ਲੁਧਿਆਣਾ
:(ਜਸਟਿਸ ਨਿਊਜ਼ )
ਰਾਜ ਸਭਾ ਐਮ.ਪੀ. ਸੰਤ ਬਲਬੀਰ ਸਿੰਘ ਸੀਚੇਵਾਲ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨਾਲ ਵੀਰਵਾਰ ਨੂੰ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਅਧੀਨ ਪ੍ਰਗਤੀ ਦਾ ਜਾਇਜ਼ਾ ਲਿਆ।ਮੀਟਿੰਗ ਸਰਾਭਾ ਨਗਰ ਵਿੱਚ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਹੋਈ ਜਿੱਥੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਯੂ.ਐਸ.ਬੀ.) ਦੇ ਸਬੰਧਤ ਅਧਿਕਾਰੀਆਂ ਨੂੰ ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ.) ਅਤੇ ਐਫਲੂਐਂਟ ਟ੍ਰੀਟਮੈਂਟ ਪਲਾਂਟਾਂ (ਈ.ਟੀ.ਪੀ.) ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਕਿਸੇ ਵੀ ਲਾਪਰਵਾਹੀ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ।ਮੀਟਿੰਗ ਵਿੱਚ ਹੈਬੋਵਾਲ ਡੇਅਰੀ ਕੰਪਲੈਕਸ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸ ਦੇ ਨੁਮਾਇੰਦੇ ਮੌਜੂਦ ਸਨ। ਉਨ੍ਹਾਂ ਨੂੰ ਬੁੱਢੇ ਦਰਿਆ ਵਿੱਚ ਗੋਬਰ ਸੁੱਟਣਾ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੇਅਰੀ ਮਾਲਕਾਂ ਤੋਂ ਫੀਡਬੈਕ ਵੀ ਲਈ ਗਈ।
ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਨਿਗਰਾਨ ਇੰਜੀਨੀਅਰ ਹਰਪ੍ਰੀਤ ਸਿੰਘ, ਨਿਗਰਾਨ ਇੰਜੀਨੀਅਰ ਪਾਰੁਲ ਗੋਇਲ ਸਮੇਤ ਪੀ.ਡਬਲਯੂ.ਐਸ.ਐਸ.ਬੀ, ਨਗਰ ਨਿਗਮ, ਪੀ.ਪੀ.ਸੀ.ਬੀ, ਪੇਡਾ ਆਦਿ ਦੇ ਹੋਰ ਅਧਿਕਾਰੀ ਮੀਟਿੰਗ ਵਿੱਚ ਮੌਜੂਦ ਸਨ।ਰਾਜ ਸਭਾ ਐਮ.ਪੀ. ਸੀਚੇਵਾਲ ਨੇ ਦੱਸਿਆ ਕਿ ਨਗਰ ਨਿਗਮ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਸਿਰਫ਼ ਇੱਕ ਜਾਂ ਦੋ ਪੁਆਇੰਟ ਬਾਕੀ ਹਨ ਜਿੱਥੇ ਕੰਮ ਚੱਲ ਰਿਹਾ ਹੈ ਅਤੇ ਬੁੱਢੇ ਦਰਿਆ ਵਿੱਚ ਸਾਰੇ ਸੀਵਰੇਜ ਇਨਫਲੋ ਪੁਆਇੰਟ 10 ਦਸੰਬਰ ਤੱਕ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਇਲਾਵਾ, ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਦਰੀਆ ਦਾ ਹੱਦਬੰਦੀ ਸਰਵੇਖਣ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਦੌਰਾਨ, ਸਬੰਧਤ ਅਧਿਕਾਰੀਆਂ ਨੂੰ ਬੁੱਢੇ ਦਰਿਆ ਵਿੱਚ ਗੋਬਰ ਅਤੇ ਅਣਸੋਧੇ ਉਦਯੋਗਿਕ ਪਾਣੀ ਦੇ ਡੰਪਿੰਗ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਰਾਜ ਸਭਾ ਮੈਂਬਰ ਸੀਚੇਵਾਲ ਨੇ ਕਿਹਾ ਕਿ ਦਰਿਆ ਵਿੱਚ ਪ੍ਰਦੂਸ਼ਣ ਘਟਾਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ ਅਤੇ ਵੀਰਵਾਰ ਨੂੰ ਵੀ ਬੁੱਢੇ ਦਰਿਆ ਦੇ ਸੰਗਤ ਘਾਟ ਪੁਆਇੰਟ ‘ਤੇ 160 ਟੀ.ਡੀ.ਐਸ. ਪੱਧਰ ਦੇਖਿਆ ਗਿਆ। ਪਰ ਵਸਨੀਕਾਂ ਨੂੰ ਵੀ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਦਰਿਆ ਵਿੱਚ ਕੂੜਾ/ਅਣਸੋਧਿਆ ਪਾਣੀ ਸੁੱਟਣਾ ਬੰਦ ਕਰਨਾ ਚਾਹੀਦਾ ਹੈ, ਜਿਸਦਾ ਧਾਰਮਿਕ ਅਤੇ ਇਤਿਹਾਸਕ ਮਹੱਤਵ ਵੀ ਹੈ। ਰਾਜ ਸਭਾ ਮੈਂਬਰ ਸੀਚੇਵਾਲ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਜਲ ਸਰੋਤਾਂ ਅਤੇ ਵਾਤਾਵਰਣ ਨੂੰ ਬਚਾਉਣ ਲਈ ਸਮੂਹਿਕ ਯਤਨ ਕਰਨ ਦੀ ਸਖ਼ਤ ਲੋੜ ਹੈ। ਵਸਨੀਕਾਂ ਨੂੰ ਇਸ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਅਧਿਕਾਰੀਆਂ ਦਾ ਸਮਰਥਨ ਕਰਨਾ ਚਾਹੀਦਾ ਹੈ।
Leave a Reply