ਰਿਸ਼ੀਕੇਸ਼ ਘਟਨਾ ਦੇ ਪੀੜਤ ਸਿੱਖ ਵਪਾਰੀਆਂ ਨੂੰ ਜ਼ਰੂਰ ਇਨਸਾਫ਼ ਮਿਲੇਗਾ: ਪ੍ਰੋ. ਸਰਚਾਂਦ ਸਿੰਘ ਖਿਆਲਾ ।

ਅੰਮ੍ਰਿਤਸਰ  ( ਪੱਤਰ ਪ੍ਰੇਰਕ  ) ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਉਤਰਾਖੰਡ ਦੇ ਰਿਸ਼ੀਕੇਸ਼ ਵਿੱਚ ਫਿਰਕੂ ਲੋਕਾਂ ਵੱਲੋਂ ਸਿੱਖ ਕਾਰੋਬਾਰੀ ਭਰਾਵਾਂ ‘ਤੇ ਹਮਲਾ ਕਰਨ ਅਤੇ ਉਨ੍ਹਾਂ ਦੀ ਦਸਤਾਰ ਅਤੇ ਕੇਸਾਂ ਦੀ ਬੇਅਦਬੀ ਕਰਨ ਦੀ ਘਟਨਾ ਬਹੁਤ ਹੀ ਨਿੰਦਣਯੋਗ ਹੈ, ਪਰ ਇਹ ਤਸੱਲੀ ਦੀ ਗੱਲ ਹੈ ਕਿ ਜਦੋਂ ਉਕਤ ਘਟਨਾ ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀ ਦੇ ਧਿਆਨ ਵਿੱਚ ਲਿਆਂਦੀ ਗਈ ਤਾਂ ਉਨ੍ਹਾਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਬਿਨਾਂ ਕਿਸੇ ਦੇਰੀ ਦੇ ਦੋਸ਼ੀਆਂ ਵਿਰੁੱਧ ਐਫਆਈਆਰ ਦਰਜ ਕਰਵਾਈ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਪੀੜਤ ਨੂੰ ਇਨਸਾਫ਼ ਦਿਵਾਉਣ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਭਾਜਪਾ ਦੇ ਸ਼ਾਸਨ ਵਿੱਚ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀਆਂ ਰਾਜ ਸਰਕਾਰਾਂ ਇਹ ਯਕੀਨੀ ਬਣਾਉਣ ਵਿੱਚ ਵਿਸ਼ਵਾਸ ਰੱਖਦੀਆਂ ਹਨ ਕਿ ਕੋਈ ਵੀ ਅਪਰਾਧੀ ਬਖਸ਼ਿਆ ਨਾ ਜਾਵੇ। ਭਾਜਪਾ ਸਰਕਾਰਾਂ ਦੇਸ਼ ਦੇ ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਦੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹਨ ਅਤੇ ਇਸਨੂੰ ਆਪਣਾ ਬੁਨਿਆਦੀ ਫਰਜ਼ ਮੰਨਦੀਆਂ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਭਾਜਪਾ ਸਾਰਿਆਂ ਲਈ ਤੇਜ਼ ਅਤੇ ਨਿਰਪੱਖ ਨਿਆਂ ਦੀ ਗਰੰਟੀ ਦਿੰਦੀ ਹੈ ਅਤੇ ਦੇਸ਼ ਦੇ ਅੰਦਰ ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਆਜ਼ਾਦੀ ਨੂੰ ਬਣਾਈ ਰੱਖਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਹੀ ਕਾਰਨ ਹੈ ਕਿ ਜਦੋਂ ਵੀ ਕਿਸੇ ਵਿਰੁੱਧ ਕੋਈ ਘਟਨਾ ਵਾਪਰਦੀ ਹੈ, ਭਾਜਪਾ ਬਿਨਾਂ ਕਿਸੇ ਦੇਰੀ ਦੇ ਤੁਰੰਤ ਕਾਰਵਾਈ ਯਕੀਨੀ ਬਣਾਉਂਦੀ ਹੈ। ਭਾਜਪਾ ਸਰਕਾਰ ਅਤੇ ਹੋਰ ਸਰਕਾਰਾਂ ਵਿੱਚ ਫ਼ਰਕ ਇਹ ਹੈ ਕਿ ਅਸੀਂ ਰਾਜਨੀਤੀ ਨੂੰ ਨਹੀਂ, ਸਗੋਂ ਕਾਨੂੰਨ ਵਿਵਸਥਾ ਨੂੰ ਤਰਜੀਹ ਦਿੰਦੇ ਹਾਂ। ਭਾਜਪਾ ਦੀ ਅਗਵਾਈ ਹੇਠ, ਅਸੀਂ ਕਿਸੇ ਵੀ ਬੇਇਨਸਾਫ਼ੀ ਦੇ ਵਿਰੁੱਧ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਸਿੱਖ ਭਾਈਚਾਰੇ ਨੂੰ ਕਿਸੇ ਵੀ ਭੜਕਾਹਟ ਵਿੱਚ ਸ਼ਾਮਲ ਨਾ ਹੋਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

Leave a Reply

Your email address will not be published.


*