August 17, 2026

Justice News

ਅਵਾਮ ਦੀ ਆਵਾਜ਼

15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਈਸੜੂ ਵਿਖੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ :- ਏ.ਡੀ.ਸੀ ਸ਼ਿਖਾ ਭਗਤ

ਈਸੜੂ, ਖੰਨਾ,/ਲੁਧਿਆਣਾ ( ਜਸਟਿਸ ਨਿਊਜ਼)
ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ (ਖੰਨਾ) ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ।
ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ਼ਿਖਾ ਭਗਤ ਅਤੇ ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਪਿੰਡ ਈਸੜੂ ਵਿਖੇ ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਖੰਨਾ ਸ਼ਿਖਾ ਭਗਤ ਅਤੇ ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ।
ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਰਾਜ ਪੱਧਰੀ ਸਮਾਗਮ ਦੇ ਆਯੋਜਨ ਲਈ ਪਿੰਡ ਈਸੜੂ ਵਿਖੇ ਸ਼ਮੂਲੀਅਤ ਕਰਨ ਵਾਲੀ ਸੰਗਤ ਦੇ ਬੈਠਣ ਦਾ ਪ੍ਰਬੰਧ ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਜੀ ਦੇ ਆਦਮਕੱਦ ਬੁੱਤ ਅਤੇ ਸਮਾਰਕ ਦੀ ਦਿੱਖ ਸਵਾਰਨ ਅਤੇ ਸ਼ਮਿਆਨਾ ਆਦਿ ਲਗਾਉਣ ਲਈ ਵੀ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਖੰਨਾ ਪੁਲਸ ਵੱਲੋਂ ਕੀਤੇ ਜਾਣਗੇ। ਇਸ ਮੌਕੇ ਪਾਰਕਿੰਗ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪੁਲਿਸ ਵਿਭਾਗ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਚਾਲੂ ਰੱਖਣ ਲਈ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.