ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਨੂੰ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ ‘ਤੇ ਕਰਵਾਉਣ ਦਾ ਸੱਦਾ

ਦਿੜ੍ਹਬਾ (ਪੱਤਰਕਾਰ)  ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਲ ਹੀ ਵਿੱਚ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹੀਆਂ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਲ ਕਰ ਕੇ ਸਰਪੰਚ ਅਤੇ ਪੰਚ ਚੁਣੇ ਗਏ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ ‘ਤੇ ਕਰਵਾਉਣ ਦਾ ਸੱਦਾ ਦਿੱਤਾ ਹੈ। ਅੱਜ ਵਿਧਾਨ ਸਭਾ ਹਲਕਾ ਦਿੜਬਾ ਦੇ ਪਿੰਡਾਂ ਕੌਹਰੀਆਂ ਅਤੇ ਹਰੀਗੜ੍ਹ ਵਿਖੇ ਨਵੀਆਂ ਬਣੀਆਂ ਪੰਚਾਇਤਾਂ ਵੱਲੋਂ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੁੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਮੈਂਬਰਾਂ ਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਉਹਨਾਂ ਕਿਹਾ ਕਿ ਗੁਰੂ ਦਾ ਓਟ ਆਸਰਾ ਲੈ ਕੇ ਕੰਮ ਦੀ ਸ਼ੁਰੂਆਤ ਕਰਨ ਲਈ ਪਿੰਡ ਵਾਸੀ ਵਧਾਈ ਦੇ ਪਾਤਰ ਹਨ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਹਲਕਾ ਦਿੜ੍ਹਬਾ ਦੇ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਿੱਚ ਬਹੁ-ਗਿਣਤੀ ਵਿਕਾਸ ਕਰਵਾਏ ਗਏ ਹਨ।ਉਹਨਾਂ ਨੇ ਸਮੂਹ ਗ੍ਰਾਮ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਪੱਖਪਾਤ ਅਤੇ ਵੈਰ ਵਿਰੋਧ ਤੋਂ ਲੋਕ ਹਿਤ ਵਿੱਚ ਸਰਗਰਮ ਰਹਿੰਦੇ ਹੋਏ ਪਿੰਡਾਂ ਦੇ ਬਹੁਪੱਖੀ ਵਿਕਾਸ ਨੂੰ ਯਕੀਨੀ ਬਣਾਉਣ। ਕੈਬਨਿਟ ਮੰਤਰੀ ਨੇ ਨਵੇਂ ਬਣੇ ਸਰਪੰਚਾਂ ਅਤੇ ਪੰਚਾਂ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਗ੍ਰਾਮ ਪੰਚਾਇਤਾਂ ਵੱਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਕੈਬਨਿਟ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ ਵੀ ਮੌਜੂਦ ਸਨ।

Leave a Reply

Your email address will not be published.


*