ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਐਸ.ਐਸ.ਟੀਜ ਵੱਲੋਂ ਲਗਾਏ ਗਏ ਰਾਤ ਦੇ ਨਾਕਿਆਂ ਦੀ ਕੀਤੀ ਅਚਨਚੇਤ ਚੈਕਿੰਗ

ਲੁਧਿਆਣਾ,  (ਜਸਟਿਸ ਨਿਊਜ਼ ) – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਮੰਗਲਵਾਰ ਦੇਰ ਰਾਤ ਲੁਧਿਆਣਾ ਦੇ ਵੱਖ-ਵੱਖ ਖੇਤਰਾਂ ਵਿੱਚ ਸਟੈਟਿਕ ਸਰਵੇਲੈਂਸ ਟੀਮਾਂ (ਐਸ.ਐਸ.ਟੀ.) ਵੱਲੋਂ ਲਗਾਏ ਗਏ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ।

ਕੁੱਲ 126 ਸਟੈਟਿਕ ਸਰਵੀਲੈਂਸ ਟੀਮਾਂ (ਐਸ.ਐਸ.ਟੀ.) ਵੱਲੋਂ ਵਾਹਨਾਂ ਵਿੱਚ ਲਿਜਾਈ ਜਾ ਰਹੀ ਸ਼ਰਾਬ ਜਾਂ ਨਕਦੀ ਸਮੇਤ ਇਤਰਾਜ਼ਯੋਗ ਸਮੱਗਰੀ ‘ਤੇ ਨਜ਼ਰ ਰੱਖਣ ਲਈ ਜ਼ਿਲ੍ਹੇ ਦੇ ਚੌਰਾਹਿਆਂ, ਮੁੱਖ ਸੜਕਾਂ ਅਤੇ ਬਾਜ਼ਾਰਾਂ ਵਿੱਚ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਨ੍ਹਾਂ ਟੀਮਾਂ ਵੱਲੋਂ ਕਿਸੇ ਵੀ ਸ਼ੱਕੀ ਗਤੀਵਿਧੀ ‘ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਨਾਕੇ ਲਗਾਏ ਗਏ ਸਨ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਲੁਧਿਆਣਾ ਦੇ ਹਰੇਕ ਵਿਧਾਨ ਸਭਾ ਹਲਕੇ ਲਈ 9 ਸਟੈਟਿਕ ਸਰਵੇਲੈਂਸ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ ਅਤੇ ਇਹ ਟੀਮਾਂ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਵਿੱਚ ਭਾਰਤੀ ਚੋਣ ਕਮਿਸ਼ਨ ਦੀ ਸਹਾਇਤਾ ਲਈ ਜ਼ਿੰਮੇਵਾਰ ਹਨ ਅਤੇ ਇਹ ਚੋਣਾਂ ਦੇ ਮੁਕੰਮਲ ਹੋਣ ਤੱਕ ਕਾਰਜਸ਼ੀਲ ਰਹਿਣਗੀਆਂ। ਉਨ੍ਹਾਂ ਕਿਹਾ ਕਿ ਸਾਰੇ ਛੋਟੇ-ਵੱਡੇ ਵਾਹਨਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਜੇਕਰ ਕੁਝ ਵੀ ਸ਼ੱਕੀ ਪਾਇਆ ਜਾਂਦਾ ਹੈ ਤਾਂ ਜ਼ਬਤ ਕਰਨ ਦੀ ਕਾਰਵਾਈ ਕੀਤੀ ਜਾਵੇ ਅਤੇ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਦੀ ਅਗਵਾਈ ਕਾਰਜਕਾਰੀ ਮੈਜਿਸਟ੍ਰੇਟ ਪਾਵਰ ਵਾਲੇ ਅਧਿਕਾਰੀਆਂ ਦੁਆਰਾ ਕੀਤੀ ਜਾਂਦੀ ਹੈ ਅਤੇ ਰੋਜ਼ਾਨਾ ਆਧਾਰ ‘ਤੇ ਆਪਣੀਆਂ ਗਤੀਵਿਧੀਆਂ ਨੂੰ ਰਿਕਾਰਡ ਕਰਨ ਲਈ ਪੁਲਿਸ ਅਧਿਕਾਰੀ ਅਤੇ ਵੀਡੀਓਗ੍ਰਾਫਰ ਸ਼ਾਮਲ ਹੁੰਦੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਟੀਮਾਂ ਨੂੰ ਇਹ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ ਕਿ ਪ੍ਰਚਾਰ ਖਰਚ ਸੀਮਾ ਦੇ ਅੰਦਰ ਹੋਵੇ, ਜਿਸ ਵਿੱਚ 10,000 ਰੁਪਏ ਤੋਂ ਵੱਧ ਦੀ ਚੋਣ ਪ੍ਰਚਾਰ ਸਮੱਗਰੀ ਅਤੇ 50,000 ਰੁਪਏ ਤੋਂ ਵੱਧ ਦੀ ਨਕਦੀ ਵਾਲਾ ਕੋਈ ਵੀ ਵਾਹਨ ਸ਼ਾਮਲ ਹੈ। ਟੀਮਾਂ ਵੱਲੋਂ ਵੋਟਰਾਂ ਨੂੰ ਰਿਸ਼ਵਤ ਲਈ ਵਰਤੇ ਜਾਣ ਵਾਲੇ ਸਮਾਨ ਜਿਵੇਂ ਕਿ ਗੈਰ-ਕਾਨੂੰਨੀ ਸ਼ਰਾਬ, ਹਥਿਆਰ ਅਤੇ ਹੋਰ ਸ਼ੱਕੀ ਗਤੀਵਿਧੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਸੀ। ਉਨ੍ਹਾਂ ਇਹ ਵੀ ਕਿਹਾ ਕਿ 10 ਲੱਖ ਰੁਪਏ ਤੋਂ ਵੱਧ ਦੀ ਨਕਦੀ ਦੀ ਸੂਚਨਾ ਤੁਰੰਤ ਇਨਕਮ ਟੈਕਸ ਵਿਭਾਗ ਨੂੰ ਦਿੱਤੀ ਜਾਵੇ, ਨਸ਼ਿਆਂ ਦੀ ਸੂਚਨਾ ਨਾਰਕੋਟਿਕਸ ਬਿਊਰੋ ਨੂੰ ਦਿੱਤੀ ਜਾਵੇ, ਆਬਕਾਰੀ ਅਧਿਕਾਰੀਆਂ ਨੂੰ ਸ਼ਰਾਬ ਅਤੇ ਵਸਤਾਂ ‘ਤੇ ਜੀ.ਐਸ.ਟੀ. ਬਾਰੇ ਜਾਣੂ ਕਰਵਾਇਆ ਜਾਵੇ।

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਐਸ.ਐਸ.ਟੀਜ਼ ਦੇ ਮੈਂਬਰਾਂ ਨੂੰ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

Leave a Reply

Your email address will not be published.


*