ਹਿਮਾਚਲ ਦੇ ਕਾਂਗਰਸੀ ਮੁੱਖ ਮੰਤਰੀ ਸੁੱਖੂ ਪੰਜਾਬ ਤੋਂ ਯਾਤਰਾ ’ਤੇ ਗਏ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਵੇ : ਪ੍ਰੋ. ਸਰਚਾਂਦ ਸਿੰਘ ਖਿਆਲਾ।

ਅੰਮ੍ਰਿਤਸਰ ( ਜ.  ਨ. ) ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਹਿਮਾਚਲ ਪ੍ਰਦੇਸ਼ ਵਿੱਚ ਪੰਜਾਬੀ ਨੌਜਵਾਨਾਂ ਨਾਲ ਸਥਾਨਕ ਲੋਕਾਂ ਅਤੇ ਪੁਲਿਸ ਵੱਲੋਂ ਕੀਤੀਆਂ ਗਈਆਂ ਵਧੀਕੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਪ੍ਰਦੇਸ਼ ਦੇ ਕਾਂਗਰਸੀ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਪੰਜਾਬ ਤੋਂ ਗਏ ਨੌਜਵਾਨਾਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।

ਉਹਨਾਂ ਕਿਹਾ ਕਿ ਮਣੀਕਰਨ ਸਾਹਿਬ ਤੋਂ ਵਾਪਸ ਪਰਤ ਰਹੇ ਪੰਜਾਬੀ ਨੌਜਵਾਨਾਂ ਨੇ ਕਿਸੇ ਕਾਨੂੰਨ ਦੀ ਕੋਈ ਉਲੰਘਣਾ ਕੀਤੀ ਹੈ ਤਾਂ ਉਹਨਾਂ ਖਿਲਾਫ ਪੁਲਿਸ ਕਾਨੂੰਨੀ ਕਾਰਵਾਈ ਕਰ ਸਕਦੀ ਹੈ ਪਰ ਨਫ਼ਰਤ ਨਾਲ ਭਰੇ ਉਨ੍ਹਾਂ ਲੋਕਾਂ ਨੂੰ ਕੋਈ ਹੱਕ ਨਹੀਂ ਕਿ ਉਹ ਪੁਲਿਸ ਦੀ ਮੌਜੂਦਗੀ ਵਿੱਚ ਪੰਜਾਬੀ ਨੌਜਵਾਨਾਂ ਉੱਤੇ ਹੱਥ ਚੁੱਕ ਲੈਣ। ਉਹਨਾਂ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ । ਉਨ੍ਹਾਂ ਵਧੀਕੀ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਦੀ ਵੀ ਮੰਗ ਕੀਤੀ।  ਉਹਨਾਂ ਕਿਹਾ ਕਿ ਹਿਮਾਚਲ ਵਿੱਚ ਕਾਂਗਰਸ ਦੀ ਸਰਕਾਰ ਹੈ ਅਤੇ ਕਾਂਗਰਸ ਨੂੰ ਸਿੱਖ ਨੌਜਵਾਨਾਂ ਪ੍ਰਤੀ ਆਪਣੀ ਸੋਚ ਵਿਚ ਤਬਦੀਲੀ ਲਿਆਉਣ ਦੀ ਲੋੜ ਹੈ, ਸਿੱਖ ਨੌਜਵਾਨਾਂ ਨਾਲ ਪਹਿਲਾਂ ਦੀ ਤਰਾਂ ਹੁਣ ਕੋਈ ਸਮੱਸਿਆ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਹਿਮਾਚਲ ਵਿੱਚ ਪੰਜਾਬੀ ਨੌਜਵਾਨਾਂ ਨਾਲ ਬਦਸਲੂਕੀ ਕੀਤੀ ਗਈ ਹੋਵੇ। ਇਸ ਤੋਂ ਪਹਿਲਾਂ ਵੀ ਮਾਰਚ 2023 ਦੌਰਾਨ ਗੁਰਦੁਆਰਾ ਸ੍ਰੀ ਮਣੀਕਰਨ ਸਾਹਿਬ ਦੀ ਯਾਤਰਾ ’ਤੇ ਗਏ ਪੰਜਾਬੀਆਂ ਨਾਲ ਉੱਥੋਂ ਦੇ ਸਥਾਨਕ ਬੇਲਗ਼ਾਮ ਸ਼ਰਾਰਤੀ ਲੋਕਾਂ ਵੱਲੋਂ ਦੁਰ ਵਿਵਹਾਰ ਕਰਨ ਤੋਂ ਇਲਾਵਾ ਸ਼ਰੇਆਮ ਗੁੰਡਾਗਰਦੀ ’ਤੇ ਉੱਤਰਦਿਆਂ ਪੰਜਾਬੀਆਂ ਦੀਆਂ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਸੀ। ਉਹਨਾਂ ਕਿਹਾ ਕਿ ਜੇਕਰ ਹਿਮਾਚਲ ਵਿੱਚ  ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨ ਨਾ ਬਣਾਇਆ ਗਿਆ ਤਾਂ ਹਿਮਾਚਲ ਦਾ ਵੱਡਾ ਆਰਥਿਕ ਨੁਕਸਾਨ ਹੋਵੇਗਾ, ਕਿਉਂਕਿ ਹਿਮਾਚਲ ਦੀ ਆਮਦਨ ਦਾ ਵੱਡਾ ਸਰੋਤ ਟੂਰਿਜ਼ਮ ਤੋਂ ਹੈ। ਪਿਛਲੇ ਸਮੇਂ ਦੌਰਾਨ ਹਿਮਾਚਲ ਵਿੱਚ ਵਾਪਰੀਆਂ ਅਜਿਹੀਆਂ ਮਾੜੀਆਂ ਘਟਨਾਵਾਂ ਕਾਰਨ ਪੰਜਾਬ ਅਤੇ ਦਿੱਲੀ ਦੇ ਲੋਕਾਂ ਨੇ ਹਿਮਾਚਲ ਨੂੰ ਛੱਡ ਕੇ ਜੰਮੂ ਕਸ਼ਮੀਰ ਜਾਂ ਕਿਤੇ ਔਰ ਪਹਾੜੀ ਰਾਜਿਆਂ ਵਿੱਚ ਜਾਣ ਨੂੰ ਪਹਿਲ ਦਿੱਤੀ।

ਉਹਨਾਂ ਪੰਜਾਬ ਦੇ ਨੌਜਵਾਨਾਂ ਨੂੰ ਵੀ ਸਲਾਹ ਦਿੱਤੀ ਕਿ ਉਹ ਦੂਜੇ ਸੂਬਿਆਂ ਵਿੱਚ ਜਾ ਕੇ  ਉੱਥੋਂ ਦੇ ਸਥਾਨਕ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਸਮਝਣ ਅਤੇ ਕਿਸੇ ਤਰਾਂ ਦਾ ਤਣਾਓ ਪੈਦਾ ਕਰਨ ਦੀ ਥਾਂ ਕਾਨੂੰਨ ਦਾ ਪਾਲਣ ਕਰਨ ।  ਉਨ੍ਹਾਂ ਕਿਹਾ ਕਿ ਯਾਤਰੂਆਂ ਨੂੰ ਆਪਣੀਆਂ ਸਵਾਰੀਆਂ ਮੋਟਰਸਾਈਕਲ ਜਾਂ ਗੱਡੀਆਂ ਲਈ ਆਚਾਰ ਸੰਹਿਤਾ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਟਕਰਾਓ ਤੋਂ ਬਚਣ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਅਤੇ ਸ਼ਰਧਾਲੂਆਂ ਵਿੱਚ ਝੜਪ ਹੋਣੀ ਮਾੜੀ ਗੱਲ ਹੈ, ਪਰ ਕਿਸੇ ਵੀ ਘਟਨਾ ਨੂੰ ਕਿਸੇ ਤਰ੍ਹਾਂ ਵੀ ਫ਼ਿਰਕੂ ਰੰਗਤ ਨਹੀਂ ਦਿੱਤੀ ਜਾਣੀ ਚਾਹੀਦੀ। ਕੁਝ ਲੋਕ ਪੰਜਾਬ ਦੇ ਨੌਜਵਾਨਾਂ ਪ੍ਰਤੀ ਨਫ਼ਰਤ ਪਾਲੀ ਬੈਠੇ ਹਨ, ਜਦੋਂ ਕਿ ਪੰਜਾਬ ਅਤੇ ਪੰਜਾਬ ਦੇ ਨੌਜਵਾਨ ਪੱਕੇ ਰਾਸ਼ਟਰਵਾਦੀ ਹਨ। ਪੰਜਾਬੀ ਭਾਈਚਾਰਕ ਸਾਂਝ ਦੀ ਮੁੱਦਈ ਹਨ ਅਤੇ ਉਨ੍ਹਾਂ ਦੂਜੇ ਸੂਬਿਆਂ ਦੀ ਹਰ ਔਖੇ ਸਮੇਂ ਮਦਦ ਕੀਤੀ ਹੈ।

Leave a Reply

Your email address will not be published.


*