August 17, 2026

Justice News

ਅਵਾਮ ਦੀ ਆਵਾਜ਼

ਬੁੱਢੇ ਦਰਿਆ’ ਵਿੱਚ ਗੋਬਰ ਸੁੱਟਣ ਤੋਂ ਰੋਕਿਆ ਜਾਵੇ; ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਰੋ ਕਾਰਵਾਈ – ਰਾਜ ਸਭਾ ਐਮ.ਪੀ. ਸੀਚੇਵਾਲ

ਲੁਧਿਆਣਾ  (  ਜਸਟਿਸ ਨਿਊਜ਼ )

ਸੋਮਵਾਰ ਨੂੰ ਸੀਵਰ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਜਮਾਲਪੁਰ ਵਿਖੇ ‘ਬੁੱਢੇ ਦਰਿਆ’ ਵਿੱਚ ਪ੍ਰਦੂਸ਼ਣ ਘਟਾਉਣ ਦੇ ਸੰਦਰਭ ਵਿੱਚ ਇੱਕ ਸਮੀਖਿਆ ਮੀਟਿੰਗ ਕਰਦੇ ਹੋਏ, ਰਾਜ ਸਭਾ ਐਮ.ਪੀ. ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਧਿਕਾਰੀਆਂ ਨੂੰ ਦਰਿਆ ਵਿੱਚ ਗੋਬਰ ਸੁੱਟਣ ਤੋਂ ਰੋਕਣ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਇਹ ਦੱਸਦੇ ਹੋਏ ਕਿ ਉਨ੍ਹਾਂ ਦਾ ਉਦੇਸ਼ ਪਿੰਡ ਵਲੀਪੁਰ ਤੱਕ ‘ਬੁੱਢੇ ਦਰਿਆ’ ਨੂੰ ਸਾਫ਼ ਕਰਨਾ ਹੈ, ਰਾਜ ਸਭਾ ਮੈਂਬਰ ਸੀਚੇਵਾਲ ਨੇ ਕਿਹਾ ਕਿ ਇਹ ਕੰਮ ਪੜਾਅਵਾਰ ਪੂਰਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਜੇਕਰ ਲੋੜ ਪਈ ਤਾਂ ਉਲੰਘਣਾ ਕਰਨ ਵਾਲਿਆਂ ‘ਤੇ ਵਾਤਾਵਰਣ ਮੁਆਵਜ਼ਾ (ਈ.ਸੀ.) ਵੀ ਲਗਾਇਆ ਜਾਵੇ।

ਬੁੱਢੇ ਦਰਿਆ ਵਿੱਚ ਅਣਸੋਧਿਆ ਉਦਯੋਗਿਕ ਗੰਦਾ ਪਾਣੀ ਸੁੱਟਣ ਵਿਰੁੱਧ ਵੀ ਇਸੇ ਤਰ੍ਹਾਂ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਅਧਿਕਾਰੀਆਂ ਨੂੰ ਨਿਗਰਾਨੀ ਰੱਖਣ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਮੀਟਿੰਗ ਵਿੱਚ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਵਧੀਕ ਮੁੱਖ ਪ੍ਰਸ਼ਾਸਕ (ਏ.ਸੀ.ਏ.) ਗਲਾਡਾ ਓਜਸਵੀ ਅਲੰਕਾਰ, ਡੀ.ਐਸ.ਪੀ. ਕੁਲਵੰਤ ਸਿੰਘ, ਨਿਗਰਾਨ ਇੰਜੀਨੀਅਰ ਏਕਜੋਤ ਸਿੰਘ ਸਮੇਤ ਪੀ.ਪੀ.ਸੀ.ਬੀ., ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਨਗਰ ਨਿਗਮ ਆਦਿ ਦੇ ਹੋਰ ਅਧਿਕਾਰੀ ਮੌਜੂਦ ਸਨ।

ਰਾਜ ਸਭਾ ਮੈਂਬਰ ਸੀਚੇਵਾਲ ਨੇ ਕਿਹਾ ਕਿ ਗੋਬਰ ਦੀ ਡੰਪਿੰਗ ਨਾ ਸਿਰਫ਼ ‘ਬੁੱਢੇ ਦਰਿਆ’ ਨੂੰ ਪ੍ਰਦੂਸ਼ਿਤ ਕਰ ਰਹੀ ਹੈ, ਸਗੋਂ ਇਹ ਐਫਲੂਐਂਟ ਟ੍ਰੀਟਮੈਂਟ ਪਲਾਂਟਾਂ (ਈ.ਟੀ.ਪੀ.) ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ.) ਦੇ ਕੰਮਕਾਜ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਬਾਇਓਗੈਸ ਪਲਾਟਾਂ ਨੂੰ ਸਥਾਪਤ ਕਰਨ ਦੇ ਕੰਮ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।

ਰਾਜ ਸਭਾ ਮੈਂਬਰ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਵਸਨੀਕਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਨਾਲ ਹੱਥ ਮਿਲਾਉਣ ਦੀ ਅਪੀਲ ਕੀਤੀ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਬਚਾਉਣ ਲਈ ਸਾਂਝੇ ਯਤਨ ਕੀਤੇ ਜਾ ਸਕਣ।

ਰਾਜ ਸਭਾ ਮੈਂਬਰ ਸੀਚੇਵਾਲ ਨੇ ਕਿਹਾ ਕਿ ਉਹ ਕਿਸੇ ਵੀ ਖੇਤਰ/ਉਦਯੋਗ ਦੇ ਵਿਰੁੱਧ ਨਹੀਂ ਹਨ, ਪਰ ਕਿਸੇ ਨੂੰ ਵੀ ‘ਬੁੱਢੇ ਦਰਿਆ’ ਵਿੱਚ ਕੂੜਾ ਸੁੱਟਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਬਾਅਦ ਵਿੱਚ, ਰਾਜ ਸਭਾ ਮੈਂਬਰ ਸੀਚੇਵਾਲ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ ਸਮੇਤ ਹੋਰਨਾਂ ਨੇ ਤਾਜਪੁਰ ਰੋਡ ‘ਤੇ ਬੁੱਢੇ ਦਰਿਆ ਦੇ ਕੰਢੇ ਪੌਦੇ ਵੀ ਲਗਾਏ।

Leave a Reply

Your email address will not be published. Required fields are marked *

Copyright © All rights reserved. | Newsphere by AF themes.