– ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ – ਸਿਆਸੀ ਪਾਰਟੀਆਂ ਨੂੰ 48 ਨੋਟਿਸ ਜਾਰੀ

ਲੁਧਿਆਣਾ   (   Harjinder /Rahul Ghai) – ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਵਿਰੁੱਧ ਸਖ਼ਤ ਰੁਖ਼ ਅਪਣਾਉਂਦੇ ਹੋਏ ਜ਼ਿਲ੍ਹਾ ਲੁਧਿਆਣਾ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓ) ਵੱਲੋਂ ਦੋ ਦਿਨਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਕੁੱਲ 48 ਨੋਟਿਸ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ, ਜਿਸ ਦੇ ਨਤੀਜੇ ਵਜੋਂ 29 ਅਤੇ 30 ਮਾਰਚ (ਅੱਜ) ਨੂੰ ਕ੍ਰਮਵਾਰ 21 ਅਤੇ 27 ਨੋਟਿਸ ਜਾਰੀ ਕੀਤੇ ਗਏ।
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਬਾਰੇ 24 ਘੰਟਿਆਂ ਦੇ ਅੰਦਰ-ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਉਨ੍ਹਾਂ ਸਾਰੀਆਂ ਧਿਰਾਂ ਨੂੰ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ‘ਤੇ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਚੋਣ ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀਆਂ ਦੇ ਸਹਿਯੋਗ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਚੋਣ ਪ੍ਰਚਾਰ ਲਈ ਸ਼ਾਂਤਮਈ ਅਤੇ ਅਨੁਕੂਲ ਮਾਹੌਲ ਬਣਾਏ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਪਾਰਟੀਆਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀਆਂ ਗਤੀਵਿਧੀਆਂ ਤੋਂ ਗੁਰੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਲੁਧਿਆਣਾ ਵਿੱਚ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਲੋਕ ਸਭਾ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰੰ ਹਦਾਇਤ ਕੀਤੀ ਕਿ ਉਹ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ।

Leave a Reply

Your email address will not be published.


*


%d