ਮੋਗਾ
( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ ਅਭਿਆਨ ਜਾਰੀ ਹੈ। ਇਸ ਮੁਹਿੰਮ ਤਹਿਤ ਏ.ਡੀ.ਜੀ.ਪੀ. ਪੰਜਾਬ (ਇੰਟਰਨਲ ਸਕਿਉਰਿਟੀ) ਸ਼੍ਰੀ ਸ਼ਿਵ ਕੁਮਾਰ ਵਰਮਾ ਅਤੇ ਐਸ.ਐਸ.ਪੀ. ਮੋਗਾ ਸ਼੍ਰੀ ਅਜੈ ਗਾਂਧੀ ਦੀ ਯੋਗ ਅਗਵਾਈ ਹੇਠ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਥਾਣਾ ਸਿਟੀ ਸਾਊਥ ਮੋਗਾ ਦੇ ਹਦੂਦ ਵਿੱਚ ਆਉਣ ਵਾਲੇ ਡਰੱਗ ਹਾਟਸਪੌਟ ਅਤੇ ਹੋਰ ਸ਼ੱਕੀ ਥਾਵਾਂ ਉੱਤੇ ਵਿਸ਼ੇਸ਼ ਸਰਚ ਅਪਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਦੌਰਾਨ ਲਗਭਗ 150 ਪੁਲਿਸ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਵੱਲੋਂ ਖੇਤਰ ਵਿੱਚ ਕਾਸੋ ਆਪਰੇਸ਼ਨ ਹੇਠ ਚੈਕਿੰਗ ਕੀਤੀ। ਇਸ ਦੌਰਾਨ 46 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਅਸਥਾਨਾਂ ਦੀ ਤਲਾਸ਼ੀ ਲਈ ਗਈ ਤੇ 32 ਦੇ ਕਰੀਬ ਸ਼ੱਕੀ ਵਾਹਨ ਵੀ ਚੈੱਕ ਕੀਤੇ ਗਏ। ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਜਾਰੀ ਹੈ।
ਏ.ਡੀ.ਜੀ.ਪੀ. (ਇੰਟਰਨਲ ਸਕਿਉਰਿਟੀ) ਪੰਜਾਬ ਸ਼੍ਰੀ ਸ਼ਿਵ ਕੁਮਾਰ ਵਰਮਾ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਨਸ਼ਾ-ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਪੁਲਿਸ ਵਿਭਾਗ ਨਾਲ ਸਹਿਯੋਗ ਕਰਨ। ਜੇ ਕਿਸੇ ਵਿਅਕਤੀ ਕੋਲ ਨਸ਼ਾ ਵੇਚਣ ਜਾਂ ਖਰੀਦਣ ਸੰਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ‘ਤੇ ਸੂਚਿਤ ਕਰ ਸਕਦਾ ਹੈ। ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਮੋਗਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਸਖ਼ਤ ਕਾਰਵਾਈਆਂ ਜਾਰੀ ਰਹਿਣਗੀਆਂ। ਉਹਨਾਂ ਇਸ ਆਪਰੇਸ਼ਨ ਵਿੱਚ ਸ਼ਾਮਲ ਸਾਰੇ ਪੁਲਿਸ ਕਰਮਚਾਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ, ਅਮਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸਾਡੀ ਪੂਰੀ ਸਮਰਪਿਤਤਾ ਦਾ ਪ੍ਰਤੀਕ ਹੈ।
Leave a Reply