44 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਨਾਗਰਿਕਾਂ ਤੱਕ ਸਿੱਧੇ ਉਨ੍ਹਾਂ ਦੇ ਦਰਵਾਜ਼ੇ ‘ਤੇ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਰਿਸ਼ੀ ਨਗਰ ਦੇ ਸੀਨੀਅਰ ਸਿਟੀਜ਼ਨ ਹੋਮ ਵਿਖੇ ‘ਆਪ ਦੀ ਸਰਕਾਰ ‘ਆਪ ਦੇ ਦੁਆਰ’ ਪਹਿਲਕਦਮੀ ਤਹਿਤ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ। ਇਹ ਕੈਂਪ ਸਥਾਨਕ ਭਾਈਚਾਰੇ ਲਈ ਪ੍ਰਸ਼ਾਸਨਿਕ ਸੇਵਾਵਾਂ ਨੂੰ ਪਹੁੰਚਯੋਗ ਅਤੇ ਸੁਵਿਧਾਜਨਕ ਬਣਾਉਣ ਲਈ ਲਗਾਇਆ ਗਿਆ ਸੀ।
ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਨੇ ਕੈਂਪ ਦਾ ਉਦਘਾਟਨ ਕੀਤਾ ਜਿੱਥੇ ਉਨ੍ਹਾਂ ਨੇ ਨਿੱਜੀ ਤੌਰ ‘ਤੇ ਨਵੀਆਂ ਪੈਨਸ਼ਨਾਂ, ਆਯੁਸ਼ਮਾਨ ਕਾਰਡ, ਸਮਾਰਟ ਰਾਸ਼ਨ ਕਾਰਡ, ਜਨਮ ਤੇ ਮੌਤ ਸਰਟੀਫਿਕੇਟ, ਸਪਾਂਸਰਸ਼ਿਪ ਸਕੀਮਾਂ ਅਤੇ ਸੀਨੀਅਰ ਸਿਟੀਜ਼ਨ ਕਾਰਡਾਂ ਲਈ ਮਨਜ਼ੂਰ ਪੱਤਰ ਲਾਭਪਾਤਰੀਆਂ ਨੂੰ ਵੰਡੇ। ਇਸ ਤੋਂ ਇਲਾਵਾ ਉਨ੍ਹਾਂ ਨੇ ਹਾਜ਼ਰੀਨ ਨਾਲ ਵੀ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਇਹ ਯਕੀਨੀ ਬਣਾਇਆ ਕਿ ਤੁਰੰਤ ਧਿਆਨ ਦੇਣ ਵਾਲੇ ਮੁੱਦਿਆਂ ਨੂੰ ਮੌਕੇ ‘ਤੇ ਹੀ ਹੱਲ ਕੀਤਾ ਜਾਵੇ।
ਵੱਖ-ਵੱਖ ਸਰਕਾਰੀ ਵਿਭਾਗਾਂ ਦੁਆਰਾ ਸਥਾਪਿਤ ਹਰੇਕ ਡੈਸਕ ਦਾ ਦੌਰਾ ਕਰਦੇ ਹੋਏ ਸ੍ਰੀ ਅਰੋੜਾ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਨਾਗਰਿਕਾਂ ਨੂੰ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੀਆਂ ਜਾਂਦੀਆਂ ਭਲਾਈ ਸਕੀਮਾਂ ਬਾਰੇ ਸਰਗਰਮੀ ਨਾਲ ਜਾਣਕਾਰੀ ਦੇਣ ਜਿਸ ਨਾਲ ਵਸਨੀਕ ਉਪਲਬਧ ਲਾਭਾਂ ਦਾ ਪੂਰੀ ਤਰ੍ਹਾਂ ਲਾਭ ਉਠਾ ਸਕਣ। ਸ੍ਰੀ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕੈਂਪ ਹੁਣ ਨਾਗਰਿਕਾਂ ਦੀ ਸਹੂਲਤ ਨੂੰ ਵਧਾਉਣ ਲਈ ਨਿਯਮਿਤ ਤੌਰ ‘ਤੇ ਆਯੋਜਿਤ ਕੀਤੇ ਜਾਣਗੇ, ਜੋ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਸੇਵਾਵਾਂ ਅਤੇ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਨਤਾ ਤੱਕ ਪਹੁੰਚਾਉਣ ਲਈ ਅਟੁੱਟ ਵਚਨਬੱਧਤਾ ਨੂੰ ਉਜਾਗਰ ਕਰਦੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਵਿਸਥਾਰ ਵਿੱਚ ਦੱਸਿਆ ਕਿ ਇਹ ਕੈਂਪ ਉਪ ਮੰਡਲ ਮੈਜਿਸਟ੍ਰੇਟਾਂ (ਐਸ.ਡੀ.ਐਮ) ਦੀ ਨਿਗਰਾਨੀ ਹੇਠ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ), ਨਗਰ ਨਿਗਮ, ਸਿੱਖਿਆ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਖੁਰਾਕ ਸਪਲਾਈ, ਕਿਰਤ, ਪੁਲਿਸ ਅਤੇ ਹੋਰ ਵਿਭਾਗਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਸਰਗਰਮੀ ਨਾਲ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਮੁਹਿੰਮ ਹੈ ਜਿਸਦਾ ਉਦੇਸ਼ ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਵਧੇਰੇ ਪਹੁੰਚਯੋਗਤਾ ਅਤੇ ਕੁਸ਼ਲਤਾ ਨੂੰ ਉਤਸ਼ਾਹਿਤ ਕਰਨਾ ਹੈ।
ਕੈਂਪ ਦੌਰਾਨ ਸੇਵਾਵਾਂ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਆਪਣੇ ਆਂਢ-ਗੁਆਂਢ ਵਿੱਚ ਅਜਿਹੀ ਪਹਿਲਕਦਮੀ ਲਿਆਉਣ ਲਈ ਸਰਕਾਰ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਕੈਂਪ ਰਾਹੀਂ ਭਾਈਚਾਰਕ ਭਲਾਈ ਨੂੰ ਤਰਜੀਹ ਦੇਣ ਦੇ ਪ੍ਰਸ਼ਾਸਨ ਦੇ ਯਤਨਾਂ ਦੀ ਪ੍ਰਸ਼ੰਸਾ ਕਰਦੇ ਹੋਏ ਮਹੱਤਵਪੂਰਨ ਸੇਵਾਵਾਂ ਤੱਕ ਨਿਰਵਿਘਨ ਪਹੁੰਚ ਕਰਨ ਦੇ ਮੌਕੇ ਦੀ ਸ਼ਲਾਘਾ ਕੀਤੀ।
Leave a Reply