ਕਪੂਰਥਲਾ (ਜਸਟਿਸ ਨਿਊਜ਼)
ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਵੱਲੋਂ ਬਾਲ ਗਿਆਨ ਸਹਿਤ ਅਧੀਨ ਜ਼ਿਲ੍ਹਾ ਅਤੇ ਰਾਜ ਪੱਧਰੀ ਬਾਲ ਸਹਿਤ ਕੁਇਜ਼ ਮੁਕਾਬਲਾ ਕਰਵਾਇਆ ਜਾਂਦਾ ਹੈ,ਜਿਸ ਤਹਿਤ ਸਾਲ 2025-26 ਦੇ ਲਈ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਤੋਂ 30 ਮਈ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫਸਰ ਜਸਪ੍ਰੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਵਿਸ਼ਾ ਪੰਜਾਬੀ ਸਾਹਿਤ, ਧਰਮ, ਭਾਸ਼ਾ, ਸੱਭਿਆਚਾਰ, ਇਤਿਹਾਸ ਅਤੇ ਭੂਗੋਲ ‘ਤੇ ਆਧਾਰਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਕੁੱਲ ਤਿੰਨ ਵਰਗਾਂ ਵਿੱਚ ਕਰਵਾਏ ਜਾਣਗੇ, ਜਿਸ ਵਿੱਚ ਪਹਿਲਾ (ੳ)ਵਰਗ- ਛੇਵੀਂ ਤੋਂ ਅੱਠਵੀਂ ਸ਼੍ਰੇਣੀ, ਦੂਸਰਾ (ਅ)ਵਰਗ- ਨੌਵੀਂ ਤੋਂ ਬਾਰਵੀਂ ਸ਼੍ਰੇਣੀ ਅਤੇ ਤੀਜਾ (ੲ)ਵਰਗ- ਗ੍ਰੈਜੂਏਸ਼ਨ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ।
ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਦੀ ਜਮਾਤ ਅਤੇ ਜਨਮ ਮਿਤੀ ਉਸਦੀ ਸੰਸਥਾ ਮੁਖੀ ਵੱਲੋਂ ਲਿਖਤੀ ਰੂਪ ਵਿੱਚ ਤਸਦੀਕ ਕੀਤੀ ਜਾਣੀ ਲਾਜ਼ਮੀ ਹੈ। ਹਰ ਵਰਗ ਵਿੱਚ ਇੱਕ ਸੰਸਥਾ ਵਿੱਚ ਵੱਧ ਤੋਂ ਵੱਧ ਦੋ ਵਿਦਿਆਰਥੀ ਹੀ ਭੇਜੇ ਜਾ ਸਕਦੇ ਹਨ। ਜ਼ਿਲ੍ਹਾ ਪੱਧਰ ‘ਤੇ ਹਰ ਵਰਗ ਵਿੱਚੋਂ ਪਹਿਲੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀ ਰਾਜ ਪੱਧਰ ਦੇ ਮੁਕਾਬਲੇ ਵਿੱਚ ਹਿੱਸਾ ਲੈਣਗੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਪਹਿਲੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀ ਨੂੰ 1000/- ਰੁਪਏ, ਦੂਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਨੂੰ 750/- ਰੁਪਏ ਅਤੇ ਤੀਜੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀ ਨੂੰ 500/- ਰੁਪਏ ਨਗਦ ਜਾਂ ਵਿਭਾਗੀ ਪੁਸਤਕਾਂ ਦੇ ਸੈੱਟ ਦੇ ਰੂਪ ਵਿੱਚ ਦਿੱਤੇ ਜਾਣਗੇ।
ਜ਼ਿਲ੍ਹਾ ਭਾਸ਼ਾ ਅਫਸਰ ਨੇ ਜ਼ਿਲਾ ਕਪੂਰਥਲਾ ਦੇ ਸਮੂਹ (ਸਰਕਾਰੀ/ਪ੍ਰਾਈਵੇਟ/ਏਡਿਡ/ਮਾਨਤਾ ਪ੍ਰਾਪਤ) ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਵਿੱਚ ਭਾਗ ਲੈਣਾ ਦੀ ਅਪੀਲ ਕਰਦਿਆਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਨੂੰ ਆਪਣੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀਆਂ ਐਂਟਰੀਆਂ 30 ਮਈ 2025 ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਦੇ ਕਮਰਾ ਨੰਬਰ 404, ਚੌਥੀ ਮੰਜ਼ਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿੱਚ ਦਸਤੀ ਜਾਂ ਵਿਭਾਗ ਦੀ ਈਮੇਲ [email protected] ‘ਤੇ ਭੇਜੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
Leave a Reply