ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ਰਾਘਵ ਅਰੋੜਾ) ਸੇਵਾ ਕੇਂਦਰਾਂ ਦੀ ਪੇਡੈਂਸੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਸਖ਼ਤ ਸ਼ਬਦਾ ਵਿੱਚ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਸੇਵਾ ਕੇਂਦਰ ਵਿੱਚ ਲੰਬਿਤ ਪਏ ਕੇਸਾਂ ਨੂੰ ਤੁਰੰਤ ਹੱਲ ਕਰਕੇ ਮੇਰੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਪਈ ਪੇਡੈਂਸੀ ਨੂੰ ਕਿਸੇ ਵੀ ਤਰ੍ਹਾਂ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ ਕਿਉਂਕਿ ਸਿਟੀਜਨ ਵੱਲੋਂ ਸਰਕਾਰੀ ਸੇਵਾਵਾਂ ਲੈਣ ਲਈ ਸੇਵਾ ਕੇਂਦਰਾਂ ਵਿੱਚ ਹੀ ਪਹੁੰਚ ਕਰਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੇਵਾ ਕੇਂਦਰਾਂ ਵਿੱਚ ਆਮ ਵਿਅਕਤੀ ਨੂੰ ਖੱਜਲ ਖੁਆਰ ਹੋਣਾ ਪਵੇ ਤਾਂ ਬਹੁਤ ਮਾੜੀ ਗੱਲ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰ ਵਿੱਚ ਅਪਲਾਈ ਕਰਨ ਵਾਲੇ ਲੋਕਾਂ ਦੇ ਕੰਮ ਨੂੰ ਪਹਿਲ ਦੇ ਅਧਾਰ ਤੇ ਕਰਨਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰਤ ਰਿਪੋਰਟ ਪੇਸ਼ ਕਰਨ ਅਤੇ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਆਪਣੇ ਅਧੀਨ ਪੈਂਦੇ ਸਬੰਧਤ ਥਾਣਿਆਂ ਦੇ ਮੁੱਖੀਆਂ ਨਾਲ ਸੰਪਰਕ ਰੱਖਣ ਅਤੇ ਜਿੱਥੇ ਕਿਤੇ ਵੀ ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਤੁਰੰਤ ਉਸ ਤੇ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਐਸ.ਡੀ.ਐਮ ਅੰਮ੍ਰਿਤਸਰ-1 ਅਤੇ ਅੰਮ੍ਰਿਤਸਰ-2 ਕ੍ਰਮਵਾਰ ਮਨਕੰਵਲ ਸਿੰਘ ਚਾਹਲ ਤੇ ਲਾਲ ਵਿਸ਼ਵਾਸ਼, ਐਸ.ਡੀ.ਐਮ ਅਜਨਾਲਾ ਅਰਵਿੰਦਰਪਾਲ ਸਿੰਘ, ਐਸ.ਡੀ.ਐਮ ਬਾਬਾ ਬਕਾਲਾ ਰਵਿੰਦਰ ਸਿੰਘ ਅਰੋੜਾ, ਐਸ.ਡੀ.ਐਮ ਲੋਪੋਕੇ ਮੈਡਮ ਅਮਨਦੀਪ ਕੌਰ ਘੁੰਮਣ, ਐਸ.ਡੀ.ਐਮ ਮਜੀਠਾ ਮੈਡਮ ਸੋਨਮ ਕੁਮਾਰੀ, ਸਿਵਲ ਸਰਜਨ ਡਾ. ਕਿਰਨਦੀਪ ਕੌਰ, ਜ਼ਿਲ੍ਹਾ ਮਾਲ ਅਫ਼ਸਰ ਨਵਕੀਰਤ ਸਿੰਘ ਰੰਧਾਵਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
Leave a Reply