ਰਾਏਕੋਟ /ਲੁਧਿਆਣਾ( ਗੁਰਵਿੰਦਰ ਸਿੱਧੂ ) ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਨਜਾਇਜ਼ ਕਬਜ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਪ੍ਰੋਗਰਾਮ ਤਹਿਤ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਪੰਚਾਇਤ ਅਧਿਕਾਰੀਆਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡ ਬੁਰਜ ਹਰੀ ਸਿੰਘ ਵਿਖੇ ਅਣਅਧਿਕਾਰਤ ਢਾਂਚੇ ਨੂੰ ਢਹਿ-ਢੇਰੀ ਕੀਤਾ ਹੈ।
ਇਹ ਢਾਂਚੇ ਬਦਨਾਮ ਨਸ਼ਾ ਤਸਕਰਾਂ ਦੇ ਪਰਿਵਾਰ ਵੱਲੋਂ ਕਬਜ਼ੇ ਵਾਲੀ ਪੰਚਾਇਤੀ ਜ਼ਮੀਨ ‘ਤੇ ਬਣਾਏ ਗਏ ਸਨ। ਅਮਰਜੀਤ ਸਿੰਘ (12 ਨਸ਼ੀਲੇ ਪਦਾਰਥਾਂ ਦੇ ਕੇਸ), ਅਮਰਜੀਤ ਸਿੰਘ ਦੀ ਪਤਨੀ ਸੋਨੀ ਕੌਰ (ਚਾਰ ਕੇਸ), ਉਨ੍ਹਾਂ ਦੇ ਪੁੱਤਰਾਂ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ (ਪੰਜ-ਪੰਜ ਕੇਸ) ਸਮੇਤ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨ.ਡੀ.ਪੀ.ਐਸ.) ਐਕਟ ਤਹਿਤ 26 ਕੇਸ ਚੱਲ ਰਹੇ ਹਨ।
ਸੀਨੀਅਰ ਪੁਲਿਸ ਕਪਤਾਨ ਡਾ. ਅੰਕੁਰ ਗੁਪਤਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਢਹਿ-ਢੇਰੀ ਦੀ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਪੰਚਾਇਤ ਅਧਿਕਾਰੀਆਂ ਅਤੇ ਭਾਰੀ ਪੁਲਿਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਸੀ।
ਐਸ.ਐਸ.ਪੀ. ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜਦੋਂ ਤੱਕ ਨਸ਼ੇ ਦਾ ਪੂਰੀ ਤਰ੍ਹਾਂ ਖਾਤਮਾ ਨਹੀਂ ਹੋ ਜਾਂਦਾ, ਉਦੋਂ ਤੱਕ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਤਸਕਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦਾ ਵਾਅਦਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਤਸਕਰੀ ਵਿੱਚ ਲੱਗੇ ਵਿਅਕਤੀਆਂ ਨਾਲ ਕੋਈ ਵੀ ਨਰਮੀ ਨਹੀਂ ਵਰਤੀ ਜਾਵੇਗੀ।
Leave a Reply