August 17, 2026

Justice News

ਅਵਾਮ ਦੀ ਆਵਾਜ਼

ਖਿਡਾਰੀਆਂ ਵਿੱਚ ਨਵਾਂ ਜ਼ੋਸ਼ ਭਰਨ ਵਿੱਚ ਸਫ਼ਲ ਰਹੀ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ

ਮੋਗਾ (ਮਨਪ੍ਰੀਤ ਸਿੰਘ )
ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-3 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਇਹ ਮਸ਼ਾਲ ਕੱਲ੍ਹ ਸਵੇਰੇ ਜ਼ਿਲ੍ਹਾ ਮੋਗਾ ਵਿੱਚ ਪ੍ਰਵੇਸ਼ ਕੀਤੀ ਸੀ। ਜਿਸ ਦਾ ਅਜੀਤਵਾਲ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ ਸੀ।ਅੱਜ ਇਹ ਮਿਸ਼ਾਲ ਯਾਤਰਾ ਸਵੇਰੇ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਹੋ ਗਈ। ਇਹ ਮਿਸ਼ਾਲ ਯਾਤਰਾ ਜ਼ਿਲ੍ਹਾ ਮੋਗਾ ਦੇ ਖਿਡਾਰੀਆਂ ਦੇ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਵਿੱਚ ਭਾਗ ਲੈਣ ਲਈ ਨਵਾਂ ਜ਼ੋਸ਼ ਭਰਨ ਵਿੱਚ ਸਫ਼ਲ ਰਹੀ।

ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਨਵਦੀਪ ਜਿੰਦਲ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਪੂਰੇ ਪੰਜਾਬ ਵਿੱਚ ਹਰ ਜ਼ਿਲਾ ਹੈਡਕੁਆਟਰ ਵਿੱਚ ਲਿਜਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਲੁਧਿਆਣਾ ਤੋਂ ਹੋਈ ਸੀ।
ਉਹਨਾਂ ਕਿਹਾ ਕਿ ਖੇਡਾਂ ਤਹਿਤ ਬਲਾਕ ਪੱਧਰੀ ਖੇਡਾਂ 1 ਸਤੰਬਰ ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਖੇਡਾਂ 15 ਤੋਂ 22 ਸਤੰਬਰ ਤੱਕ ਅਤੇ ਰਾਜ ਪੱਧਰੀ ਖੇਡਾਂ ਤਿੰਨ ਗੇੜਾਂ ਵਿੱਚ ਆਯੋਜਿਤ ਹੋਣਗੀਆਂ। ਜਿੰਨਾ ਦੀ ਤਰੀਕ ਬਾਅਦ ਵਿੱਚ ਘੋਸ਼ਿਤ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਮੋਗਾ ਵਿਖੇ 2 ਸਤੰਬਰ ਤੋਂ ਫੁੱਟਬਾਲ, ਐਥਲੈਟਿਕ, ਖੋਹ ਖੋਹ, ਵਾਲੀਬਾਲ, ਸ਼ੂਟਿੰਗ, ਸਮੈਸ਼ਿੰਗ ਅਤੇ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਸੰਗਰੂਰ ਵਿਖੇ 28 ਅਗਸਤ ਨੂੰ ਪਹੁੰਚੇਗੀ ਜਿੱਥੇ ਖੇਡਾਂ ਦੇ ਤੀਜੇ ਸੀਜ਼ਨ ਦਾ ਉਦਘਾਟਨ ਹੋਵੇਗਾ। ਹਰ ਜ਼ਿਲਾ ਹੈਡਕੁਆਟਰ ਉਤੇ ਮਸ਼ਾਲ ਮਾਰਚ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ।

ਉਹਨਾਂ ਨੇ ਜ਼ਿਲ੍ਹਾ ਮੋਗਾ ਦੇ ਖਿਡਾਰੀਆਂ ਨੂੰ ਇਹਨਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹਨਾਂ ਖੇਡਾਂ ਦੇ ਸੁਚਾਰੂ ਪ੍ਰਬੰਧਾਂ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਉਮੀਦ ਜਤਾਈ ਕਿ ਜ਼ਿਲ੍ਹਾ ਮੋਗਾ ਦੇ ਖਿਡਾਰੀ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਹਨਾਂ ਖੇਡਾਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਨਗੇ ਅਤੇ ਜ਼ਿਲ੍ਹਾ ਮੋਗਾ ਦਾ ਨਾਮ ਰੌਸ਼ਨ ਕਰਨਗੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.