August 17, 2026

Justice News

ਅਵਾਮ ਦੀ ਆਵਾਜ਼

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼, 10 ਪਿਸਤੌਲਾਂ, 500 ਗ੍ਰਾਮ ਅਫ਼ੀਮ ਸਮੇਤ ਤਿੰਨ ਕਾਬੂ

ਰਣਜੀਤ ਸਿੰਘ ਮਸੌਣ/ਜੋਗਾ ਸਿੰਘ/ ਰਾਜਪੂਤ ਰਾਘਵ ਅਰੋੜਾ/ ਚੰਡੀਗੜ੍ਹ
/ਅੰਮ੍ਰਿਤਸਰ,
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਸੰਗਠਿਤ ਹਥਿਆਰ ਅਤੇ ਨਾਰਕੋ ਤਸ਼ਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 10 ਆਧੁਨਿਕ ਪਿਸਤੌਲਾਂ ਅਤੇ 500 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਉਰਫ਼ ਸਾਗਰ (28) ਵਾਸੀ ਫੈਜ਼ਪੁਰਾ, ਅੰਮ੍ਰਿਤਸਰ, ਸੁਰਿੰਦਰ ਸਿੰਘ ਉਰਫ਼ ਪਾਲੀ (24) ਵਾਸੀ ਪਿੰਡ ਟਾਲੀ ਵਾਲਾ, ਫਾਜ਼ਿਲਕਾ ਅਤੇ ਜਗਜੀਤ ਸਿੰਘ (25) ਵਾਸੀ ਚੀਮਾ ਕਲਾਂ, ਤਰਨਤਾਰਨ ਵੱਜੋਂ ਹੋਈ ਹੈ। ਇਹਨਾਂ ਕੋਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਛੇ .30 ਬੋਰ ਦੇ ਪਿਸਤੌਲ ਸ਼ਾਮਲ ਹਨ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤਸ਼ਕਰੀ ਦਾ ਅੰਤਰ-ਜ਼ਿਲ੍ਹਾ ਗਿਰੋਹ ਚਲਾ ਰਹੇ ਸਨ ਅਤੇ ਪਾਕਿਸਤਾਨ ਅਧਾਰਿਤ ਇੱਕ ਹੈਂਡਲਰ ਨਾਲ ਜੁੜੇ ਹੋਏ ਸਨ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕੀਤੇ ਜਾਣੇ ਸਨ।ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।
ਇਸ ਆਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂ ਵਿੱਚ ਦੋਸ਼ੀ ਰਾਜਨ ਨੂੰ ਇੱਕ .30 ਬੋਰ ਪਿਸਤੌਲ ਅਤੇ ਕਾਫ਼ੀ ਮਾਤਰਾ ਵਿੱਚ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸਦੀ ਪੁੱਛਗਿੱਛ ਨਾਲ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਹੋਇਆ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ, ਬਾਅਦ ਵਿੱਚ ਸੁਰਿੰਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸਦੇ ਕਬਜ਼ੇ ਵਿੱਚੋਂ ਤਿੰਨ .30 ਬੋਰ ਦੇ ਪਿਸਤੌਲ ਅਤੇ ਇੱਕ 9 ਐਮਐਮ ਪਿਸਤੌਲ ਬਰਾਮਦ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਸਦਕਾ ਤੀਜੇ ਦੋਸ਼ੀ ਜਗਜੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ ਤਿੰਨ 9 ਐਮਐਮ ਗਲੌਕ ਪਿਸਤੌਲ ਅਤੇ ਦੋ .30 ਬੋਰ ਦੇ ਪਿਸਤੌਲ ਬਰਾਮਦ ਕੀਤੇ ਗਏ।
ਸੀਪੀ ਨੇ ਦੱਸਿਆਂ ਕਿ ਦੋਸ਼ੀ ਜਗਜੀਤ ਸਿੰਘ ਚਾਰ ਮਹੀਨੇ ਪਹਿਲਾਂ ਦੁਬਈ ਤੋਂ ਵਾਪਸ ਆਇਆ ਸੀ। ਸੁਰਿੰਦਰ ਦਾ ਪਿੰਡ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਹੈ, ਜਦੋਂਕਿ ਜਗਜੀਤ ਦਾ ਜੱਦੀ ਪਿੰਡ ਜ਼ਿਲ੍ਹਾ ਤਰਨਤਾਰਨ ਵਿਖੇ ਸਰਹੱਦ ਦੇ ਨੇੜੇ ਸਥਿਤ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਸ਼ੀ ਅੰਮ੍ਰਿਤਸਰ ਤੋਂ ਫਾਜ਼ਿਲਕਾ ਅਤੇ ਤਰਨ ਤਾਰਨ ਸੈਕਟਰਾਂ ਵਿੱਚ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਇਨ੍ਹਾਂ ਖੇਪਾਂ ਨੂੰ ਸਿੱਧੇ ਤੌਰ ‘ਤੇ ਅਤੇ ਸਥਾਨ-ਅਧਾਰਤ ਡਿਲੀਵਰੀ ਪ੍ਰਣਾਲੀਆਂ ਰਾਹੀਂ ਅੱਗੇ ਸਪਲਾਈ ਕਰ ਰਹੇ ਸਨ।
ਇਸ ਸਬੰਧੀ, ਐਫਆਈਆਰ ਨੰਬਰ 196 ਮਿਤੀ 08-10-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 18-ਬੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਦਰ ਅੰਮ੍ਰਿਤਸਰ ਕਮਿਸ਼ਨਰੇਟ ਵਿਖੇ ਦਰਜ ਕੀਤੀ ਗਈ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.