August 17, 2026

Justice News

ਅਵਾਮ ਦੀ ਆਵਾਜ਼

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਡੀ.ਸੀ ਨੇ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ 

 ਲੁਧਿਆਣਾ ( ਹਰਜਿੰਦਰ ਸਿੰਘ / ਵਿਜੈ ਭਾਂਬਰੀ) ਇਸ ਗੱਲ ਨੂੰ ਦੁਹਰਾਉਂਦੇ ਹੋਏ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ, ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸ਼ਨੀਵਾਰ ਨੂੰ ਕੋਹਾੜਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ।
 ਕੈਬਨਿਟ ਮੰਤਰੀ ਨੇ ਕਿਹਾ ਕਿ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ 18 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ, ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਅਨਾਜ ਦੀ ਖਰੀਦ ਲਈ ਵਚਨਬੱਧ ਹੈ ਕਿਉਂਕਿ ਇਹ ਕਿਸਾਨਾਂ ਦੀ ਛੇ ਮਹੀਨਿਆਂ ਦੀ ਮਿਹਨਤ ਦਾ ਫਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ ਅਤੇ ਨਿਰਵਿਘਨ ਲਿਫਟਿੰਗ ਦੇ ਸਾਰੇ ਪ੍ਰਬੰਧ ਕੀਤੇ ਹੋਏ ਹਨ।
 ਕੈਬਨਿਟ ਮੰਤਰੀ ਸ੍ਰੀ ਮੁੰਡੀਆਂ ਨੇ ਅੱਗੇ ਕਿਹਾ ਕਿ ਸਾਰੇ ਖਰੀਦ ਕੇਂਦਰਾਂ ‘ਤੇ ਲਿਫਟਿੰਗ ਅਤੇ ਅਦਾਇਗੀ ਦੇ ਉਚਿਤ ਪ੍ਰਬੰਧਾਂ ਤੋਂ ਇਲਾਵਾ ਬਾਰਦਾਨੇ ਦੀ ਕਾਫੀ ਉਪਲਬਧਤਾ ਹੈ, ਜਿੱਥੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਕੀਤੀ ਜਾ ਰਹੀ ਹੈ।
 ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਮੰਡੀਆਂ ਵਿੱਚ ਸਿਰਫ਼ ਸੁੱਕੀ ਫ਼ਸਲ ਹੀ ਲੈ ਕੇ ਆਉਣ ਤਾਂ ਜੋ ਸੌਖੀ ਅਤੇ ਮੁਸ਼ਕਲ ਰਹਿਤ ਖਰੀਦ ਕੀਤੀ ਜਾ ਸਕੇ।  ਉਨ੍ਹਾਂ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ।
 ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
 ਡੀ.ਸੀ ਨੇ ਅੱਗੇ ਦੱਸਿਆ ਕਿ ਹੁਣ ਤੱਕ 478716.1 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 434932.5 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।  ਪਿਛਲੇ 24 ਘੰਟਿਆਂ ਦੌਰਾਨ 25875 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 969.5 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
 ਸ੍ਰੀ ਜਤਿੰਦਰ ਜੋਰਵਾਲ ਨੇ ਅੱਗੇ ਦੱਸਿਆ ਕਿ ਸਾਰੇ ਅਧਿਕਾਰੀਆਂ ਨੂੰ ਫਸਲਾਂ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਤਾਂ ਜੋ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਢਿੱਲ-ਮੱਠ ਨਾਲ ਨਜਿੱਠਿਆ ਜਾ ਸਕੇ ।

Leave a Reply

Your email address will not be published. Required fields are marked *

Copyright © All rights reserved. | Newsphere by AF themes.