ਮਾਲੇਰਕੋਟਲਾ — ( ਸ਼ਹਿਬਾਜ਼ ਚੌਧਰੀ)
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜਿਲਾ ਮਾਲੇਰਕੋਟਲਾ ਦੇ ਜਿਲ੍ਹਾ ਪ੍ਰੈੱਸ ਸਕੱਤਰ ਮਨਜਿੰਦਰ ਸਿੰਘ ਢਢੋਗਲ, ਸੂਬਾ ਆਗੂ ਮਨਪ੍ਰੀਤ ਸਿੰਘ ਕੁੱਪ ਕਲਾਂ, ਜਿਲਾ ਪ੍ਰਧਾਨ ਜਗਸੀਰ ਸਿੰਘ ਬੁਲਾਪੁਰ ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆ ਕਿਹਾ ਕਿ ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਇਕ ਪਾਸੇ ਪੇਂਡੂ ਜਲ ਸਪਲਾਈ ਸਕੀਮਾਂ ਤੇ ਫੀਲਡ ਅਤੇ ਦਫਤਰਾਂ ’ਚ ਪਿਛਲੇ 15-20 ਸਾਲਾਂ ਤੋਂ ਇਕ ਵਰਕਰ ਦੇ ਰੂਪ ਵਿੱਚ ਰੈਗੂਲਰ ਮੁਲਾਜਮਾਂ ਵਾਂਗ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਸਿੱਧਾ ਵਿਭਾਗ ’ਚ ਸ਼ਾਮਲ ਕਰਕੇ ਪੱਕਾ ਰੁਜਗਾਰ ਕਰਨ ਲਈ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੇਟ ਵੱਲੋਂ ਅਣਦੇਖੀ ਕੀਤੀ ਜਾ ਰਹੀ ਹੈ ਉਥੇ ਹੀ ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਅਤੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਲਾਗੂ ਕਰਕੇ ਵਰਕਰਾਂ ਦੇ ਕੱਚੇ ਪਿੱਲੇ ਰੁਜਗਾਰ ਨੂੰ ਖੋਹ ਕੇ ਬੇਰੁਜਗਾਰ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸਦੇ ਚਲਦੇ ਵਰਕਰਾਂ ਵੱਲੋਂ ਮਜਬੂਰੀ ਵੱਸ ਆਪਣੇ ਰੁਜਗਾਰ ਨੂੰ ਬਚਾਉਣ ਲਈ ਸੰਘਰਸ਼ ਦਾ ਰਸਤਾ ਅਪਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਇਕ ਵਰਕਰ ਦੇ ਰੂਪ ਵਿਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਜਿਵੇਂ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਨੂੰ ਤਜਰਬੇ ਦੇ ਅਧਾਰ ਤੇ ਸਬੰਧਤ ਵਿਭਾਗ ਵਿਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨਾ ਅਤੇ ਜਦੋਂ ਤੱਕ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਮੰਗ ਦਾ ਹੱਲ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਲੇਬਰ ਐਕਟ 1948 ਅਤੇ 2019 ਵਿਚ 15ਵੀਂ ਲੇਬਰ ਕਮਿਸ਼ਨਰ ਦੀਆਂ ਸਿਫਾਰਸ਼ਾਂ ਅਨੁਸਾਰ ਘੱਟੋਂ-ਘੱਟ ਉਜਰਤ 34244 ਰੁਪਏ ਜਸਸ ਵਿਭਾਗ ’ਚ ਫੀਲਡ ਅਤੇ ਦਫਤਰਾਂ ਵਿੱਚ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਤੇ ਲਾਗੂ ਕਰਨਾ। ਵਰਕਰਾਂ ਨੂੰ ਈ.ਪੀ.ਐਫ., ਈ.ਐਸ.ਆਈ. ਸਹੂਲਤਾਂ ਦੇਣਾ। ਕਿਰਤ ਕਾਨੂੰਨ, ਬੋਨਸ ਦਾ ਭੁਗਤਾਨ ਐਕਟ, 1965 ਮੁਤਾਬਿਕ ਆਊਟਸੋਰਸ ਵਰਕਰਾਂ ਨੂੰ 8.33 ਪ੍ਰਤੀਸ਼ਤ ਬੋਨਸ ਤਨਖਾਹ ਦੇ ਨਾਲ ਦੇਣਾ। ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰ ਜੋਕਿ ਠੇਕਾ ਪ੍ਰਣਾਲੀ ਦਾ ਸੰਤਾਪ ਭੋਗਦੇ ਹੋਏ 58 ਸਾਲ ਉਮਰ ਹੋ ਗਈ ਹੈ, ਉਨ੍ਹਾਂ ਵੱਲੋਂ ਲਗਾਤਾਰ ਦਿੱਤੀਆਂ ਗਈਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਠੇਕਾ ਮੁਲਾਜਮਾਂ ਦੇ ਵਾਰਸਾਂ ਨੂੰ ਵੀ ਨੌਕਰੀ ਦੇਣਾ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਦੇ ਅਧੀਨ ਚੱਲ ਰਹੀਆਂ ਪੇਂਡੂ ਜਲ ਸਪਲਾਈ ਸਕੀਮਾਂ (ਜਲ ਘਰ) ਦਾ ਜਬਰੀ ਪੰਚਾਇਤੀਕਰਨ/ਪੰਚਾਇਤੀਕਰਨ, ਸਕਾਡਾ ਪ੍ਰਣਾਲੀ ਲਗਾਉਣ ਦੀਆਂ ਨੀਤੀਆਂ ਨੂੰ ਤੁਰੰਤ ਵਾਪਸ ਲੈਣਾ। ਪੰਚਾਇਤਾਂ ਨੂੰ ਹੈਡ ਓਵਰ ਕੀਤੀਆਂ ਜਲ ਸਪਲਾਈ ਸਕੀਮਾਂ ਮੁੜ ਵਿਭਾਗ ਅਧੀਨ ਕਰਨਾ ਆਦਿ ਹੱਕੀ ਤੇ ਜਾਇਜ ਮੰਗਾਂ ਹਨ।
ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਸਾਲਾਂਬੱਧੀ ਅਰਸ਼ੇ ਤੋਂ ਸੇਵਾਵਾਂ ਦੇ ਰਹੇ ਆਊਟਸੋਰਸ, ਇਨਲਿਸਟਮੈਂਟ ਸਮੇਤ ਹਰ ਤਰ੍ਹਾਂ ਦੇ ਠੇਕਾ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ਵਿੱਚ ਲਿਆ ਕੇ ਪੱਕਾ ਕਰਨ ਦੇ ਨਾਲ ਪੱਤਰ ਵਿੱਚ ਦਰਜ ਤਮਾਮ ਮੰਗਾਂ ਦਾ ਹੱਲ ਕਰਨ ਦੀ ਮੰਗ ਲਈ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਠੇਕਾ ਮੁਲਾਜ਼ਮ, ਜਿਮਨੀ ਚੋਣ ਦੇ ਦੌਰਾਨ ਵਿਧਾਨ ਸਭਾ ਹਲਕਾ ਤਰਨਤਾਰਨ ਵਿੱਚ ਮਿਤੀ 9 ਨਵੰਬਰ 2025 ਨੂੰ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31)ਜਿਲਾ ਮਾਲੇਰਕੋਟਲਾ ਦੇ ਵਰਕਰ ਸ਼ਾਮਲ ਹੋਣਗੇ। ਜਿਸਦੀ ਤਿਆਰੀ ਕੀਤੀ ਜਾ ਰਹੀ ਹੈ।
Leave a Reply