ਕਪੂਰਥਲਾ / ਚੰਡੀਗੜ੍ਹ ( ਬਿਊਰੋ )
ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਸ.ਲਾਲਜੀਤ ਸਿੰਘ ਭੁਲੱਰ ਨੇ ਕਿਹਾ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਖਤਕਨਾਕ ਕੈਦੀਆਂ ਨੂੰ ਅਲੱਗ ਜੇਲ੍ਹ ਵਿਚ ਰੱਖਣ ਲਈ 100 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗੋਰਸੀਆਂ ਕਾਦਰ ਬਖਸ਼ ਵਿਖੇ ਅਤਿ ਆਧੁਨਿਕ ਸੁਰੱਖਿਆ ਜੇਲ੍ਹ ਬਣਾਈ ਜਾ ਰਹੀ ਹੈ, ਜੋ ਅਗਲੇ ਸਾਲ ਤੱਕ ਮੁਕੰਮਲ ਹੋ ਜਾਵੇਗੀ।
ਅੱਜ ਇੱਥੇ ਇੰਨ-ਸਰਵਿਸ ਟ੍ਰੇਨਿੰਗ ਸੈਂਟਰ ਕਪੂਰਥਲਾ ਵਿਖੇ ਪੰਜਾਬ ਜੇਲ੍ਹ ਵਿਭਾਗ ਦੇ 173 ਵਾਰਡਨ ਅਤੇ 6 ਮੈਟਰਨ ਦੀ ਪਾਸਿੰਗ ਆਊਟ ਪਰੇਡ ਮੌਕੇ ਸੰਬੋਧਨ ਕਰਦਿਆਂ ਸ.ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜੇਲ੍ਹਾਂ ਦੀ ਸੁਰੱਖਿਆ ਦੇ ਨਾਲ-ਨਾਲ ਬੰਦੀਆਂ ਨੂੰ ਜੇਲ੍ਹਾਂ ਵਿਚ ਰੋਜ਼ਗਾਰ ਦੇ ਕੇ ਉਨ੍ਹਾਂ ਨੂੰ ਸਮਾਜ ਦੀ ਆਰਥਿਕ ਤਰੱਕੀ ਵਿਚ ਭਾਗੀਦਾਰ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 13 ਜੇਲ੍ਹਾਂ ਅੰਦਰ ਮੋਬਾਇਲ ਫੋਨਾਂ ਦੀ ਵਰਤੋਂ ਰੋਕਣ ਲਈ ਮੋਬਾਇਲ ਜੈਮਰ ਲਗਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਜੇਲ੍ਹ ਵਿਭਾਗ ਦੀ ਆਮਦਨ ਵਿਚ ਵਾਧਾ ਕਰਨ ਅਤੇ ਬੰਦੀਆਂ ਨੂੰ ਉਨ੍ਹਾਂ ਦੇ ਹੁਨਰ ਮੁਤਾਬਿਕ ਕੰਮ ਦੇਣ ਲਈ “ਪੰਜਾਬ ਪਰੀਜ਼ਨ ਡਵੈੱਲਪਮੈਂਟ ਬੋਰਡ “ ਅਧੀਨ 12 ਜੇਲ੍ਹਾਂ, ਜੋਕਿ ਮੁੱਖ ਸੜਕਾਂ ਉੱਪਰ ਹਨ, ਵਿਖੇ ਪੈਟਰੋਲ ਪੰਪ ਲਗਾਏ ਜਾਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ 6 ਜੇਲ੍ਹਾਂ ਵਿਚ ਪੈਟਰੋਲ ਪੰਪ ਚਾਲੂ ਹੋ ਚੁੱਕੇ ਹਨ, ਜਦਕਿ 2 ਜੇਲ੍ਹਾਂ ਵਿਚ ਜਲਦ ਪੈਟਰੋਲ ਪੰਪ ਚਾਲੂ ਕੀਤੇ ਜਾਣਗੇ।
ਪੰਜਾਬ ਸਰਕਾਰ ਵਲੋਂ ਪਾਰਦਰਸ਼ੀ ਭਰਤੀ ਨੂੰ ਤਰਜੀਹੀ ਖੇਤਰ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਲ੍ਹ ਵਿਭਾਗ ਵਿਚ 13 ਡੀ.ਐਸ.ਪੀ., 175 ਵਾਰਡਨ ਅਤੇ 4 ਮੈਟਰਨਾਂ ਦੀ ਹੋਰ ਭਰਤੀ ਜਲਦ ਕੀਤੀ ਜਾ ਰਹੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਕੈਦੀਆਂ ਦੇ ਸੁਧਾਰ ਲਈ ਜੇਲ੍ਹਾਂ ਵਿਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਬੰਦੀਆਂ ਨੂੰ ਨਵੇਂ ਕਿੱਤਾਮੁਖੀ ਕੋਰਸ ਕਰਵਾਉਣ ਅਤੇ ਖੇਡਾਂ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਜੇਲ੍ਹਾਂ ਵਿਚ ਬੇਕਰੀ ਉਤਪਾਦਾਂ ਲਈ ਕੈਦੀਆਂ ਨੂੰ ਵਿਸ਼ੇਸ਼ ਤੌਰ ’ਤੇ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਸਮਾਜ ਦੀ ਤਰੱਕੀ ਵਿਚ ਹਿੱਸੇਦਾਰ ਬਣ ਸਕਣ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵਲੋਂ ਪਰੇਡ ਦਾ ਨਿਰੀਖਣ ਵੀ ਕੀਤਾ ਗਿਆ। ਉਨ੍ਹਾਂ ਸਿਖਲਾਈ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕੈਡਿਟਾਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਵਧੀਕ ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ, ਆਈ.ਜੀ.ਸੁਖਮਿੰਦਰ ਸਿੰਘ ਮਾਨ, ਆਈ.ਜੀ. ਆਰ.ਕੇ. ਅਰੋੜਾ, ਕਮਾਂਡੈਂਟ ਪਰਮਿੰਦਰ ਸਿੰਘ ਭੰਡਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ , ਕੰਵਰਇਕਬਾਲ ਸਿੰਘ ਮੈਂਬਰ ਪੰਜਾਬ ਸਟੇਟ ਕਾਊਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਪਰਵਿੰਦਰ ਸਿੰਘ ਢੋਟ , ਚੇਅਰਮੈਨ ਮਾਰਕੀਟ ਕਮੇਟੀ ਜਗਜੀਤ ਸਿੰਘ ਬਿੱਟੂ ਤੇ ਪਾਸਿੰਗ ਆਊਟ ਹੋਣ ਵਾਲੇ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
Leave a Reply