August 17, 2026

Justice News

ਅਵਾਮ ਦੀ ਆਵਾਜ਼

ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ ਇਹ ਫੈਸਲਾਕੁੰਨ ਜੰਗ ਸਾਬਤ ਹੋਵੇਗੀ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਖੰਨਾ,/ ਲੁਧਿਆਣਾ (  ਗੁਰਵਿੰਦਰ ਸਿੱਧੂ   )

ਰਾਜ ਵਿੱਚ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਪਿੰਡ ਅਤੇ ਵਾਰਡ ਦੇ ਪਹਿਰੇਦਾਰ ਦੇ ਰੂਪ ਵਿੱਚ ਵਿਲੱਖਣ ਸ਼ੁਰੂਆਤ ਕੀਤੀ ਗਈ ਹੈ, ਜੋ ਸਹੀ ਮਾਇਨਿਆਂ ਵਿੱਚ ਯੋਧਿਆਂ ਦੀ ਫੌਜ ਹੈ। ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ ਇਹ ਫੈਸਲਾਕੁੰਨ ਜੰਗ ਸਾਬਿਤ ਹੋਵੇਗੀ। ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ, ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ ਹੈ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਖੰਨਾ ਦੇ ਪਿੰਡ ਨਸਰਾਲੀ, ਜਲਾਜਣ ਅਤੇ ਰੋਹਣੋ ਕਲਾਂ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ/ਸਮਾਗਮਾਂ ਵਿੱਚ ਸ਼ਾਮਲ ਹੁੰਦਿਆਂ ਕੀਤਾ।

ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੀਟਿੰਗਾਂ/ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਜੁਰਮ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਧੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਗੈਰ-ਕਾਨੂੰਨੀ ਤਰੀਕਿਆਂ ਨਾਲ ਬਣਾਈ ਜਾਇਦਾਦ ਨੂੰ ਸੂਬਾ ਸਰਕਾਰ ਨੇ ਪਹਿਲੀ ਦਫ਼ਾ ਢਾਹਿਆ ਜਾਂ ਜ਼ਬਤ ਕੀਤਾ ਹੈ ਤਾਂ ਕਿ ਇਹ ਹੋਰਾਂ ਨੂੰ ਇਸ ਕੰਮ ਵਿੱਚ ਆਉਣ ਤੋਂ ਰੋਕੇ।

ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਕਰਕੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਾ ਰਹਿਤ ਜਿੰਦਗੀ ਜਿਉਣ ਅਤੇ ਲੋਕ ਭਲਾਈ ਦੇ ਇਸ ਕਾਰਜ ਵਿੱਚ ਹਿੱਸਾ ਲੈ ਕੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਤੇ ਜੋਰ ਦਿੱਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਨੇ ਆਪਣੇ ਹਿੱਤਾਂ ਦੀ ਪੂਰਤੀ ਲਈ ਨਸ਼ਾ ਤਸਕਰਾਂ ਨੂੰ ਅਣਗੌਲਿਆਂ ਕਰਨ ਦੇ ਨਾਲ ਤਸਕਰਾਂ ਨੂੰ ਸਿਆਸੀ ਸੁਰੱਖਿਆ ਪ੍ਰਦਾਨ ਕੀਤੀ ਜਿਸਨੂੰ ਸੂਬੇ ਦੇ ਲੋਕ ਭਲੀ ਭਾਂਤ ਜਾਣਦੇ ਹਨ।

ਕੈਬਨਿਟ ਮੰਤਰੀ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਨੂੰ ਕਾਮਯਾਬ ਕਰਨ ਲਈ ਸਾਰਿਆਂ ਨੂੰ ਇੱਕਜੁਟ ਹੋ ਕੇ ਹੰਭਲਾ ਮਾਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਵੱਖ-ਵੱਖ ਪਿੰਡਾਂ, ਵਾਰਡ ਰੱਖਿਆ ਕਮੇਟੀਆਂ ਅਤੇ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਜ਼ਮੀਨੀ ਪੱਧਰ ‘ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਚਲਾਉਣਾ ਸਮੇਂ ਦੀ ਲੋੜ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਘਰ ਦਾ ਕੋਈ ਵੀ ਮੈਂਬਰ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਛੁਡਾਉ ਕੇਂਦਰ ਵਿਖੇ ਲਿਆਂਦਾ ਜਾਵੇ ਅਤੇ ਸਰਕਾਰ ਵਾਅਦਾ ਕਰਦੀ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਜ਼ਿੰਦਗੀ ਬਚਾ ਕੇ ਉਨ੍ਹਾਂ ਨੂੰ ਮੁੜ ਤੋਂ ਸਿਹਤਮੰਦ ਜੀਵਨ ਜਿਊਣ ਦਾ ਮੌਕਾ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਨਸ਼ਿਆਂ ਵਿਰੁੱਧ ਲੜ੍ਹਾਈ ਵਿੱਚ ਹਰ ਵਿਅਕਤੀ ਦੀ ਭੂਮਿਕਾ ‘ਤੇ ਇਸ ਮੁਹਿੰਮ ਦੀ ਅਹਿਮੀਅਤ ਬਾਰੇ ਰੋਸ਼ਨੀ ਪਾਈ। ਉੇਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਪਬਲਿਕ ਮਿਲਕੇ ਕੰਮ ਕਰਨ ਨਾਲ ਹੀ ਇਹ ਨਸ਼ਿਆਂ ਵਿਰੁੱਧ ਯੁੱਧ ਜਿੱਤਿਆ ਜਾ ਸਕਦਾ ਹੈ। ਇੱਕ ਨਸ਼ਾ ਮੁਕਤ ਪੰਜਾਬ ਦੀ ਸਥਾਪਨਾ ਹੁਣ ਇੱਕ ਸੁਪਨਾ ਹੀ ਨਹੀ ਬਲਕਿ ਹਕੀਕਤ ਬਣਦੀ ਜਾ ਰਹੀ ਹੈ। ਸਮਾਜ ਦੇ ਹਰੇਕ ਵਿਅਕਤੀ ਦੀ ਭਾਗੀਦਾਰੀ ਨਾਲ ਹੀ ਭਵਿੱਖ ਵਿੱਚ ਅਸੀ ਨਸ਼ਿਆਂ ਤੋਂ ਮੁਕਤ ਪੰਜਾਬ ਦੀ ਸਥਾਪਨਾ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਜੰਗ ਵਿੱਚ ਲੋਕਾਂ ਦਾ ਸਹਿਯੋਗ ਲੈਣ ਲਈ ਵਟਸਐਪ ਹੈਲਪਲਾਈਨ ਨੰਬਰ 97791-00200 ਜਾਰੀ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਨਾਜਾਇਜ਼ ਗਤੀਵਿਧੀਆਂ ਚਲਾ ਰਹੇ ਨਸ਼ਾ ਤਸਕਰਾਂ ਬਾਰੇ ਕੋਈ ਵੀ ਜਾਣਕਾਰੀ ਇਸ ਵਟਸਐਪ ਨੰਬਰ ਉਤੇ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਫੋਨ ਕਰਨ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

———

Leave a Reply

Your email address will not be published. Required fields are marked *

Copyright © All rights reserved. | Newsphere by AF themes.