August 17, 2026

Justice News

ਅਵਾਮ ਦੀ ਆਵਾਜ਼

ਕਿਸਾਨਾਂ ਦੀ ਫ਼ਸਲ 48 ਘੰਟਿਆਂ ਵਿੱਚ ਖਰੀਦ ਕੇ 72 ਘੰਟਿਆਂ ਅੰਦਰ ਕੀਤੀ ਜਾ ਰਹੀ ਅਦਾਇਗੀ- ਡਿਪਟੀ ਕਮਿਸ਼ਨਰ

ਮੋਗਾ (ਮਨਪ੍ਰੀਤ ਸਿੰਘ/ ਗੁਰਜੀਤ ਸੰਧੂ   )
 ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲ ਰਿਹਾ ਹੈ। ਕਿਸਾਨਾਂ ਦੀ ਫ਼ਸਲ 48 ਘੰਟਿਆਂ ਅੰਦਰ ਖਰੀਦ ਕੇ 72 ਘੰਟਿਆਂ ਵਿੱਚ ਅਦਾਇਗੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
  ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 5665 ਮੀਟਰਕ ਟਨ ਝੋਨੇ ਦੀ ਖਰੀਦ ਨਾਲੋਂ ਨਾਲ ਕਰ ਲਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨੂੰ ਕਾਰਗਰ ਢੰਗ ਨਾਲ ਨਜਿੱਠਿਆ ਜਾ ਰਿਹਾ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਨੋਡਲ ਅਫ਼ਸਰਾਂ/ਕਲੱਸਟਰ ਅਫ਼ਸਰਾਂ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਦੱਸਿਆ ਕਿ ਕੋਈ ਵੀ ਕਿਸਾਨ ਸੁਪਰ ਐਸ.ਐਮ.ਐਸ. ਲੱਗੇ ਵਾਲੀ ਕੰਬਾਈਨ ਤੋਂ ਬਗੈਰ ਝੋਨੇ ਦੀ ਵਢਾਈ ਨਾ ਕਰਵਾਉਣ ਕਿਉਂਕਿ ਇਹ ਗੈਰਕਾਨੂੰਨੀ ਹੈ। ਕਿਸਾਨ ਝੋਨੇ ਦੀ ਪਰਾਲੀ ਜਾਂ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਕੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾਉਣ।
 ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਕਿਹਾ ਕਿ ਮੰਡੀਆਂ ਵਿੱਚ ਸਿਰਫ 17 ਫੀਸਦੀ ਜਾਂ ਇਸ ਤੋਂ ਘੱਟ ਨਮੀ ਵਾਲੇ ਝੋਨੇ ਦੀ ਫਸਲ ਹੀ ਲਿਆਂਦੀ ਜਾਵੇ। ਓਹਨਾਂ ਕਿਹਾ ਕਿ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਦੇ ਆਦੇਸ਼ਾਂ ਦੀ ਵੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.