ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਮਾਨਸਾ : ਡਾ ਸੰਦੀਪ ਘੰਡ
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ, ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜੇ ਹੋਣ, ਨਾਅਰੇ ਲਗਾਉਣ ਅਤੇ ਕਾਨੂੰਨ ਤੇ ਵਿਵਸਥਾ ਵਿੱਚ ਨੁਕਸੇ ਅਮਨ ਪੈਦਾ ਕਰਨ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਹੁਕਮ ਵਿੱਚ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ ਸਿੱ) ਨੇ ਧਿਆਨ ਵਿੱਚ ਲਿਆਂਦਾ ਹੈ ਕਿ ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਛੇਵੀਂ ਜਮਾਤ ਦੀ ਹੋਣ ਵਾਲੀ ਪ੍ਰਵੇਸ਼ ਪ੍ਰੀਖਿਆ ਲਈ 10 ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਜਿੰਨ੍ਹਾਂ ਵਿੱਚ 18 ਜਨਵਰੀ 2025 ਨੂੰ ਸਵੇਰੇ 11.30 ਵਜੇ ਤੋਂ ਲੈ ਕੇ ਦੁਪਹਿਰ 1.30 ਵਜੇ ਤੱਕ ਪ੍ਰੀਖਿਆ ਲਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਬੁਢਲਾਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਬੁਢਲਾਡਾ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ ਝੁਨੀਰ, ਸਰਕਾਰੀ ਸੈਕੰਡਰੀ ਸਕੂਲ ਭੰਮੇ ਕਲਾਂ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਮਾਨਸਾ ਅਤੇ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਮਾਨਸਾ ਵਿਖੇ ਹੋਵੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਉਕਤ ਪ੍ਰੀਖਿਆ ਕੇਂਦਰਾਂ ਦੇ ਵਿੱਚ ਅਣਉਚਿੱਤ ਸਾਧਨਾਂ ਦਾ ਪ੍ਰਯੋਗ ਹੋਣ, ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਸ਼ਰਾਰਤੀ ਅਨਸਰਾਂ ਦੇ ਇੱਕਠੇ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਨਾਲ ਉਹਨਾਂ ਵੱਲੋਂ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸਾਸ਼ਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਲਈ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।

Leave a Reply

Your email address will not be published.


*