ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼, 9.2 ਕਿੱਲੋ ਹੈਰੋਇਨ ਸਮੇਤ ਤਿੰਨ ਕਾਬੂ

ਅੰਮ੍ਰਿਤਸਰ,  ( ਰਣਜੀਤ ਸਿੰਘ ਮਸੌਣ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤੱਸਕਰਾਂ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿੱਲੋ ਹੈਰੋਇਨ (8.2 ਕਿੱਲੋ +1 ਕਿੱਲੋ) ਸਮੇਤ ਗ੍ਰਿਫ਼ਤਾਰ ਕੀਤਾ ਹੈ।

ਪਹਿਲੇ ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ ‘ਤੇ ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਅਗਵਾਈ ਹੇਠ ਥਾਣਾ ਛੇਹਰਟਾ ਦੀਆਂ ਪੁਲਿਸ ਟੀਮਾਂ ਨੇ ਰਾਜਾਸਾਂਸੀ ਦੇ ਸ਼ਿਵਾ ਐਨਕਲੇਵ ਦੇ ਇਲਾਕੇ ਤੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 8.2 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਫ਼ੜੇ ਗਏ ਵਿਅਕਤੀਆਂ ਦੀ ਪਛਾਣ ਬਚਿੱਤਰ ਸਿੰਘ ਵਾਸੀ ਪਿੰਡ ਜਠੌਲ ਜ਼ਿਲ੍ਹਾ ਅੰਮ੍ਰਿਤਸਰ ਅਤੇ ਸਨੀ ਵਾਸੀ ਗੁਰੂ ਕੀ ਵਡਾਲੀ, ਛੇਹਰਟਾ ਵੱਜੋਂ ਹੋਈ ਹੈ। ਮੁਲਜ਼ਮ ਬਚਿੱਤਰ ਸਿੰਘ ਨੂੰ ਸਾਲ 2021 ਤੋਂ ਥਾਣਾ ਘਰਿੰਡਾ ਦੇ ਕਤਲ ਕੇਸ ਵਿੱਚ ਭਗੌੜਾ ਐਲਾਨਿਆ ਹੋਇਆ ਸੀ।

ਪੁਲਿਸ ਟੀਮਾਂ ਨੇ 8.2 ਕਿੱਲੋ ਹੈਰੋਇਨ ਬ੍ਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਕੋਲੋਂ 95000 ਰੁਪਏ ਦੀ ਡਰੱਗ ਮਨੀ, ਇੱਕ ਇਲੈਕਟ੍ਰਾਨਿਕ ਭਾਰ ਤੋਲਣ ਵਾਲੀ ਮਸ਼ੀਨ ਅਤੇ ਸਵਿਫ਼ਟ ਕਾਰ ਵੀ ਬ੍ਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ ਅਤੇ 23/29 ਮੁਕੱਦਮਾਂ ਨੰਬਰ 100 ਮਿਤੀ 27/6/2024 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇੱਕ ਹੋਰ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫ਼ੀਆ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ ਥਾਣਾ ਰਣਜੀਤ ਐਵੀਨਿਊ ਦੀਆਂ ਪੁਲਿਸ ਟੀਮਾਂ ਨੇ ਰਣਜੀਤ ਐਵੀਨਿਊ ਬਾਈਪਾਸ ‘ਤੇ ਨਾਕਾਬੰਦੀ ਕਰਕੇ ਅਮਨਦੀਪ ਸਿੰਘ ਵਾਸੀ ਪਿੰਡ ਰਾਣੀਆਂ, ਥਾਣਾ ਲੋਪੋਕੇ, ਜ਼ਿਲ੍ਹਾ ਅੰਮ੍ਰਿਤਸਰ ਨੂੰ 1 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਉਸਦੀ ਵੌਕਸਵੈਗਨ ਵੈਂਟੋ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਜਾ ਰਿਹਾ ਸੀ।

ਇਸ ਸਬੰਧੀ ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਸੀ ਤਹਿਤ ਮੁਕੱਦਮਾ ਨੰਬਰ 91 ਮਿਤੀ 26/6/2024 ਦਰਜ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਪਾਕਿਸਤਾਨ ਅਧਾਰਤ ਤੱਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ਾ ਮੰਗਵਾ ਕੇ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਦੋਵਾਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ਼ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ।

Leave a Reply

Your email address will not be published.


*