ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ ਤਿੰਨ ਔਰਤਾਂ ਨਾਲ ਵਾਪਰੀ ਘਟਨਾ ਸਬੰਧੀ ਲੁਧਿਆਣਾ ਦਾ ਵਿਸ਼ੇਸ਼ ਦੌਰਾ

ਲੁਧਿਆਣਾ  ( Justice News)ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਵੱਲੋਂ ਸਥਾਨਕ ਏਕਜੋਤ ਨਗਰ ਵਿਖੇ ਤਿੰਨ ਔਰਤਾਂ ਦੀ ਕੁੱਟਮਾਰ ਦੀ ਘਟਨਾ ਨੂੰ ਲੈ ਕੇ ਦੌਰਾ ਕੀਤਾ।

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ ਦੇ ਨਾਲ, ਰਾਜ ਲਾਲੀ ਗਿੱਲ ਅਤੇ ਕੰਵਰਦੀਪ ਸਿੰਘ ਨੇ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਇਸ ਘਟਨਾ ਲਈ ਦੋਸ਼ੀ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਅਤੇ ਪੁਲਿਸ ਵਿਭਾਗ ਨੂੰ ਕਿਸੇ ਨੂੰ ਵੀ ਨਾ ਬਖਸ਼ਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਮਿਸ਼ਨ ਇਸ ਤਰ੍ਹਾਂ ਦੀ ਘਟਨਾ ਨੂੰ ਬਰਦਾਸ਼ਤ ਨਹੀਂ ਕਰੇਗਾ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨਾਲ ਵੀ ਮੁਲਾਕਾਤ ਕੀਤੀ ਅਤੇ ਹੁਣ ਤੱਕ ਹੋਈਆਂ ਗ੍ਰਿਫ਼ਤਾਰੀਆਂ ਦਾ ਵੇਰਵਾ ਲਿਆ।

ਬਾਅਦ ਵਿੱਚ, ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੁਲਜ਼ਮ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਕਿਉਂਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਪਹਿਲਾਂ ਹੀ ਉਸ ਦੇ ਪਿੱਛੇ ਲੱਗੀਆਂ ਹੋਈਆਂ ਹਨ। ਇਸ ਮਾਮਲੇ ਵਿੱਚ ਪਹਿਲਾਂ ਹੀ ਤਿੰਨ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਬਾਲ ਮਜ਼ਦੂਰੀ ਦੀ ਦੁਰਵਰਤੋਂ ਨੂੰ ਰੋਕਣ ਲਈ ਕਿਰਤ ਵਿਭਾਗ ਅਤੇ ਹੋਰਨਾਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Leave a Reply

Your email address will not be published.


*