August 17, 2026

Justice News

ਅਵਾਮ ਦੀ ਆਵਾਜ਼

ਭਾਸ਼ਾ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਅਪੀਲ, ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ‘ਚ ਲਿਖੇ ਜਾਣ

ਲੁਧਿਆਣਾ ( Justice News) ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਡਾ. ਸੰਦੀਪ ਸ਼ਰਮਾ ਨੇ ਜ਼ਿਲ੍ਹਾ ਵਾਸੀਆਂ ਅਤੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਵਿੱਚ ਲਿਖਣੇ ਯਕਨੀ ਬਣਾਉਣ।

ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਕਿਹਾ ਕਿ ਇਸ ਕਾਰਜ ਲਈ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਕੋਈ ਵੀ ਸੂਚਨਾ ਅਤੇ ਮੁੱਖ ਬੋਰਡ ਲਿਖਣ ਸਮੇਂ ਪੰਜਾਬੀ ਸ਼ਬਦ-ਜੋੜਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਅਤੇ ਪੂਰਾ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਦੀਆਂ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ।

ਇਸ ਦੇ ਨਾਲ਼ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਸੀ ਕਿ ਅਜਿਹਾ ਕਰਦੇ ਸਮੇਂ ਸਭ ਤੋਂ ਉੱਪਰ ਪੰਜਾਬੀ ਭਾਸ਼ਾ/ ਗੁਰਮੁਖੀ ਲਿਪੀ ਵਿੱਚ ਲਿਖਿਆ ਜਾਵੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਲਿਖਣਾ ਹੋਵੇ ਤਾਂ ਹੇਠਾਂ ਦੂਸਰੀ ਭਾਸ਼ਾ ਵਿੱਚ ਲਿਖਿਆ ਜਾਵੇ।

ਇਹਨਾਂ ਹਦਾਇਤਾਂ ਵਿੱਚ ਸਰਕਾਰੀ ਅਦਾਰਿਆਂ ਤੋਂ ਇਲਾਵਾ ਗ਼ੈਰ-ਸਰਕਾਰੀ, ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਵੀ ਆਪੋ-ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਕਿਰਤ ਵਿਭਾਗ ਅਧਿਸੂਚਨਾ ਮਿਤੀ 24 ਮਾਰਚ 2023 ਦੇ ਨਿਯਮ 23 ਅਨੁਸਾਰ ਸਾਰੇ  ਅਦਾਰਿਆਂ ਦੇ ਨਾਮ ਬੋਰਡ ਪੰਜਾਬੀ ਗੁਰਮੁਖੀ ਲਿਪੀ ਵਿੱਚ ਲਿਖੇ ਹੋਣਗੇ ਅਤੇ ਜਿੱਥੇ ਹੋਰ ਭਾਸ਼ਾਵਾਂ ਦੀ ਵਰਤੋਂ ਵੀ ਕੀਤੀ ਗਈ ਹੈ, ਅਜਿਹੀਆਂ ਹੋਰ ਭਾਸ਼ਾਵਾਂ ਪੰਜਾਬੀ ਭਾਸ਼ਾ ਦੇ ਹੇਠਾਂ ਹੋਣਗੀਆਂ ਪੰਜਾਬੀ ਭਾਸ਼ਾ ਵਿੱਚ ਨਾਮ ਬੋਰਡ ਨੂੰ ਹੋਰ ਭਾਸ਼ਾਵਾਂ (ਜੇਕਰ ਹੋਣ) ਨਾਲੋਂ ਵਧੇਰੇ ਥਾਂ ਦੇ ਕੇ ਮੁੱਖ ਤੌਰ ‘ਤੇ ਲਿਖਿਆ ਜਾਵੇਗਾ।

ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਡਾ. ਸੰਦੀਪ ਸ਼ਰਮਾ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਨਿਯਮ 23 ਦੇ ਉਪਬੰਧਾਂ ਦੀ ਉਲੰਘਣਾ ਕਰਦਾ ਹੈ, ਉਸ ਨੂੰ ਪਹਿਲੀ ਵਾਰ ਇੱਕ ਹਜ਼ਾਰ ਰੁਪਏ ਅਤੇ ਇਸ ਤੋਂ ਬਾਅਦ ਹਰ ਵਾਰ ਦੋ ਹਜ਼ਾਰ ਰੁਪਏ ਤੱਕ ਜੁਰਮਾਨਾ ਕੀਤਾ ਜਾਵੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.