ਧਰਮਕੋਟ ( ਗੁਰਜੀਤ ਸੰਧੂ )
ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਧਰਮਕੋਟ, ਪਿੰਡ ਭੋਡੀਵਾਲਾ ਅਤੇ ਹੋਰ ਦਾਣਾ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਅਜੇ ਗਾਂਧੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਵਿਧਾਇਕ ਲਾਡੀ ਢੋਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਦੇ ਚੱਲਦਿਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਕੀਤੀ ਫ਼ਸਲ ਦੀ ਚੁਕਾਈ ਵੀ ਤੇਜ਼ੀ ਨਾਲ ਕਰਵਾਈ ਜਾ ਰਹੀ ਹੈ। ਉਹਨਾਂ ਨੇ ਦੱਸਿਆ ਕਿ ਪਿਛਲੇ ਦਿਨੀ ਲਿਫਟਿੰਗ ਦੀ ਕੁੱਝ ਸਮੱਸਿਆ ਆਈ ਸੀ ਜਿਸ ਨੂੰ ਪੰਜਾਬ ਸਰਕਾਰ ਵੱਲੋਂ ਹੱਲ ਕੀਤਾ ਗਿਆ ਹੈ ਤੇ ਕਿਸਾਨਾਂ ਦੀ ਖਰੀਦ ਕੀਤੀ ਜਿਣਸ ਦੀ ਲਿਫਟਿੰਗ ਹੁਣ ਤੇਜ਼ੀ ਨਾਲ ਸ਼ੁਰੂ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ੈਲਰਾਂ ਨਾਲ ਵੀ ਸਮਝੌਤੇ ਸਹੀ ਬੱਧ ਹੋ ਚੁੱਕੇ ਹਨ ਤੇ ਟਰਾਂਸਪੋਰਟ ਦੀ ਵੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿੱਚ ਤਾਇਨਾਤ ਹੈ ਤੇ ਆਉਂਦੇ ਦਿਨਾਂ ਅੰਦਰ ਮੰਡੀਆਂ ਵਿੱਚੋਂ ਝੋਨੇ ਦੀ ਪੂਰੀ ਲਿਫ਼ਟਿੰਗ ਕਰ ਲਈ ਜਾਵੇਗੀ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਸਮੂਹ ਖਰੀਦ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਅਤੇ ਲਿਫਟਿੰਗ ਦੇ ਅੰਕੜੇ ਰੋਜ਼ਾਨਾ ਆਨਲਾਈਨ ਅਤੇ ਆਫਲਾਈਨ ਅਪਡੇਟ ਕਰਨ ਤਾਂ ਜੋ ਹਰੇਕ ਮੰਡੀ ਉੱਤੇ ਤਿੱਖੀ ਨਜ਼ਰ ਰੱਖੀ ਜਾ ਸਕੇ। ਉਹਨਾਂ ਨੇ ਆੜ੍ਹਤੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਪ੍ਰੇਰਿਤ ਕਰਨ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ। ਉਹਨਾਂ ਮਿੱਲਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ੈਲਰਾਂ ਵਿੱਚ ਅਨਲੋਡਿੰਗ ਦੇ ਪੂਰੇ ਪ੍ਰਬੰਧ ਕਰਕੇ ਰੱਖਣ ਤਾਂ ਜੋ ਮੰਡੀਆਂ ਵਿੱਚੋਂ ਵੀ ਚੁਕਾਈ ਤੇਜ਼ੀ ਨਾਲ ਜਾਰੀ ਰਹੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਫ਼ਸਲ ਹੀ ਲਿਆਉਣ ਅਤੇ ਪਰਾਲੀ ਨੂੰ ਅੱਗ ਵੀ ਨਾ ਲਗਾਉਣ।
Leave a Reply