August 17, 2026

Justice News

ਅਵਾਮ ਦੀ ਆਵਾਜ਼

ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਅਨੁਸੂਚਿਤ ਜਾਤੀ ਦੇ ਕਿਸਾਨ ਦੇਣ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ

ਲੁਧਿਆਣਾ( ਵਿਜੇ ਭਾਂਬਰੀ )
-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ.ਗੁਰਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹਾ ਲੁਧਿਆਣਾ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 81.5 ਪ੍ਰਤੀਸ਼ਤ ਦੀ ਕਮੀ ਦਰਜ ਕੀਤੀ ਗਈ ਸੀ ਜੋ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਨਾਲੋਂ ਵੱਧ ਸੀ। ਇਸ ਸਾਲ ਵੀ ਹੁਣ ਤੱਕ ਪਿਛਲੇ ਸਾਲ ਦੇ ਮੁਕਾਬਲੇ ਇਨ੍ਹਾਂ ਘਟਨਾਵਾਂ ਵਿੱਚ 77.5 % ਕਮੀ ਦਰਜ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਜ਼ਿਲ੍ਹੇ ਅੰਦਰ ਕਿਸਾਨਾਂ ਵਲੋਂ ਦਿੱਤੇ ਸਹਿਯੋਗ, ਸਬਸਿਡੀ ‘ਤੇ ਮੁਹੱਈਆ ਕਰਵਾਈਆ ਤਕਰੀਬਨ 9000 ਤੋਂ ਵੱਧ ਖੇਤੀ ਮਸ਼ੀਨਾਂ ਕਾਰਨ ਅਤੇ ਖੇਤੀਬਾੜੀ ਵਿਭਾਗ ਵਲੋਂ ਵੱਡੇ ਪੱਧਰ ਤੇ ਚਲਾਏ ਜਾਗਰੁਕਤਾ ਅਭਿਆਨ ਕਾਰਨ ਹੀ ਸੰਭਵ ਹੋ ਸਕਿਆ ਸੀ। ਇਸੇ ਲੜੀ ਵਿੱਚ ਪੰਜਾਬ ਸਰਕਾਰ ਵੱਲੋ ਫਸਲਾਂ ਦੀ ਰਹਿੰਦ-ਖੂੰਹਦ ਜਿਵੇਂ ਝੋਨੇ ਦੀ ਪਰਾਲੀ ਆਦਿ ਦੀ ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਇਸ ਸਾਲ ਵੀ ਸਬਸਿਡੀ ਮੁਹੱਈਆ ਕਰਵਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਹੁਣ ਖੇਤੀ ਮਸ਼ੀਨਰੀ ਤੇ ਸਬਸਿਡੀ ਲਈ ਅਨੁਸੂਚਿਤ ਜਾਤੀ ਦੇ ਕਿਸਾਨਾਂ ਪਾਸੋਂ ਹੋਰ ਮੰਗ ਪ੍ਰਾਪਤ ਹੋਣ ਕਾਰਨ ਕੇਵਲ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੋਂ ਹੋਰ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ‘ਤੇ 3 ਨਵੰਬਰ 2025 ਸ਼ਾਮ 5.00 ਵਜੇ ਤੱਕ ਦੇ ਸਕਦੇ ਹਨ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਅਨੁਸੂਚਿਤ ਜਾਤੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹਾ ਲੁਧਿਆਣਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਬਿਲਕੁਲ ਖਤਮ ਕੀਤਾ ਜਾ ਸਕੇ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋ ਬਚਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ / ਸਹਾਇਕ ਖੇਤੀਬਾੜੀ ਇੰਜਨੀਅਰ (ਸੰਦ) ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ। ਉਨਾਂ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇ ਕਿ ਬੇਲਰ, ਰੇਕ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਜ਼ੀਰੋ ਟਿੱਲ ਡਰਿੱਲ, ਉਲਟਾਵਾਂ ਪਲਾਓ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਕਰਾਪ ਰੀਪਰ, ਸ਼ਰੱਬ ਮਾਸਟਰ/ ਰੋਟਰੀ ਮਲੈਸ਼ਰ ਅਤੇ ਕੰਬਾਈਨ ਤੇ ਲੱਗਣ ਵਾਲਾ ਸੁਪਰ ਐਸ.ਐਮ.ਐਸ. ਆਦਿ ਮਸ਼ੀਨਾਂ ਦੀ ਖਰੀਦ ਤੇ 50 ਫੀਸਦੀ ਤੋਂ 80 ਫੀਸਦੀ ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹਨ।
ਸਹਾਇਕ ਖੇਤੀਬਾੜੀ ਇੰਜਨੀਅਰ ਲੁਧਿਆਣਾ ਇੰਜਨੀਅਰ ਅਮਨਪ੍ਰੀਤ ਸਿੰਘ ਘੇਈ ਨੇ ਦੱਸਿਆ ਕਿ ਅਰਜ਼ੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਆਦਿ ਦੀਆਂ ਸਕੈਨਡ ਕਾਪੀਆਂ ਹੋਣਾ ਲਾਜ਼ਮੀ ਹੈ। ਇਹ ਕਿਸਾਨ ਕਸਟਮ ਹਾਇਰਿੰਗ ਸੈਂਟਰ ਜਾਂ ਪੈਡੀ ਸਟਰਾ ਸਪਲਾਈ ਚੇਨ ਸਕੀਮ ਲਈ ਵੀ ਅਪਲਾਈ ਕਰ ਸਕਦੇ ਹਨ। ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ ਤੇ ਡਰਾਅ ਸਿਸਟਮ ਰਾਹੀਂ ਯੋਗ ਬਿਨੈਕਾਰਾਂ ਦੀ ਚੋਣ ਕੀਤੀ ਜਾਵੇਗੀ। ਕਿਸਾਨਾਂ ਨੂੰ ਮੰਨਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਅਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਲੋੜ ਪੈਣ ਤੇ ਜਾਂ ਕਿਸੇ ਸਮੱਸਿਆ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਸੰਪਰਕ ਕਰਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਪਹਿਲਾਂ ਉਪਲਭਧ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਵਾਤਾਵਰਣ ਪ੍ਰਦੂਸ਼ਣ ਘਟਾਉਣ ਦੀ ਵੀ ਅਪੀਲ ਕੀਤੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.