ਦਿਵਿਆਂਗਜਨਾਂ ਦੇ ਸਸ਼ਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ
ਲੁਧਿਆਣਾ ( ਜਸਟਿਸ ਨਿਊਜ਼ )
- ਦਿਵਿਆਂਗਜਨਾਂ ਦੇ ਸਸ਼ਕਤੀਕਰਨ ਤਹਿਤ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ 03 ਦਸੰਬਰ ਨੂੰ ਰਾਸ਼ਟਰੀ ਪੁਰਸਕਾਰ ਦਿੱਤੇ ਜਾਣੇ ਹਨ ਜਿਸਦੇ ਤਹਿਤ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵੱਲੋਂ 25 ਨਵੰਬਰ, 2025 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਸਸ਼ਕਤੀਕਰਨ ਲਈ ਸਟੇਟ ਅਵਾਰਡ ਸਕੀਮ ਤਹਿਤ ਯੋਗ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ – ਜਿਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ ਜਾਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈਆਂ ਹੋਣ, ਨੂੰ ਸਟੇਟ ਅਵਾਰਡ ਲਈ ਵਿਚਾਰਿਆ ਜਾਂਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ, ਜਿਨ੍ਹਾਂ ਵੱਲੋ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਅਤੇ ਯੋਗਦਾਨ ਪਾਏ ਗਏ ਹਨ, ਨੂੰ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ, ਨਵੀ ਦਿੱਲੀ ਵੱਲੋ ਰਾਸ਼ਟਰੀ ਪੁਰਸਕਾਰ ਦਿੱਤੇ ਜਾਣਗੇ।
ਬਿਨੈਕਾਰਾਂ ਪਾਸੋਂ ਅਰਜ਼ੀਆਂ ਪ੍ਰਾਪਤ ਕਰਨ ਦੀ ਮਿਤੀ 25 ਨਵੰਬਰ, 2025 ਨਿਰਧਾਰਿਤ ਕੀਤੀ ਗਈ ਹੈ। ਅਰਜੀਆਂ ਦੇਣ ਸਬੰਧੀ ਗਾਈਡਲਾਈਨਜ਼ ਅਤੇ ਪ੍ਰੋਫਾਰਮੇ ਸਥਾਨਕ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਸਮਾਜ ਭਲਾਈ ਕੰਪਲੈਕਸ, ਨੇੜੇ ਗਿੱਲ ਨਹਿਰ, ਸ਼ਿਮਲਾਪੁਰੀ ਵਿਖੇ ਪ੍ਰਾਪਤ ਕੀਤੇ ਜਾ ਸਕਦੇ ਹਨ।
ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਲੁਧਿਆਣਾ ਵਰਿੰਦਰ ਸਿੰਘ ਟਿਵਾਣਾ ਵੱਲੋ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 03 ਦਸੰਬਰ, 2025 ਨੂੰ ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਪੁਰਸਕਾਰਾਂ ਲਈ ਵੱਧ ਚੜ੍ਹ ਕੇ ਅਪਲਾਈ ਕਰਨ ਤਾਂ ਜੋ ਭਾਰਤ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ‘ਦਿਵਿਆਂਗ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਰਾਸ਼ਟਰੀ ਪੁਰਸਕਾਰ- 2025’ ਲਈ ਵਿਚਾਰਿਆ ਜਾ ਸਕੇ।