August 17, 2026

Justice News

ਅਵਾਮ ਦੀ ਆਵਾਜ਼

ਦਿੱਲੀ ਹਾਈਕੋਰਟ ਵਲੋਂ ਸੱਜਣ ਕੁਮਾਰ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੀਬੀਆਈ ਨੂੰ ਨੋਟਿਸ ਜਾਰੀ

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):
-ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਕਤਲੇਆਮ ਦੌਰਾਨ ਸਰਸਵਤੀ ਵਿਹਾਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਸੱਜਣ ਕੁਮਾਰ ਦੀ ਪਟੀਸ਼ਨ ‘ਤੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਵਿਵੇਕ ਚੌਧਰੀ ਦੀ ਅਗਵਾਈ ਵਾਲੇ ਬੈਂਚ ਨੇ ਹੁਣ ਅਗਲੀ ਸੁਣਵਾਈ 28 ਜਨਵਰੀ, 2026 ਲਈ ਤੈਅ ਕੀਤੀ ਹੈ। ਰਾਊਜ਼ ਐਵੇਨਿਊ ਅਦਾਲਤ ਨੇ 12 ਫਰਵਰੀ ਨੂੰ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਅਤੇ 25 ਫਰਵਰੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ।ਜਿਕਰਯੋਗ ਹੈ ਕਿ ਇਹ ਮਾਮਲਾ 1 ਨਵੰਬਰ, 1984 ਦਾ ਹੈ, ਜਦੋਂ ਪੱਛਮੀ ਦਿੱਲੀ ਦੇ ਰਾਜ ਨਗਰ ਵਿੱਚ ਸਰਦਾਰ ਜਸਵੰਤ ਸਿੰਘ ਅਤੇ ਸਰਦਾਰ ਤਰੁਣਦੀਪ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਸ਼ਾਮ 4:30 ਵਜੇ ਦੇ ਕਰੀਬ, ਦੰਗਾਕਾਰੀਆਂ ਦੀ ਇੱਕ ਭੀੜ ਨੇ ਰਾਜ ਨਗਰ ਇਲਾਕੇ ਵਿੱਚ ਪੀੜਤਾਂ ਦੇ ਘਰ ‘ਤੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ।
ਸ਼ਿਕਾਇਤਕਰਤਾਵਾਂ ਦੇ ਅਨੁਸਾਰ, ਇਸ ਭੀੜ ਦੀ ਅਗਵਾਈ ਸੱਜਣ ਕੁਮਾਰ ਕਰ ਰਹੇ ਸਨ, ਜੋ ਉਸ ਸਮੇਂ ਬਾਹਰੀ ਦਿੱਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਸੰਸਦ ਮੈਂਬਰ ਸਨ। ਸ਼ਿਕਾਇਤਕਰਤਾ ਦੇ ਅਨੁਸਾਰ, ਸੱਜਣ ਕੁਮਾਰ ਨੇ ਭੀੜ ਨੂੰ ਹਮਲਾ ਕਰਨ ਲਈ ਉਕਸਾਇਆ, ਜਿਸ ਤੋਂ ਬਾਅਦ ਭੀੜ ਨੇ ਸਰਦਾਰ ਜਸਵੰਤ ਸਿੰਘ ਅਤੇ ਸਰਦਾਰ ਤਰੁਣਦੀਪ ਸਿੰਘ ਨੂੰ ਜ਼ਿੰਦਾ ਸਾੜ ਦਿੱਤਾ। ਭੀੜ ਨੇ ਪੀੜਤਾਂ ਦੇ ਘਰਾਂ ਵਿੱਚ ਭੰਨਤੋੜ ਕੀਤੀ, ਲੁੱਟਮਾਰ ਕੀਤੀ ਅਤੇ ਅੱਗ ਲਗਾ ਦਿੱਤੀ। ਤਤਕਾਲੀ ਮੁੱਖ ਮੰਤਰੀ ਰੰਗਨਾਥ ਮਿਸ਼ਰਾ ਦੀ ਅਗਵਾਈ ਵਾਲੇ ਜਾਂਚ ਕਮਿਸ਼ਨ ਦੇ ਸਾਹਮਣੇ ਸ਼ਿਕਾਇਤਕਰਤਾ ਦੇ ਹਲਫ਼ਨਾਮੇ ਦੇ ਆਧਾਰ ‘ਤੇ, ਉੱਤਰੀ ਜ਼ਿਲ੍ਹੇ ਦੇ ਸਰਸਵਤੀ ਵਿਹਾਰ ਪੁਲਿਸ ਸਟੇਸ਼ਨ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਸੀ। ਐਫਆਈਆਰ ਵਿੱਚ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 147, 148, 149, 395, 397, 302, 307, 436 ਅਤੇ 440 ਦੇ ਤਹਿਤ ਦੋਸ਼ ਲਗਾਏ ਗਏ ਹਨ। ਦਸਣਯੋਗ ਹੈ ਕਿ ਰਾਊਸ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਦੇ ਮਾਮਲੇ ‘ਤੇ ਫੈਸਲਾ 31 ਜਨਵਰੀ, 2025 ਨੂੰ ਮੁਲਤਵੀ ਕਰ ਦਿੱਤਾ ਸੀ। ਇਸ ਤੋਂ ਪਹਿਲਾਂ, ਫੈਸਲਾ 8 ਜਨਵਰੀ ਅਤੇ 16 ਦਸੰਬਰ, 2024 ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਦੋਵਾਂ ਮੌਕਿਆਂ ‘ਤੇ, ਸੱਜਣ ਕੁਮਾਰ, ਜੋ ਕਿ ਤਿਹਾੜ ਜੇਲ੍ਹ ਵਿੱਚ ਹੈ, ਵੀਡੀਓ ਕਾਨਫਰੰਸ ਰਾਹੀਂ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਦੇ ਸਾਹਮਣੇ ਪੇਸ਼ ਹੋਇਆ। ਦਸੰਬਰ 2021 ਵਿੱਚ, ਸੱਜਣ ਕੁਮਾਰ ਨੇ ਮਾਮਲੇ ਵਿੱਚ ਖੁਦ ਨੂੰ ਬੇਕਸੂਰ ਦੱਸਿਆ ਅਤੇ ਮੁਕੱਦਮੇ ਦਾ ਸਾਹਮਣਾ ਕਰਨ ਲਈ ਸਹਿਮਤੀ ਪ੍ਰਗਟਾਈ। ਉਸਨੂੰ ਮੁਕੱਦਮੇ ਵਿੱਚ ਦੋਸ਼ੀ ਪਾਇਆ ਗਿਆ। ਇਸ ਤੋਂ ਬਾਅਦ, ਉਸਦੇ ਖਿਲਾਫ ਦੋਸ਼ ਤੈਅ ਕਰਨ ਦਾ ਹੁਕਮ ਜਾਰੀ ਕੀਤਾ ਗਿਆ।

Leave a Reply

Your email address will not be published. Required fields are marked *

Copyright © All rights reserved. | Newsphere by AF themes.