ਬਰਨਾਲਾ ( ਪੱਤਰਕਾਰ) ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਹੋਈ। ਇਸ ਵਿੱਚ 14 ਜ਼ਿਲਿਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰਾਂ ਨੇ ਹਿੱਸਾ ਲਿਆਂ
ਇਸ ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਰਿਲੀਜ਼ ਕਰਦਿਆਂ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਦੱਸਿਆ ਕਿ ਮਾਨਸਾ ਜਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਬੁੱਧਰਾਮ ਦੀ ਸ਼ਹਿ ਤੇ ਭੂ-ਮਾਫੀਆ ਹੜੱਪ ਕਰ ਜਾਣੀ ਚਾਹੁੰਦਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਪਿਛਲੇ ਡੇਢ ਸਾਲ ਤੋਂ ਜਮਹੂਰੀ ਢੰਗ ਨਾਲ ਜਥੇਬੰਦਕ ਸੰਘਰਸ਼ ਲੜ ਰਹੀ ਹੈ।
ਪੰਜਾਬ ਸਰਕਾਰ ਦੇ ਅਨੇਕਾਂ ਹੀ ਮੰਤਰੀਆਂ, ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਗੱਲਬਾਤ ਰਾਹੀਂ ਮੰਨਿਆ ਹੈ ਕਿ ਕੁੱਲਰੀਆਂ ਦੇ ਕਿਸਾਨਾਂ ਦਾ ਜ਼ਮੀਨ ਤੇ ਮਾਲਕੀ ਹੱਕ ਹੈ ਪ੍ਰੰਤੂ ਭੂ-ਮਾਫੀਆ ਇਸ ਮਾਲਕੀ ਹੱਕ ਨੂੰ ਖੋਹਣ ਤੇ ਉਤਾਰੂ ਹੈ ਅਤੇ ਪੰਜਾਬ ਸਰਕਾਰ ਕੋਈ ਇਨਸਾਫ਼ ਨਹੀਂ ਦੇ ਰਹੀ।
ਮਾਨਸਾ ਦਾ ਜ਼ਿਲਾ ਪ੍ਰਸ਼ਾਸਨ ਜਥੇਬੰਦੀ ਤੋਂ ਵਾਰ-ਵਾਰ ਸਮਾਂ ਲੈ ਰਿਹਾ ਹੈ ਪਰ ਹਰ ਵਾਰ ਆਪਣੇ ਵਾਅਦੇ ਪੂਰੇ ਕਰਨ ਤੋਂ ਮੁੱਕਰ ਜਾਂਦਾ ਹੈ। ਇਸ ਲਈ ਸੂਬਾ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਬਰਨਾਲਾ ਵਿਖੇ 3 ਨਵੰਬਰ ਨੂੰ ਅਤੇ ਗਿੱਦੜਬਾਹਾ ਵਿਖੇ 4 ਨਵੰਬਰ ਨੂੰ ਵੱਡੀਆਂ ਰੈਲੀਆਂ ਕਰਕੇ ਆਮ ਆਦਮੀ ਪਾਰਟੀ ਦੇ ਵਿਰੋਧ ਦਾ ਸੱਦਾ ਦਿੱਤਾ ਜਾਵੇਗਾ। ਉਸ ਤੋਂ ਬਾਅਦ ਜਥੇਬੰਦੀ ਇਨ੍ਹਾਂ ਦੋਵਾਂ ਹਲਕਿਆਂ ਦੇ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦੀ ਕਿਸਾਨ ਵਿਰੋਧੀ ਨੀਤੀ ਦਾ ਪਰਦਾਫਾਸ਼ ਕਰੇਗੀ।
ਆਗੂਆਂ ਨੇ ਦੁਹਰਾਇਆ ਕਿ ਜਥੇਬੰਦੀ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਬਚਾਉਣ ਲਈ ਕੋਈ ਵੀ ਕੁਰਬਾਨੀ ਕਰਨ ਤੋਂ ਨਹੀਂ ਝਿਜਕੇਗੀ। ਆਗੂਆਂ ਨੇ ਕਿਹਾ ਕਿ 9 ਨਵੰਬਰ ਨੂੰ ਜਲੰਧਰ ਵਿਖੇ ਗਦਰੀ ਬਾਬਿਆਂ ਦੇ ਮੇਲੇ ਵਿੱਚ ਜਥੇਬੰਦੀ ਵੱਲੋਂ ਬੱਝਵੀਂ ਸ਼ਮੂਲੀਅਤ ਕੀਤੀ ਜਾਵੇਗੀ। ਸੰਯੁਕਤ ਕਿਸਾਨ ਮੋਰਚੇ ਦੇ ਸਾਰੇ ਪ੍ਰੋਗਰਾਮਾਂ ਦਾ ਰਿਵਿਊ ਕੀਤਾ ਗਿਆ ਅਤੇ ਮੀਟਿੰਗ ਨੇ ਜਥੇਬੰਦੀ ਦੀ ਸਾਂਝੇ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਤੇ ਤਸੱਲੀ ਪ੍ਰਗਟ ਕੀਤੀ।
ਮੀਟਿੰਗ ਦੇ ਵਿੱਚ ਝੋਨੇ ਦੀ ਖਰੀਦ ਦੇ ਢਿੱਲੇ ਪ੍ਰਬੰਧਾਂ ਅਤੇ ਡੀਏਪੀ ਦੀ ਘਾਟ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਸਖ਼ਤ ਅਲੋਚਨਾ ਕੀਤੀ ਗਈ ਅਤੇ ਨੋਟ ਕੀਤਾ ਗਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ, ਸੰਸਾਰ ਵਪਾਰ ਸੰਸਥਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੀ ਪੰਜਾਬ ਦੇ ਖੇਤੀ ਖੇਤਰ ਨੂੰ ਬਰਬਾਦ ਕਰਨਾ ਚਾਹੁੰਦੀਆਂ ਹਨ, ਇਸ ਲਈ ਜਾਣਬੁੱਝ ਕੇ ਝੋਨੇ ਨੂੰ ਰੋਲਿਆ ਜਾ ਰਿਹਾ ਹੈ। ਮੀਟਿੰਗ ਨੇ ਚੇਤਾਵਨੀ ਦਿੱਤੀ ਕਿ ਉਹ ਕਾਰਪੋਰੇਟਾਂ ਦੀਆਂ ਇਨ੍ਹਾਂ ਸਾਜਿਸ਼ਾਂ ਦਾ ਡਟਵਾਂ ਵਿਰੋਧ ਕਰਨਗੇ ਅਤੇ ਕਿਸੇ ਵੀ ਹਾਲਤ ਵਿੱਚ ਸਫ਼ਲ ਨਹੀਂ ਹੋਣ ਦੇਣਗੇ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀ ਬਾਘਾ, ਔਰਤ ਵਿੰਗ ਦੀ ਕਨਵੀਨਰ ਬੀਬੀ ਅੰਮ੍ਰਿਤ ਪਾਲ ਕੌਰ ਤੋਂ ਇਲਾਵਾ ਇਲਾਵਾ ਮਾਨਸਾ ਜ਼ਿਲੇ ਦੇ ਪ੍ਰਧਾਨ ਲਖਵੀਰ ਸਿੰਘ ਅਕਲੀਆ, ਬਠਿੰਡਾ ਜ਼ਿਲੇ ਦੇ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਸੰਗਰੂਰ ਜ਼ਿਲੇ ਦੇ ਜਨਰਲ ਸਕੱਤਰ ਜਗਤਾਰ ਸਿੰਘ ਦੁੱਗਾਂ, ਲੁਧਿਆਣਾ ਜ਼ਿਲ੍ਹੇ ਦੇ ਜਗਤਾਰ ਸਿੰਘ ਦੇਹੜਕਾ, ਫਿਰੋਜ਼ਪੁਰ ਤੋਂ ਜਗੀਰ ਸਿੰਘ ਖਹਿਰਾ, ਬਰਨਾਲਾ ਤੋਂ ਕੁਲਵੰਤ ਸਿੰਘ ਮਾਨ, ਮੁਕਤਸਰ ਸਾਹਿਬ ਤੋਂ ਪਰਮਿੰਦਰ ਸਿੰਘ, ਮੋਗਾ ਤੋਂ ਸੁਖਚੈਨ ਸਿੰਘ ਰਾਜੂ, ਸਾਹਿਬ ਸਿੰਘ ਬਡਬਰ, ਗੁਲਜ਼ਾਰ ਸਿੰਘ ਕਬਰ ਵੱਛਾ, ਤਰਸੇਮ ਸਿੰਘ ਬੱਸੂਵਾਲ, ਕਰਮਜੀਤ ਸਿੰਘ ਰਾਮ ਨਗਰ ਛੰਨਾਂ, ਗੁਰਨਾਮ ਸਿੰਘ ਮਹਿਰਾਜ, ਦੇਵੀ ਰਾਮ ਰੰਘੜਿਆਲ, ਸਾਹਿਬ ਸਿੰਘ ਬਡਬਰ, ਸੁਖਦੇਵ ਸਿੰਘ ਘਰਾਚੋਂ, ਗੁਰਦੇਵ ਸਿੰਘ ਮਾਂਗੇਵਾਲ ਅਤੇ ਸਤਨਾਮ ਬਰਨਾਲਾ ਵੀ ਹਾਜ਼ਰ ਸਨ।
Leave a Reply