ਲੁਧਿਆਣਾ ( ਗੁਰਵਿੰਦਰ ਸਿੱਧੂ ) – ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਨਿਰਦੇਸ਼ਕ ਭਾਸ਼ਾ ਵਿਭਾਗ, ਪੰਜਾਬ ਦੀ ਦੇਖ-ਰੇਖ ਵਿੱਚ ਵਿਦਿਆਰਥੀਆਂ ਦੇ ਰਾਜ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ।
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ, ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਬੈਂਸ ਦੀ ਅਗਵਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਸ਼ਾ ਵਿਭਾਗ ਦੁਆਰਾ ਨਵੰਬਰ ਮਹੀਨੇ ਨੂੰ ਪੰਜਾਬੀ ਮਾਹ ਵਜੋਂ ਮਨਾਇਆ ਜਾ ਰਿਹਾ ਹੈ ਜਿਸ ਅਧੀਨ ਪੰਜਾਬ ਭਰ ਵਿੱਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ਼ ਸੰਬੰਧਤ ਅਨੇਕ ਸਮਾਗਮ ਉਲੀਕੇ ਗਏ ਹਨ।
ਇਸੇ ਕੜੀ ਤਹਿਤ ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਨਿਰਦੇਸ਼ਕ ਭਾਸ਼ਾ ਵਿਭਾਗ, ਪੰਜਾਬ ਦੀ ਦੇਖ-ਰੇਖ ਵਿੱਚ ਵਿਦਿਆਰਥੀਆਂ ਦੇ ਰਾਜ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਕਾਲਜ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ।
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸ਼ਰਮਾ ਨੇ ਅੱਗੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੀਆਂ ਚਾਰ ਵੰਨਗੀਆਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਆਏ ਵਿਦਿਆਰਥੀਆਂ ਨੇ ਭਾਗ ਲਿਆ। ਇਹ ਉਹ ਵਿਦਿਆਰਥੀ ਸਨ ਜਿਨ੍ਹਾਂ ਨੇ ਪਹਿਲਾਂ ਜ਼ਿਲ੍ਹਾ ਪੱਧਰ ਉੱਤੇ ਹੋਏ ਮੁਕਾਬਲਿਆਂ ਵਿੱਚ ਆਪੋ-ਆਪਣੀ ਵੰਨਗੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ।
ਸਾਹਿਤ ਅਤੇ ਕਲਾ ਦੇ ਖੇਤਰ ਦੀਆਂ ਪ੍ਰਸਿੱਧ ਸਖ਼ਸ਼ੀਅਤਾਂ ਜਤਿੰਦਰ ਹਾਂਸ, ਤ੍ਰੈਲੋਚਨ ਲੋਚੀ, ਪ੍ਰੋ.ਸੁਰਿੰਦਰ ਖੰਨਾ, ਡਾ.ਚਰਨਜੀਤ ਸਿੰਘ, ਹਰਲੀਨ ਸੋਨਾ, ਡਾ. ਜਸਲੀਨ ਕੌਰ, ਪ੍ਰੋ. ਰਮਨ ਖੰਨਾ, ਇੰਦਰਪਾਲ ਸਿੰਘ, ਡਾ. ਸੀਮਾ ਰਾਣੀ ਅਤੇ ਅੰਕੁ਼ਸ਼ ਕੁਮਾਰ ਨੇ ਜੱਜਮੈਂਟ ਲਈ ਸੇਵਾਵਾਂ ਦਿੱਤੀਆਂ।
ਮੁਕਾਬਲਿਆਂ ਵਿੱਚ ਕਵਿਤਾ ਗਾਇਨ ਦੀ ਵੰਨਗੀ ਵਿੱਚ ਸੁਲਤਾਨਾ ਖ਼ਾਤੂਨ, ਨਾਮਿਆ ਅਰੋੜਾ ਅਤੇ ਨਿਹਾਰਿਕਾ ਨੇ, ਲੇਖ ਸਿਰਜਣਾ ਵਿੱਚ ਸਵੈਨ ਸਹੋਤਾ, ਦਿਲਪ੍ਰੀਤ ਕੌਰ ਅਤੇ ਗੁਰਸਿਮਰਨ ਕੌਰ ਨੇ, ਕਵਿਤਾ ਸਿਰਜਣਾ ਵਿੱਚ ਅੰਜਨਵੀਰ ਸਿੰਘ, ਤਫ਼ਾਕ ਅਤੇ ਨੰਦਨੀ ਸ਼ਰਮਾ ਨੇ, ਕਹਾਣੀ ਸਿਰਜਣਾ ਵਿੱਚ ਹਰਦੀਪ ਕੌਰ, ਸੁਨੈਨਾ ਅਤੇ ਹਰਮਨਜੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਨਕਦ ਇਨਾਮੀ ਰਾਸ਼ੀ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ।
ਮੰਚ ਸੰਚਾਲਨ ਦੀ ਭੂਮਿਕਾ ਰਵਨੀਤ ਕੌਰ ਨੇ ਬਾਖ਼ੂਬੀ ਨਿਭਾਈ। ਜਸਵੰਤ ਸਿੰਘ ਜ਼ਫ਼ਰ ਨੇ ਮੰਚ ਤੋਂ ਸੰਬੋਧਨ ਹੁੰਦਿਆਂ ਕਿਹਾ ਕਿ ਮੁਕਾਬਲੇ ਵਿੱਚ ਭਾਗ ਲੈਣ ਵਾਲਾ ਹਰ ਵਿਦਿਆਰਥੀਆਂ ਹੀ ਆਪਣੀ ਕਲਾ ਵਿੱਚ ਪਰਿਪੱਕ ਨਜ਼ਰ ਆਇਆ ਅਤੇ ਉਹ ਆਸ ਕਰਦੇ ਹਨ ਕਿ ਇਹ ਵਿਦਿਆਰਥੀ ਭਵਿੱਖ ਵਿੱਚ ਆਪੋ-ਆਪਣੇ ਖੇਤਰ ਵਿੱਚ ਵੱਡਾ ਮੁਕਾਮ ਹਾਸਿਲ ਕਰਨਗੇ। ਉਹਨਾਂ ਕਿਹਾ ਕਿ ਕਿਸੇ ਵੀ ਕਾਮਯਾਬੀ ਵਿੱਚ ਮਾਪਿਆਂ ਅਤੇ ਅਧਿਆਪਕ ਦੇ ਯੋਗਦਾਨ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਕਾਲਜ ਦੇ ਪੰਜਾਬੀ ਵਿਭਾਗ ਤੋਂ ਡਾ. ਸੁਮੀਤ ਬਰਾੜ, ਪ੍ਰੋ ਗੁਰਵਿੰਦਰ ਕੌਰ ਅਤੇ ਕਾਲਜ ਦੇ ਵਿਦਿਆਰਥੀ ਵੀ ਹਾਜ਼ਰ ਰਹੇ।
Leave a Reply