ਥਾਣਾ ਘਰਿੰਡਾ ਵੱਲੋਂ 2025 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ, 30 ਕਿੱਲੋ ਹੈਰੋਇਨ ਸਮੇਤ ਇੱਕ ਕਾਬੂ

ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ//////ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਿਆਂ ਵਿਰੁੱਧ ਜੰਗ ਦੌਰਾਨ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਬਰਾਮਦੀ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 30 ਕਿੱਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸ਼ਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
        ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਸਿਮਰਨਜੀਤ ਸਿੰਘ ਉਰਫ਼ ਸਿਮਰਨ ਵਾਸੀ ਬਾਸਰਕੇ ਗਿੱਲਾਂ, ਥਾਣਾ ਘਰਿੰਡਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦੀ ਫੋਰਡ ਫੀਏਸਟਾ ਕਾਰ, ਜਿਸ ਵਿੱਚ ਉਹ ਖੇਪ ਡਲੀਵਰ ਕਰਨ ਜਾ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਸਿਮਰਨਜੀਤ ਸਿੰਘ ਵੱਡੇ ਪੱਧਰ ‘ਤੇ ਹੈਰੋਇਨ ਤਸਕਰੀ ਵਿੱਚ ਸ਼ਾਮਲ ਸੀ, ਅਤੇ ਇਹ ਰਿਪੋਰਟ ਮਿਲੀ ਸੀ ਕਿ ਉਸਨੇ ਹਾਲ ਹੀ ਵਿੱਚ ਸਰਹੱਦ ਪਾਰੋਂ ਤਸਕਰੀ ਕੀਤੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰਾਂ ਨੇ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਡਰੋਨ ਰਾਹੀਂ ਭੇਜੀ ਸੀ।
ਡੀਜੀਪੀ ਨੇ ਕਿਹਾ ਕਿ ਇਸ ਰੈਕਟ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।
ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਦੋਸ਼ੀ ਗੁਰਸਿਮਰਨਜੀਤ ਸਿੰਘ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਖੁਫ਼ੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ  ਇੰਸਪੈਕਟਰ ਅਮਨਦੀਪ ਸਿੰਘ ਇੰਚਾਰਜ਼ ਥਾਣਾ ਘਰਿੰਡਾ ਦੀ ਅਗਵਾਈ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਚੈਕਿੰਗ ਲਈ ਸ਼ੱਕੀ ਫੋਰਡ ਫਿਏਸਟਾ ਕਾਰ ਨੂੰ ਰੋਕਿਆ। ਉਨ੍ਹਾਂ ਦੱਸਿਆ ਕਿ ਕਾਰ ਦੀ ਤਲਾਸ਼ੀ ਦੌਰਾਨ ਕਾਰ ਵਿੱਚ ਛੁਪਾ ਕੇ ਰੱਖਿਆ ਇੱਕ ਕਾਲਾ ਬੈਗ ਮਿਲਿਆ ਜਿਸ ਵਿੱਚੋਂ ਹੈਰੋਇਨ ਦੇ ਚਾਰ ਪੈਕੇਟ – ਹਰੇਕ ਦਾ ਭਾਰ 7.5 ਕਿਲੋਗ੍ਰਾਮ ਸੀ ਬਰਾਮਦ ਹੋਏ।
ਐਸਐਸਪੀ ਨੇ ਦੱਸਿਆ ਕਿ ਇਸ ਤਸ਼ਕਰੀ ਨੈਟਵਰਕ ਦੇ ਮੂਲ ਸਰੋਤ ਅਤੇ ਨਸ਼ਿਆਂ ਦੀ ਵੰਡ ਦੇ ਨੈੱਟਵਰਕ ਬਾਰੇ ਜਾਣਕਾਰੀ ਲੈਣ ਲਈ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਮੁਕੱਦਮਾਂ ਨੰਬਰ 30 ਮਿਤੀ 14-2-2025 ਨੂੰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

Leave a Reply

Your email address will not be published.


*