August 17, 2026

Justice News

ਅਵਾਮ ਦੀ ਆਵਾਜ਼

ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ 12 ਮਈ ਤੱਕ ਦੇਣ ਆਨਲਾਈਨ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫ਼ਸਰ ਡਾ ਗੁਰਦੀਪ ਸਿੰਘ

ਲੁਧਿਆਣਾ (ਜਸਟਿਸ ਨਿਊਜ਼  )

ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ.ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ-ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਹਿੱਤ ਇਨ੍ਹਾਂ ਖੇਤੀ ਮਸ਼ੀਨਾਂ ਤੇ ਸਬਸਿਡੀ ਦੇਣ ਦਾ ਫੈਸਲਾ ਲਿਆ ਗਿਆ ਹੈ। ਇਹ ਮਸ਼ੀਨਾਂ ਕਿਸਾਨਾਂ ਨੂੰ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜ਼ੇਸ਼ਨ (ਸਮੈਮ) ਸਕੀਮ ਅਧੀਨ ਸਬਸਿਡੀ ਤੇ ਦਿੱਤੀਆਂ ਜਾਣਗੀਆਂ। ਇਸੇ ਸਕੀਮ ਅਧੀਨ ਪਿਛਲੇ ਸਾਲ ਜ਼ਿਲ੍ਹਾ ਲੁਧਿਆਣਾ ਅੰਦਰ 124 ਮਸ਼ੀਨਾਂ ਤੇ 1.71 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਈ ਗਈ ਸੀ। ਇਸ ਸਾਲ ਵੀ ਵੱਖ-ਵੱਖ ਤਕਨੀਕਾਂ ਵਾਲੀਆਂ ਖੇਤੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ਤੇ 12 ਮਈ 2025 ਤੱਕ ਦੇ ਸਕਦੇ ਹਨ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹਾ ਲੁਧਿਆਣਾ ਪਹਿਲਾਂ ਦੀ ਤਰ੍ਹਾ ਖੇਤੀ ਮਸ਼ੀਨੀਕਰਨ ਵਿੱਚ ਰਾਜ ਦੇ ਮੋਹਰੀ ਜ਼ਿਲ੍ਹਿਆਂ ਵਿੱਚ ਸ਼ਾਮਿਲ ਰਹਿ ਕੇ ਖੇਤੀ ਖਰਚੇ ਅਤੇ ਕੁਦਰਤੀ ਸੋਮਿਆਂ ਦੀ ਬੱਚਤ ਕਰ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ / ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ। ਉਨਾਂ ਅੱਗੇ ਦੱਸਿਆ ਕਿ ਨੁਮੈਟਿਕ ਪਲਾਂਟਰ, ਰੇਜ਼ਡ ਬੈਂਡ ਪਲਾਂਟਰ, ਝੋਨੇ ਦੀ ਸਿੱਧੀ ਬਿਜਾਈ ਵਾਲੀ ਡੀ.ਐਸ.ਆਰ ਡਰਿੱਲ, ਲੱਕੀ ਸੀਡ ਡਰਿੱਲ, ਟਰੈਕਟਰ ਨਾਲ ਚੱਲਣ ਵਾਲਾ ਬੂਮ ਸਪਰੇਅਰ, ਉੱਚੀਆਂ ਫਸਲਾਂ ਵਿੱਚ ਸਪਰੇ ਕਰਨ ਲਈ ਹਾਈ ਕਲੀਅਰੈਂਸ ਬੂਮ ਸਪਰੇਅਰ, ਪੈਡੀ ਟਰਾਂਸਪਲਾਂਟਰ, ਨਰਸਰੀ ਸੀਡਰ ਆਦਿ ਮਸ਼ੀਨਾਂ ਦੀ ਖਰੀਦ ਤੇ 40% ਤੋਂ 50% ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹਨ।

ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ ਤੇ ਡਰਾਅ ਸਿਸਟਮ ਰਾਹੀਂ ਯੋਗ ਬਿਨੈਕਾਰਾਂ ਦੀ ਚੋਣ ਕੀਤੀ ਜਾਵੇਗੀ। ਕਿਸਾਨਾਂ ਨੂੰ ਮਨਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਸਕੀਮ ਅਧੀਨ ਅਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਲੋੜ ਪੈਣ ਤੇ ਜਾਂ ਕਿਸੇ ਸਮੱਸਿਆ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਸੰਪਰਕ ਕਰਨ।

ਇੰਜ. ਅਮਨਪ੍ਰੀਤ ਸਿੰਘ ਘੇਈ ਸਹਾਇਕ ਖੇਤੀਬਾੜੀ ਇੰਜੀਨਿਅਰ ਲੁਧਿਆਣਾ ਨੇ ਦੱਸਿਆ ਕਿ ਕਿਸਾਨ ਡੀ.ਐਸ.ਆਰ ਡਰਿੱਲ ਦੀ ਵਰਤੋਂ ਕਰਕੇ ਜਿੱਥੇ ਪਾਣੀ ਅਤੇ ਬਿਜਲੀ ਦੀ ਬੱਚਤ ਕਰ ਸਕਦੇ ਹਨ ਉੱਥੇ ਹੀ ਪੈਡੀ ਟਰਾਂਸਪਲਾਂਟਰ ਮਸ਼ੀਨ ਵਰਤ ਕੇ ਸਮਾਂ ਅਤੇ ਲੇਬਰ ਬਚਾ ਸਕਦੇ ਹਨ। ਮੱਕੀ ਅਤੇ ਹੋਰ ਫਸਲੀ ਵਿਭਿੰਨਤਾ ਵਾਲੀਆਂ ਫਸਲਾਂ ਲਈ ਨੁਮੈਟਿਕ ਪਲਾਂਟਰ ਵਰਤ ਕੇ ਬਿਜਾਈ ਦਾ ਕੰਮ ਵਧੀਆ ਤਰੀਕੇ ਨਾਲ ਅਤੇ ਘੱਟ ਸਮੇਂ ਵਿੱਚ ਕਰਕੇ ਸਮੇਂ ਦੀ ਬੱਚਤ ਅਤੇ ਵਾਧੂ ਬੀਜ ਦੇ ਖਰਚੇ ਦੀ ਬੱਚਤ ਕਰ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅਰਜ਼ੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ (ਜੇਕਰ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਿਤ ਹੋਵੇ) ਆਦਿ ਦੀਆਂ ਸਕੈਨਡ ਕਾਪੀਆਂ ਹੋਣਾ ਲਾਜ਼ਮੀ ਹੈ। ਕਸਟਮ ਹਾਇਰਿੰਗ ਸੈਂਟਰ ਖੋਲਣ ਲਈ ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਹੋਰ ਸੰਸਥਾਵਾਂ ਦੇ ਮੁਖੀ ਅਤੇ ਮੈਂਬਰਾਂ ਦੇ ਆਧਾਰ ਕਾਰਡ ਨੰਬਰ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਹੋਣਾ ਜ਼ਰੂਰੀ ਹੈ। ਕਿਸਾਨ ਜਾਂ ਗਰੁੱਪ ਜਿਸ ਕੈਟਾਗਰੀ ਨਾਲ ਸਬੰਧਤ ਹੋਣ, ਉਸੇ ਕੈਟਾਗਰੀ ਵਿੱਚ ਹੀ ਅਪਲਾਈ ਕਰਨ ਤੇ ਹੀ ਸਬਸਿਡੀ ਦੇ ਹੱਕਦਾਰ ਹੋਣਗੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.