ਸੰਗਰੂਰ/////// ਖੇਤੀਬਾੜੀ ਵਿਭਾਗ ਅਧੀਨ ਆਤਮਾ ਸਕੀਮ ਦੇ ਕਰਮਚਾਰੀਆਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਸਮੂਹ ਸਟਾਫ ਵੱਲੋਂ ਕਾਲੀ ਦਿਵਾਲੀ ਮਨਾਈ ਗਈ। ਆਤਮਾ ਯੂਨੀਅਨ ਦੇ ਪ੍ਰਧਾਨ ਸ੍ਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਜਿਲ੍ਹਾ ਪੱਧਰ ਤੇ 25 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਅਤੇ 29 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਮੰਗ ਪੱਤਰ ਦਿੱਤੇ ਗਏ ਸਨ।
ਜਿਸ ਵਿੱਚ ਸਟਾਫ ਨੂੰ ਤਨਖਾਹ ਦੀ ਅਦਾਇਗੀ ਨਾ ਹੋਣ ਕਾਰਣ ਰੋਸ਼ ਪ੍ਰਗਟ ਕੀਤਾ ਗਿਆ ਸੀ ਅਤੇ ਅਲਟੀਮੇਟਮ ਦਿੱਤਾ ਗਿਆ ਸੀ ਕਿ ਜੇਕਰ ਸਟਾਫ ਨੂੰ ਦੀਵਾਲੀ ਤੋਂ ਪਹਿਲਾਂ ਤਨਖਾਹ ਦੀ ਅਦਾਇਗੀ ਨਾ ਕੀਤੀ ਗਈ ਤਾਂ ਡਾਇਰੈਕਟਰ ਖੇਤੀਬਾੜੀ ਦੇ ਦਫਤਰ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਪਰੰਤੂ ਦਿਨ ਰਾਤ ਦੀਆਂ ਅਣਥੱਕ ਕੋਸ਼ਿਸ਼ਾਂ ਦੇ ਬਾਵਜੂਦ ਵੀ ਵਿਭਾਗ ਵੱਲੋਂ ਸਟਾਫ ਨੂੰ ਉਸ ਦੇ ਬਣਦੇ ਹੱਕਾਂ ਤੋਂ ਵਾਂਝੇ ਰੱਖਿਆ ਗਿਆ।
ਇਸ ਸੰਬੰਧੀ ਖੇਤੀਬਾੜੀ ਵਿਭਾਗ ਦੀ ਪੀ ਡੀ ਐਸ ਏ ਯੂਨੀਅਨ, ਖੇਤੀਬਾੜੀ ਵਿਸਥਾਰ ਅਫਸਰ ਯੂਨੀਅਨ, ਖੇਤੀਬਾੜੀ ਉਪ ਨਿਰੀਖਕ ਯੂਨੀਅਨ ਵੱਲੋਂ ਸਮਰਥਨ ਦਿੱਤਾ ਗਿਆ ਹੈ ਅਤੇ ਤਨਖਾਹ ਦੀ ਅਦਾਇਗੀ ਕਰਨ ਸੰਬੰਧੀ ਡਾਇਰੈਕਟਰ ਖੇਤੀਬਾੜੀ ਨੂੰ ਬੇਨਤੀ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜੇਕਰ ਆਉਣ ਵਾਲੇ ਇਕ ਦੋ ਦਿਨਾਂ ਵਿੱਚ ਸਟਾਫ ਦੀ ਤਨਖਾਹ ਦੀ ਅਦਾਇਗੀ ਨਾ ਕੀਤੀ ਗਈ ਤਾਂ ਇਸ ਪ੍ਰਦਰਸ਼ਨ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਇਸ ਲਈ ਸਿੱਧੇ ਤੌਰ ਤੇ ਵਿਭਾਗ ਦੀ ਜਿੰਮੇਵਾਰੀ ਹੋਵੇਗੀ।
Leave a Reply