ਤਿਉਹਾਰੀ ਸੀਜ਼ਨ ਮੱਦੇਨਜ਼ਰ ਨਕਲੀ ਮਠਿਆਈ/ਖਾਧ ਪਦਾਰਥ ਵੇਚਣ ਵਾਲਿਆਂ ਉੱਪਰ ਜ਼ਿਲ੍ਹਾ ਪ੍ਰਸ਼ਾਸ਼ਨ ਕਰੇਗਾ ਸਖਤ ਕਾਰਵਾਈ
ਤਿਉਹਾਰਾਂ ਦੇ ਸੀਜ਼ਨ ਕਰਕੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਰਲ ਕੇ ਇਸ ਸਬੰਧੀ ਚੈਕਿੰਗਾਂ ਹੋਰ ਤੇਜ ਕਰਨ ਨੂੰ ਯਕੀਨੀ ਬਣਾਉਣ ਅਤੇ ਇਸ ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ, ਦੁਕਾਨਾਂਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖਤ ਕਾਰਵਾਈ ਕਰੇਗਾ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਕਰਨ ਮੌਕੇ ਕੀਤਾ। ਉਨ੍ਹਾਂ ਇਸ ਚੈਕਿੰਗ ਮੁਹਿੰਮ ਨੂੰ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰਨ ਦੇ ਸਖਤ ਦਿਸ਼ਾ ਨਿਰਦੇਸ਼ ਵਿਭਾਗਾਂ ਨੂੰ ਜਾਰੀ ਕੀਤੇ ਅਤੇ ਮਠਿਆਈ ਵਿਕਰੇਤਾਵਾਂ,ਦੁਕਾਨਾਂਦਾਰਾਂ,ਰੇਹੜੀ ਫੜ੍ਹੀ ਵਾਲਿਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਕਿਸੇ ਵੀ ਕਾਨੂੰਨੀ ਕਾਰਵਾਈ ਵਿੱਚ ਫਸਣ ਤੋਂ ਬਚਣ ਲਈ ਫੂਡ ਸੇਫ਼ਟੀ ਐਕਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਉਹ ਰੋਜਾਨਾ ਹੁੰਦੀਆਂ ਚੈਕਿੰਗਾਂ ਦੀ ਕੰਪਾਈਲ ਰਿਪੋਰਟ ਖੁਦ ਦੇਖਣਗੇ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿਹਤ ਅਫ਼ਸਰ-ਕਮ-ਡੈਜੀਗਨੇਟਰਡ ਅਫ਼ਸਰ ਫੂਡ ਡਾ ਸੰਦੀਪ ਸਿੰਘ, ਫੂਡ ਸੇਫਟੀ ਅਫ਼ਸਰ ਯੋਗੇਸ਼ ਗੋਇਲ, ਫੂਸ ਸੇਫਟੀ ਅਫ਼ਸਰ ਲਵਦੀਪ ਸਿੰਘ ਅਤੇ ਹੋਰ ਵੀ ਅਧਿਕਾਰੀ ਸ਼ਾਮਿਲ ਸਨ।