ਮੋਗਾ (ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਹਾਲ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਦੀ ਅਗਵਾਈ ਹੇਠ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਵੱਲੋਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਮੁੱਦਿਆਂ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਹੋਏ ਵਿਸਥਾਰ ਨਾਲ ਚਰਚਾ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹਨਾਂ ਵੱਲੋਂ ਪਹਿਲਾਂ ਹੀ ਜ਼ਿਲ੍ਹੇ ਦੇ ਵੱਖ ਵੱਖ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਹਨ ਕਿ ਸੁਤੰਤਰਤਾ ਸੰਗਰਾਮੀਆਂ ਨਾਲ ਸੰਬੰਧਤ ਮਸਲਿਆਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਦਫ਼ਤਰ ਵਿੱਚ ਆਉਣ ਸਮੇਂ ਬਣਦਾ ਮਾਣ-ਸਨਮਾਨ ਵੀ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਯਕੀਨ ਦਵਾਇਆ ਕਿ ਪ੍ਰਸ਼ਾਸਨ ਆਜ਼ਾਦੀ ਸੰਘਰਸ਼ੀ ਯੋਧਿਆਂ ਅਤੇ ਉਨ੍ਹਾਂ ਦੇ ਆਸ਼੍ਰਿਤਾਂ ਦੀਆਂ ਸਾਰੀਆਂ ਸਮੱਸਿਆਵਾਂ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹੈ। ਉਹਨਾਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਸਕੂਲਾਂ ਦੇ ਨਾਮ ਜਿਹੜੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ਉੱਪਰ ਰੱਖੇ ਜਾ ਰਹੇ ਹਨ ਉਹਨਾਂ ਕੇਸਾਂ ਦੇ ਢੁਕਵੇਂ ਹੱਲ ਕੀਤੇ ਜਾਂਦੇ ਜਾਣਗੇ।
ਇਸ ਮੌਕੇ ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ (ਰਜਿ) 196 ਦੇ ਸੂਬਾ ਪ੍ਰਧਾਨ ਚੇਤਨ ਸਿੰਘ ਮਾਨਸਾ, ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ, ਜ਼ਿਲ੍ਹਾ ਪ੍ਰੈਸ ਸਕੱਤਰ ਕੁਲਦੀਪ ਗਰੋਵਰ, ਅਖਿਲ ਭਾਰਤੀਯ ਫਰੀਡਮ ਫਾਈਟਰ ਅਤੇ ਉਤਰਾਧਿਕਾਰੀ ਸੰਯੁਕਤ ਸੰਗਠਨ ਦੇ ਪੰਜਾਬ ਪ੍ਰਧਾਨ ਗੁਰਚਰਨ ਸਿੰਘ ਸੰਘਾ, ਡਾ. ਪਵਨ ਥਾਪਰ ਅਤੇ ਵੱਡੀ ਗਿਣਤੀ ਵਿੱਚ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਿਕ ਮੈਂਬਰ ਹਾਜਰ ਸਨ।
Leave a Reply