ਮੋਗਾ ///////
ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਕੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ-2024 ਵਿੱਚ ਖਿਡਾਰੀ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ 5 ਸਤੰਬਰ, 2024 ਤੋਂ ਸ਼ੁਰੂ ਹੋਈ ਸੀ ਅਤੇ ਇਹ 11 ਸਤੰਬਰ ਤੱਕ ਚੱਲੇ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਮੋਗਾ ਸ਼੍ਰੀ ਸ਼ਾਸਵੰਤ ਰਾਜਦਾਨ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਦੀਆਂ ਵੱਖ ਵੱਖ ਖੇਡਾਂ ਵਿੱਚ ਕੁੱਲ 5173 ਖਿਡਾਰੀਆਂ ਨੇ ਭਾਗ ਲਿਆ, ਇਹਨਾਂ ਵਿੱਚੋਂ 1500 ਦੇ ਕਰੀਬ ਖਿਡਾਰੀ ਹੁਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ। ਇਹਨਾਂ ਖੇਡਾਂ ਵਿੱਚ ਵਿੱਚ ਫੁੱਟਬਾਲ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਈਲ, ਖੋ-ਖੋ, ਐਥਲੈਟਿਕਸ, ਵਾਲੀਬਾਲ ਸਮੈਸ਼ਿੰਗ ਤੇ ਸ਼ੂਟਿੰਗ ਸ਼ਾਮਿਲ ਹਨ। ਇਸ ਤੋਂ ਇਲਾਵਾ ਜਿਹੜੀਆਂ ਖੇਡਾਂ ਸਿੱਧੀਆਂ ਜ਼ਿਲ੍ਹਾ ਪੱਧਰੀ ਆਯੋਜਿਤ ਹੋਣਗੀਆਂ ਉਹਨਾਂ ਮੁਕਾਬਲਿਆਂ ਵਿੱਚ 7500 ਦੇ ਕਰੀਬ ਖਿਡਾਰੀ ਹਿੱਸਾ ਲੈਣਗੇ ਭਾਵ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਕੁੱਲ 10 ਹਜ਼ਾਰ ਦੇ ਕਰੀਬ ਖਿਡਾਰੀ ਹਿੱਸਾ ਲੈਣਗੇ। ਇਹ ਮੁਕਾਬਲੇ 20 ਤੋਂ 24 ਸਤੰਬਰ, 2024 ਤੱਕ ਕਰਵਾਏ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਸਖਤ ਹਦਾਇਤਾਂ ਦੀ ਪਾਲਣਾ ਕਰਦਿਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਮੁਕਾਬਲਿਆਂ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਕਿ ਕਿਸੇ ਵੀ ਖਿਡਾਰੀ ਨੂੰ ਇਹਨਾਂ ਖੇਡਾਂ ਵਿੱਚ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਦੱਸਿਆ ਕਿ ਇਹ ਪੰਜਾਬ ਸਰਕਾਰ ਇਹਨਾਂ ਖੇਡਾਂ ਵਿੱਚ ਜੇਤੂ ਹੋਏ ਖਿਡਾਰੀਆਂ ਨੂੰ ਵਾਜਿਬ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰੇਗੀ ਤਾਂ ਕਿ ਖਿਡਾਰੀਆਂ ਦੇ ਮਨੋਬਲ ਵਿੱਚ ਵਾਧਾ ਹੋ ਸਕੇ ਅਤੇ ਉਹ ਨਸ਼ਿਆਂ ਵਰਗੀ ਭੈੜੀ ਆਦਤ ਦਾ ਸ਼ਿਕਾਰ ਬਣਨ ਤੋਂ ਬਚੇ ਰਹਿਣ। ਉਹਨਾਂ ਦੱਸਿਆ ਕਿ ਜਿਵੇਂ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਉਸੇ ਤਰ੍ਹਾਂ ਹੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਉੱਚਿਤ ਸੁਵਿਧਾਵਾਂ ਦਿੱਤੀਆਂ ਜਾਣਗੀਆਂ।
Leave a Reply