ਖੇਤੀਬਾੜੀ ਵਿਭਾਗ, ਮੋਗਾ ਵੱਲੋਂ 40 ਰੋਜ਼ਾ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਮੋਗਾ ///////
ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਮੰਤਵ ਲਈ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਉਪਰੰਤ ਫ਼ਸਲੀ ਰਹਿੰਦ ਖੂੰਹਦ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦੀਆਂ ਦੋ ਮੋਬਾਈਲ ਵੈਨਾਂ ਅੱਜ ਤੋਂ 40 ਦਿਨ ਲਗਾਤਾਰ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਜਾਣਗੀਆਂ ਅਤੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਨਗੀਆਂ।

ਇਨ੍ਹਾਂ ਵੈਨਾਂ ਨੂੰ ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਮਿੰਨੀ ਸਕੱਤਰੇਤ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸ਼੍ਰੀ ਬਾਲ ਮੁਕੰਦ ਸ਼ਰਮਾ, ਚੇਅਰਮੈਨ ਪੰਜਾਬ ਰਾਜ ਫੂਡ ਕਮਿਸ਼ਨ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ। ਇਸ ਤੋਂ ਇਲਾਵਾ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਜਸਵਿੰਦਰ ਸਿੰਘ ਬਰਾੜ ਅਤੇ ਖੇਤੀ ਵਿਭਾਗ ਦਾ ਸਟਾਫ਼ ਵੀ ਹਾਜ਼ਰ ਸੀ।
ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਮੋਗਾ ਨੇ ਦੱਸਿਆ ਕਿ ਝੋਨੇ ਦੀ ਕਟਾਈ ਉਪਰੰਤ ਕੋਈ ਵੀ ਕਿਸਾਨ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਅਤੇ ਆਪਣੇ ਖੇਤਾਂ ਵਿੱਚ ਹੀ ਵਾਹ ਕੇ ਕੁਦਰਤ ਪ੍ਰੇਮੀ ਹੋਣ ਦਾ ਪ੍ਰਮਾਣ ਦੇਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਕਿਸਾਨਾਂ ਨੂੰ 7100 ਤੋਂ ਵਧੇਰੇ ਖੇਤੀ ਮਸ਼ੀਨਰੀ ਮੁਹਈਆ ਕਰਵਾਈ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਜੇਕਰ ਕਿਸੇ ਕਿਸਾਨ ਨੇ ਪਰਾਲੀ ਸਾਂਭ ਸੰਭਾਲ ਲਈ ਖੇਤੀ ਮਸ਼ੀਨਰੀ ਕਿਰਾਏ ਤੇ ਲੈਣੀ ਹੈ ਤਾਂ ਉਹ ਆਈ ਖੇਤ ਐਪ ਡਾਊਨਲੋਡ ਕਰਕੇ ਮਸ਼ੀਨਾਂ ਦੀ ਉਪਲੱਬਧਤਾ ਸਬੰਧੀ ਜਾਣਕਾਰੀ ਹਾਸਲ ਕਰ ਸਕਦਾ ਹੈ।

ਇਸ ਮੌਕੇ ਮੌਜੂਦ ਡਾ. ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਛੋਟੇ ਤੱਤ ਅੱਗ ਨਾਲ ਸੜ ਕੇ ਰਾਖ ਹੋ ਜਾਂਦੇ ਹਨ। ਕਈ ਸੜਕੀ ਦੁਰਘਟਨਾਵਾਂ ਕਰਕੇ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਖੇਤੀਬਾੜੀ ਵਿਭਾਗ ਜ਼ਿਲ੍ਹਾ ਮੋਗਾ ਪਹਿਲਾਂ ਹੀ ਇਸ ਸਬੰਧੀ ਕਿਸਾਨਾਂ ਨੂੰ ਕੈਂਪਾਂ ਰਾਹੀਂ ਅਤੇ ਨਿੱਜੀ ਤਾਲਮੇਲ ਰਾਹੀਂ ਪ੍ਰੇਰਿਤ ਕਰ ਰਿਹਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਫ਼ਸਲੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਵਾਹੇ ਅਤੇ ਅੱਗ ਨਾ ਲਗਾਵੇ। ਜੇਕਰ ਕਿਸਾਨ ਪਰਾਲੀ ਨੁੰ ਆਪਣੇ ਖੇਤਾਂ ਵਿੱਚ ਵਾਹੁੰਦਾ ਹੈ ਤਾਂ ਉਹ ਕਈ ਅਣਮੁੱਲੇ ਤੱਤਾਂ ਅਤੇ ਜੈਵਿਕ ਮਾਦੇ ਨੂੰ ਆਪਣੇ ਖੇਤਾਂ ਵਿੱਚ ਸੰਭਾਲ ਕੇ ਰੱਖਦਾ ਹੈ, ਜਿਸ ਨਾਲ ਫ਼ਸਲ ਦੇ ਝਾੜ ਵਿੱਚ ਵਾਧਾ ਹੋਣ ਨਾਲ ਰਸਾਇਣਿਕ ਖਾਦਾਂ ਦੇ ਖਰਚੇ ਵਿੱਚ ਵੀ ਬੱਚਤ ਹੁੰਦੀ ਹੈ।

Leave a Reply

Your email address will not be published.


*