August 17, 2026

Justice News

ਅਵਾਮ ਦੀ ਆਵਾਜ਼

ਡੋਪ ਟੈਸਟ ਸਰਟੀਫ਼ਿਕੇਟ ਲਈ 15000 ਰੁਪਏ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ  (   ਪੱਤਰ ਪ੍ਰੇਰਕ )
ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੂੰ ਰੇਸ਼ਮ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜ਼ੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਅਸਲਾ ਲਾਇਸੈਂਸ ਲਈ ਨੈਗੇਟਿਵ ਡੋਪ ਟੈਸਟ ਸਰਟੀਫ਼ਿਕੇਟ ਜਾਰੀ ਕਰਵਾਉਣ ਲਈ 15000 ਰੁਪਏ ਦੀ ਰਿਸ਼ਵਤ ਮੰਗੀ ਹੈ।ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜ਼ੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਟੀਮ ਨੇ ਇੱਕ ਜਾਲ ਵਿਛਾਇਆ, ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜ਼ੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ।
ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਦੇ ਤਹਿਤ ਮੁਹਾਲੀ ਵਿਖੇ ਵਿਜ਼ੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਥਾਣੇ ਵਿੱਚ ਮੁਕੱਦਮਾਂ ਦਰਜ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆਂ ਕਿ ਗ੍ਰਿਫ਼ਤਾਰ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਹੋਏ ਖੁਲਾਸੇ ਦੇ ਆਧਾਰ ‘ਤੇ ਅਪਰਾਧ ਵਿੱਚ ਹੋਰ ਮੁਲਜ਼ਮਾਂ ਦੀ ਸ਼ਮੂਲੀਅਤ ਅਤੇ ਕਾਰਜ-ਪ੍ਰਣਾਲੀ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.