ਲੁਧਿਆਣਾ ( ਜ. ਨ. ) – 26 ਫਰਵਰੀ ਨੂੰ ਇੱਕ ਪਿੰਡ ਦੇ ਨੌਜਵਾਨ ਸਰਪੰਚ ਅਤੇ ਇੱਕ ਬਦਨਾਮ ਨਸ਼ਾ ਤਸਕਰ ਮਹਿਲਾ ਵਿਚਾਲੇ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਕੱਲ੍ਹ ਸ਼ਾਮ ਕਰੀਬ 7 ਵਜੇ, ਜਦੋਂ ਨਾਰੰਗਵਾਲ ਪਿੰਡ ਦੇ ਸਰਪੰਚ ਮਨਜਿੰਦਰ ਸਿੰਘ ਗਰੇਵਾਲ ਆਪਣੇ ਘਰ ਮੌਜੂਦ ਸਨ ਤਾਂ ਉਨ੍ਹਾਂ ਦੇ ਫ਼ੋਨ ‘ਤੇ ਇੱਕ ਅਣਜਾਣ ਨੰਬਰ ਤੋਂ ਫ਼ੋਨ ਆਇਆ। ਇੱਕ ਆਤਮਵਿਸ਼ਵਾਸ਼ੀ ਮਨਜਿੰਦਰ ਸਿੰਘ ਨੇ ਦੱਸਿਆ ਕਿ ‘ਇਹ ਕੋਈ ਹੋਰ ਨਹੀਂ ਸਗੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਨ’।
‘ਮੈਂ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਪੂਰੇ ਮੁੱਦੇ ਬਾਰੇ ਜਾਣਕਾਰੀ ਦਿੱਤੀ ਅਤੇ ਮੁੱਖ ਮੰਤਰੀ ਮਾਨ ਨੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। ਸਰਪੰਚ ਨੇ ਦੱਸਿਆ, 2 ਘੰਟਿਆਂ ਦੇ ਅੰਦਰ, ਲੁਧਿਆਣਾ (ਦਿਹਾਤੀ) ਪੁਲਿਸ ਸਾਡੇ ਪਿੰਡ ਪਹੁੰਚ ਗਈ’, ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਨੇ ਨਾ ਸਿਰਫ਼ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ, ਸਗੋਂ ਨਸ਼ਾ ਮਾਫੀਆ ਦੀ ਜਾਇਦਾਦ ਨੂੰ ਵੀ ਢਹਿ-ਢੇਰੀ ਕੀਤਾ ਜੋ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕਰਕੇ ਬਣਾਈ ਗਈ ਸੀ।
ਪੁਲਿਸ ਵੱਲੋਂ ਮਾਮਲਾ ਦਰਜ ਕਰਨ ਤੋਂ ਬਾਅਦ, ਕੁਲਬੀਰ ਕੌਰ, ਉਸਦੇ ਪਤੀ ਬਲਵੰਤ ਸਿੰਘ ਅਤੇ ਤਨਵੀਰ ਨਾਮ ਦੇ ਇੱਕ ਵਿਅਕਤੀ ਸਮੇਤ ਤਿੰਨ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ. ਇਸ ਜੋੜੇ ਦਾ ਨਸ਼ੀਲੇ ਪਦਾਰਥਾਂ ਦੇ ਅਪਰਾਧਾਂ ਨਾਲ ਸਬੰਧਤ ਅਪਰਾਧਿਕ ਮਾਮਲਿਆਂ ਦਾ ਪਿਛੋਕੜ ਹੈ।
ਐਸ.ਐਸ.ਪੀ. ਡਾ. ਅੰਕੁਰ ਗੁਪਤਾ ਨੇ ਕਿਹਾ ਕਿ ਕੁਲਬੀਰ ਕੌਰ ਅਤੇ ਉਸਦੇ ਪਤੀ ਦੋਵਾਂ ਵਿਰੁੱਧ ਪਹਿਲਾਂ ਵੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਦਰਜ ਹਨ ਅਤੇ ਡਰੱਗ ਮਨੀ ਰਾਹੀਂ ਜਾਇਦਾਦ ਬਣਾਈ ਜਾਂਦੀ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀਆਂ ਜਾਇਦਾਦਾਂ ਦੀ ਪਛਾਣ ਕਰਨ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਹੈ. ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਅਤੇ ਨਾਲ ਹੀ ਨਸ਼ੀਲੇ ਪਦਾਰਥਾਂ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ ਜਾਵੇਗਾ।
ਐਸ.ਐਸ.ਪੀ. ਗੁਪਤਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਜਨਤਾ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਨਹੀਂ ਹੋ ਜਾਂਦਾ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਵਾਅਦਾ ਕੀਤਾ ਕਿ ਨਸ਼ਾ ਤਸਕਰਾਂ ਨੂੰ ਮਿਸਾਲੀ ਸਜਾਵਾਂ ਦੁਆਈਆਂ ਜਾਣਗੀਆਂ ਅਤੇ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਨਰਮੀ ਨਹੀਂ ਵਰਤੀ ਜਾਵੇਗੀ।
ਸਰਪੰਚ ਮਨਜਿੰਦਰ ਸਿੰਘ ਗਰੇਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਸ਼ਾ ਤਸਕਰਾਂ ਵਿਰੁੱਧ ਫੈਸਲਾਕੁੰਨ ਕਾਰਵਾਈ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਨਿੱਜੀ ਤੌਰ ‘ਤੇ ਉਨ੍ਹਾਂ ਨੂੰ ਦੋ ਵਾਰ (ਕੱਲ੍ਹ ਅਤੇ ਅੱਜ ਵੀ) ਫੋਨ ਕਰਕੇ ਮਾਮਲੇ ਦੇ ਵੇਰਵਿਆਂ ‘ਤੇ ਚਰਚਾ ਕੀਤੀ ਅਤੇ ਨਸ਼ੇ ਨਾਲ ਸਬੰਧਤ ਅਪਰਾਧਾਂ ਪ੍ਰਤੀ ਉਨ੍ਹਾਂ ਦੀ ‘ਜ਼ੀਰੋ-ਟੌਲਰੈਂਸ ਪਾਲਿਸੀ’ ਦੀ ਸ਼ਲਾਘਾ ਕੀਤੀ।
ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਲਾਕੇ ਦੇ ਸਾਰੇ ਨੌਜਵਾਨਾਂ ਨਾਲ ਮਿਲ ਕੇ ਸਾਡੇ ਸਮਾਜ ਵਿੱਚੋਂ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਵਿੱਚ ਪੰਜਾਬ ਸਰਕਾਰ ਨੂੰ ਪੂਰਾ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਪਿੰਡ ਦਾ ਹਰ ਵਿਅਕਤੀ ਇਸ ਗੱਲ ਦੀ ਸ਼ਲਾਘਾ ਕਰ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਦਿਲਚਸਪੀ ਲੈਂਦਿਆਂ ਨਿੱਜੀ ਤੌਰ ‘ਤੇ ਇਸ ਮਾਮਲੇ ਦਾ ਨਿਪਟਾਰਾ ਕੀਤਾ।
ਗਰੇਵਾਲ ਨੇ ਅੱਗੇ ਦੱਸਿਆ ਕਿ ਕੁਲਬੀਰ ਕੌਰ ਅਤੇ ਉਸਦਾ ਪਰਿਵਾਰ ਲੰਬੇ ਸਮੇਂ ਤੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਸਨ ਅਤੇ ਇਨ੍ਹਾਂ ਨਸ਼ੇ ਦੇ ਸੌਦਾਗਰਾਂ ਨੇ ਉਨ੍ਹਾਂ ਨੂੰ ਅਤੇ ਪੰਚਾਇਤ ਨੂੰ ਧਮਕੀਆਂ ਵੀ ਦਿੱਤੀਆਂ ਸਨ।
Leave a Reply