August 17, 2026

Justice News

ਅਵਾਮ ਦੀ ਆਵਾਜ਼

ਪ੍ਰਸ਼ਾਸ਼ਨ ਦੀ ਪ੍ਰਚਾਰ ਵੈਨਾਂ ਰਾਹੀਂ ਪਰਾਲੀ ਨਾ ਸਾੜਨ ਦੀ ਜਾਗਰੂਕਤਾ ਮੁਹਿੰਮ ਨੂੰ ਕਿਸਾਨਾਂ ਵੱਲੋਂ ਦਿੱਤਾ ਜਾ ਰਿਹੈ ਭਰਵਾਂ ਹੁੰਗਾਰਾ

ਮੋਗਾ (ਮਨਪ੍ਰੀਤ ਸਿੰਘ/ ਗੁਰਜੀਤ ਸੰਧੂ   )
 ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਝੋਨੇ ਦੀ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਜੀਰੋ ਕਰਨ ਲਈ ਯਤਨਸ਼ੀਲ ਹੈ। ਪ੍ਰਸ਼ਾਸ਼ਨ ਵੱਲੋਂ ਇਸ ਖੇਤਰ ਵਿੱਚ ਪਹਿਲਾਂ ਤੋਂ ਹੀ ਜਮੀਨੀ ਪੱਧਰ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ। ਪਰਾਲੀ ਸਾੜਨ ਨਾਲ ਵਾਤਾਵਰਨ ਉਪਰ ਹੋਣ ਵਾਲੇ ਮਾਰੂ ਪ੍ਰਭਾਵਾਂ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਪਿੰਡ ਪੱਧਰੀ ਜਾਗਰੂਕਤਾ ਮੁਹਿੰਮ ਪੂਰੇ ਜੋਰਾਂ ਸ਼ੋਰਾਂ ਨਾਲ ਚਲਾਈ ਜਾ ਰਹੀ ਹੈ।
 ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਕੈਂਪਾਂ ਤੋਂ ਇਲਾਵਾ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਨੂੰ ਤਕਰੀਬਨ ਇੱਕ ਮਹੀਨਾ ਪਹਿਲਾਂ ਪਿੰਡਾਂ ਵਿੱਚ ਭੇਜਿਆ ਗਿਆ ਸੀ, ਜਿਹੜੀਆਂ ਕਿ ਨਿੱਤ ਦਿਨ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਇਸ ਪ੍ਰਤੀ ਜਾਗਰੂਕ ਕਰ ਰਹੀਆਂ ਹਨ ਅਤੇ ਪਿੰਡਾਂ ਦੇ ਕਿਸਾਨਾਂ ਵੱਲੋਂ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਜਾਗਰੂਕਤਾ ਸਮੱਗਰੀ ਵੀ ਇਹਨਾਂ ਪ੍ਰਚਾਰ ਵੈਨਾਂ ਰਾਹੀਂ ਪਿੰਡ ਪਿੰਡ ਪਹੁੰਚਦੀ ਕੀਤੀ ਜਾ ਰਹੀ ਹੈ।
 ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ 19 ਸਤੰਬਰ ਤੋਂ ਸ਼ੁਰੂ ਹੋਈ ਇਸ ਮੁਹਿੰਮ ਜਰੀਏ ਹੁਣ ਤੱਕ ਮੋਗਾ ਦੇ ਹਰੇਕ ਪਿੰਡ ਵਿੱਚ ਇੱਕ ਵੈਨ 5 ਵਾਰ ਦੌਰਾ ਕਰਕੇ ਜਾਗਰੂਕਤਾ ਫੈਲਾਅ ਚੁੱਕੀ ਹੈ। ਅਗਲੇ ਦਿਨਾਂ ਵਿੱਚ ਵੀ ਇਹ ਵੈਨਾਂ ਇਸੇ ਤਰ੍ਹਾਂ ਦੌਰਾ ਕਰਕੇ ਪ੍ਰਤੀ ਪਿੰਡ ਵਿੱਚ ਦੋ ਵਾਰ ਹੋਰ ਜਾਗਰੂਕਤਾ ਫੈਲਾਉਣਗੀਆਂ ਭਾਵ ਇੱਕ ਪਿੰਡ ਵਿੱਚ ਇੱਕ ਪ੍ਰਚਾਰ ਵੈਨ 7 ਵਾਰ ਦੌਰਾ ਕਰਕੇ ਜਾਗਰੂਕ ਕਰੇਗੀ। ਵੈਨਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਦੇ ਵੱਖ-ਵੱਖ ਤਰੀਕਿਆਂ ਸਬੰਧੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ।
 ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿੱਚ ਹੀ ਵਾਹ ਕੇ ਇਸ ਦੀਆਂ ਗਠਾਂ ਬਨਵਾਂ ਕੇ ਇਸਦੀ ਸੁਚੱਜੀ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਪਾ ਸਕਣ।
 ਜਿਕਰਯੋਗ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਉਪਰ ਨਜਰਸਾਨੀ ਤੇ ਕਾਰਵਾਈ ਲਈ ਜ਼ਿਲ੍ਹੇ ਵਿੱਚ 27 ਕਲੱਸਟਰ ਅਫ਼ਸਰ ਤੇ 152 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਜ਼ਿਲ੍ਹੇ ਦੇ 40 ਪਿੰਡਾਂ ਵਿੱਚ 62 ਏਕੜ ਜਮੀਨ ਅੰਦਰ ਝੋਨੇ ਦੀ ਪਰਾਲੀ ਦੀਆਂ ਗੱਠਾਂ ਸਾਂਭਣ ਲਈ ਸਟੋਰੇਜ ਥਾਵਾਂ ਬਣਾਈਆਂ ਗਈਆਂ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.