ਮੋਗਾ ( ਗੁਰਜੀਤ ਸੰਧੂ ) – ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੱਤਵਪੂਰਨ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਉਹਨਾਂ ਦੇ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸਿਵਲ ਸਰਜਨ (ਕਾਰਜਕਾਰੀ) ਡਾ. ਰੀਤੂ ਜੈਨ ਨੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ, ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਮੀਟਿੰਗ ਦੇ ਅਜੰਡੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।
ਮੀਟਿੰਗ ਦੌਰਾਨ ਸਿਹਤ ਸੇਵਾਵਾਂ ਅਤੇ ਸਿਹਤ ਸਕੀਮਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ ਗਈ। ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੈਲਥ ਵੈਲਨੈਸ ਸੈਂਟਰ, ਆਮ ਆਦਮੀ ਕਲੀਨਿਕ, ਅਤੇ ਪੀਐਚਸੀ ਨੂੰ ਅਪਗਰੇਡ ਕਰਕੇ ਰੀਬ੍ਰੈਂਡ ਕਰਕੇ ਆਯੁਸ਼ਮਾਨ ਅਰੋਗਿਆ ਕੇਂਦਰ ਬਣਾਇਆ ਜਾਵੇਗਾ। ਇਨ੍ਹਾਂ ਕੇਂਦਰਾਂ ਵਿੱਚ ਸੰਚਾਰਿਤ ਅਤੇ ਗੈਰ ਸੰਚਾਰਿਤ ਬਿਮਾਰੀਆਂ (ਜਿਵੇਂ ਸ਼ੂਗਰ, ਬਲੱਡ ਪ੍ਰੈਸ਼ਰ, ਦਮਾ, ਚਮੜੀ ਅਤੇ ਦੰਦਾਂ ਦੇ ਰੋਗ) ਦੀ ਸਕਰੀਨਿੰਗ ਅਤੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਜ਼ਰੂਰਤ ਪੈਣ ‘ਤੇ ਮਰੀਜ਼ਾਂ ਨੂੰ ਉੱਚ ਸਿਹਤ ਸੇਵਾਵਾਂ ਲਈ ਰੈਫਰਲ ਸਹੂਲਤ ਵੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਸਮੂਹ ਸਿਹਤ ਅਧਿਕਾਰੀਆਂ ਨੂੰ
ਹਦਾਇਤ ਕੀਤੀ ਕਿ ਸਿਹਤ ਸਕੀਮਾਂ ਨੂੰ ਸਫਲਤਾ ਪੂਰਵਕ ਲਾਗੂ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਹਨਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਹਰੇਕ ਪੱਧਰ ਦੀ ਸਿਹਤ ਸੰਸਥਾ ਵਿੱਚ ਨਿਯਮ ਅਤੇ ਉਪਲਬਧਤਾ ਮੁਤਾਬਿਕ ਸਿਹਤ ਸਹੂਲਤ ਲੋਕਾਂ ਨੂੰ ਮੁਹਈਆ ਕਰਵਾਈ ਜਾਵੇ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਯੋਜਨਾਵਾਂ ਨੂੰ ਮਜ਼ਬੂਤ ਬਣਾਉਣ ਅਤੇ ਜਨਤਾ ਤੱਕ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪਹੁੰਚਾਉਣ ਦੇ ਉਦੇਸ਼ਾਂ ਦੀ ਪ੍ਰਾਪਤੀ ਲਈ ਹਰੇਕ ਨੂੰ ਯਤਨ ਕਰਨਾ ਚਾਹੀਦਾ ਹੈ। ਸਿਹਤ ਵਿਭਾਗ ਵੱਲੋਂ ਚਲਾਏ ਗਏ ਪ੍ਰੋਗਰਾਮਾਂ ਦੀ ਤਿੱਖੀ ਮੋਨੀਟਰਿੰਗ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਮੋਗਾ ਨੇ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੇ ਕੰਮਾਂ ‘ਤੇ ਤਸੱਲੀ ਪ੍ਰਗਟਾਈ। ਮੀਟਿੰਗ ਵਿੱਚ ਸੀਨੀਅਰ ਮੈਡੀਕਲ ਅਫਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਨੈਸ਼ਨਲ ਹੈਲਥ ਮਿਸ਼ਨ ਪ੍ਰਵੀਨ ਸ਼ਰਮਾ ਸਮੇਤ ਕਈ ਅਧਿਕਾਰੀ ਮੌਜੂਦ ਸਨ।
Leave a Reply