ਮਾਨਸਾ////// ਭਾਰਤੀ ਕਿਸਾਨ ਯੂਨੀਅਨ ਏਕਤਾ -ਡਕੌਂਦਾ ਦੀ ਵਧਵੀਂ ਮੀਟਿੰਗ ਗੁਰਦੁਆਰਾ ਭਾਈ ਬਹਿਲੋ ਫਫੜੇ ਭਾਈ ਕੇ ਵਿਖੇ ਕੀਤੀ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਮੋਦੀ ਸਰਕਾਰ ਵੱਲੋਂ ਬੀਤੇ ਦਿਨੀ ਭੇਜੇ ‘ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ’ ਦੀ ਵਿਆਖਿਆ ਕੀਤੀ ਕਿ ਕਿਸ ਤਰ੍ਹਾਂ ਕੇਂਦਰ ਸਰਕਾਰ ਇਨ੍ਹਾਂ ਬਿਲਾਂ ਦੇ ਰਾਹੀਂ ਲੋਕ ਮਾਰੂ ਨੀਤੀਆਂ ਲਾਗੂ ਕਰਨਾ ਚਾਹੁੰਦੀ ਹੈ।
ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਹ ਖੇਤੀ ਖਰੜਾ ਰਾਜਾਂ ਵਿੱਚ ਲਾਗੂ ਕਰਦੀ ਹੈ ਤਾਂ ਆਉਂਦੇ ਦਿਨਾਂ ਵਿੱਚ ਜਿੱਥੇ ਕਿਸਾਨ ਆਪਣੀਆਂ ਫ਼ਸਲਾਂ ਦੇ ਭਾਵਾਂ ਨੂੰ ਲੈ ਕੇ ਜੱਦੋ ਜਹਿਦ ਕਰੇਗਾ। ਉਥੇ ਹੀ ਜਨਤਕ ਵੰਡ ਪ੍ਰਣਾਲੀ ਰਾਹੀਂ ਦਿੱਤਾ ਜਾ ਰਿਹਾ ਮੁਫ਼ਤ ਰਾਸ਼ਨ, ਮਾਰਕੀਟ ਕਮੇਟੀਆਂ ਰਾਹੀਂ ਆਉਂਦਾ ਪੇਂਡੂ ਵਿਕਾਸ ਫੰਡ ਅਤੇ ਹਾਦਸਿਆਂ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਵੀ ਮਿਲ ਰਹੀ ਮੱਦਦ ਤੋਂ ਹੱਥ ਧੋਣਾ ਪਵੇਗਾ। ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਮੋਦੀ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਸਾਮਰਾਜੀ ਦਿਸ਼ਾ ਨਿਰਦੇਸ਼ਤ ਵਿਸ਼ਵ ਵਪਾਰ ਸੰਸਥਾ ਦੀਆਂ ਲੋਕ ਮਾਰੂ ਨੀਤੀਆਂ ਉੱਤੇ ਲੋਕਾਂ ਨੂੰ ਚਾਨਣਾ ਪਾਇਆ ਅਤੇ ਨਾਲ ਹੀ ਲੋਕਾਂ ਨੂੰ ਇਸ ਹੱਲੇ ਖਿਲਾਫ਼ ਲੜਨ ਦਾ ਹੋਕਾ ਦਿੱਤਾ।
ਇਸ ਮੌਕੇ ਮਹਿੰਦਰ ਸਿੰਘ ਦਿਆਲਪੁਰਾ, ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ, ਜਨਰਲ ਸਕੱਤਰ ਤਾਰਾ ਚੰਦ ਬਰੇਟਾ, ਦੇਵੀ ਰਾਮ ਰੰਘੜਿਆਲ, ਬਲਵਿੰਦਰ ਸ਼ਰਮਾਂ, ਜਗਦੇਵ ਸਿੰਘ ਕੋਟਲੀ, ਬਲਕਾਰ ਸਿੰਘ ਚਹਿਲਾਂਵਾਲੀ, ਗੁਰਚਰਨ ਸਿੰਘ ਅਲੀਸ਼ੇਰ ਸਮੇਤ ਬਲਾਕ ਕਮੇਟੀ ਦੇ ਆਗੂਆਂ ਕਾਲਾ ਸਿੰਘ ਅਕਲੀਆ, ਕੁਲਦੀਪ ਸਿੰਘ ਚਹਿਲਾਂਵਾਲੀ, ਬਲਵਿੰਦਰ ਸਿੰਘ, ਮਹਿੰਦਰ ਸਿੰਘ ਬੁਰਜ ਰਾਠੀ, ਦਰਸ਼ਨ ਸਿੰਘ ਗੁਰਨੇ ਕਲਾਂ, ਤਰਸੇਮ ਸਿੰਘ ਚੱਕ ਅਲੀਸ਼ੇਰ ਅਤੇ ਪਿੰਡ ਕਮੇਟੀਆਂ ਵੀ ਸ਼ਾਮਿਲ ਹੋਈਆਂ ।
Leave a Reply