹੱਕਾਂ ਦੇ ਲਈ ਆਵਾਜ਼ ਬੁਲੰਦ ਕਰਨਗੇ।
ਉਹਨਾਂ ਆਪਣੀਆਂ ਮੰਗਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ ਉਨਾਂ ਦੀ ਇੱਕੋ ਇੱਕ ਮੰਗ ਹੈ ਕਿ ਉਹਨਾਂ ਨੂੰ ਛੇਵੇਂ ਪੇ-ਕਮਿਸ਼ਨ ਦਾ ਲਾਭ ਦਿੰਦੇ ਹੋਏ ਉਹਨਾਂ ਦੇ ਆਰਡਰਾਂ ਵਿੱਚ ਦਰਜ ਉਹਨਾਂ ਦੇ ਸਾਰੇ ਅਧਿਕਾਰ ਬਹਾਲ ਕੀਤੇ ਜਾਣ ਅਤੇ ਉਨਾਂ ਨੂੰ ਬਿਨਾਂ ਸ਼ਰਤ ਬਿਨਾਂ ਦੇਰੀ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ।
ਵੱਖ ਵੱਖ ਅਧਿਆਪਕ ਜਥੇਬੰਦੀਆਂ ਨੇ ਵੀ ਕੀਤਾ ਸੰਘਰਸ਼ ਵਿਚ ਹਿਮਾਇਤ ਦਾ ਐਲਾਨ
ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐੱਫ), ਗੌਰਮਿੰਟ ਟੀਚਰਜ਼ ਯੂਨੀਅਨ (ਜੀ ਟੀ ਯੂ) ਦੇ ਨਾਲ ਨਾਲ ਵੱਖ-ਵੱਖ ਅਧਿਆਪਕ ਜੱਥੇਬੰਦੀਆਂ ਨੇ ਵੀ ਕੰਪਿਊਟਰ ਅਧਿਆਪਕਾਂ ਦੇ ਨਾਲ ਹੋਰ ਰਹੇ ਅਨ੍ਹਿਆਂ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਉਨ੍ਹਾਂ ਦੇ ਹਰ ਸੰਘਰਸ਼ ਵਿਚ ਸਾਥ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਹ ਲੜਾਈ ਸਿਰਫ ਕੰਪਿਊਟਰ ਅਧਿਆਪਕਾਂ ਦੀ ਹੀ ਨਹੀਂ ਬਲਕਿ ਸਰਕਾਰ ਦੇ ਦਮਨ ਅਤੇ ਅਨਿਆਂ ਦੇ ਵਿਰੁੱਧ ਪੂਰੇ ਬੁੱਧੀਜੀਵੀ ਵਰਗ ਦੀ ਹੈ ਜਿਸ ਵਿਚ ਸਾਰਿਆਂ ਨੂੰ ਸਾਥ ਦੇਣਾ ਚਾਹੀਦਾ ਹੈ।
ਹੋਰਨਾਂ ਤੋਂ ਇਲਾਵਾ ਇਸ ਮੌਕੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ, ਮੀਤ ਪ੍ਰਧਾਨ ਪਰਮਵੀਰ ਸਿੰਘ ਪੰਮੀ, ਜਨਰਲ ਸਕੱਤਰ ਪਰਮਿੰਦਰ ਸਿੰਘ ਘੁਮਾਣ, ਹਰਪ੍ਰੀਤ ਸਿੰਘ, ਮੀਤ ਪ੍ਰਧਾਨ ਅਨਿਲ ਐਰੀ, ਏਕਮਓਂਕਾਰ ਸਿੰਘ, ਸਿਕੰਦਰ ਸਿੰਘ, ਰਮਨ ਕੁਮਾਰ ਜਲੰਧਰ, ਰੋਬਿਨ ਸ਼ਰਮਾ ਮਲੇਰਕੋਟਲਾ,  ਨਰਦੀਪ ਸ਼ਰਮਾ ਸੰਗਰੂਰ ਆਦਿ ਦੇ ਨਾਲ ਨਾਲ ਸਮੂਹ ਸੂਬਾ ਕਮੇਟੀ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।

Leave a Reply

Your email address will not be published.


*


%d