ਲੁਧਿਆਣਾ
( ਜਸਟਿਸ ਨਿਊਜ਼)
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹਿਲਾ ਸੈਲਫ ਹੈਲਪ ਗਰੁੱਪ (ਐਸ.ਐਚ.ਜੀ) ਦੁਆਰਾ ਤਿਆਰ ਕੀਤੇ ਗਏ ਉਤਪਾਦਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਇਹ ਪ੍ਰਦਰਸ਼ਨੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 31 ਦਸੰਬਰ ਤੱਕ ਜਾਰੀ ਰਹੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਮਹਿਲਾਵਾਂ ਵੱਲੋਂ ਆਪਣੇ ਹੱਥਾਂ ਨਾਲ ਬਣਾਏ ਗਏ ਉਤਪਾਦਾਂ ਨੂੰ ਵੇਚਣ ਲਈ ਉਤਸ਼ਾਹਿਤ ਕਰਨਾ ਹੈ। ਸੈਲਫ ਹੈਲਪ ਗਰੁੱਪ ਮੈਂਬਰਾਂ ਵੱਲੋਂ ਤਿਆਰ ਕੀਤੇ ਹੱਥੀਂ ਬਣੇ ਸਮਾਨ, ਹਸਤਕਲਾ ਅਤੇ ਘਰੇਲੂ ਉਤਪਾਦ ਉਪਲਬਧ ਹਨ। ਇਹ ਉਤਪਾਦ ਮਹਿਲਾਵਾਂ ਦੀ ਮਿਹਨਤ, ਕਲਾਂ ਅਤੇ ਸਵੈ-ਰੋਜ਼ਗਾਰ ਦਾ ਪ੍ਰਤੀਕ ਹਨ।
ਸੈਲਫ ਹੈਲਪ ਗਰੁੱਪ ਮੈਂਬਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਅਮਰਜੀਤ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲਕਦਮੀ ਬਿਹਤਰ ਰੋਜ਼ੀ-ਰੋਟੀ ਦੇ ਮੌਕਿਆਂ ਰਾਹੀਂ ਔਰਤਾਂ ਦੇ ਸਸ਼ਕਤੀਕਰਨ ਦੇ ਵਿਸ਼ਾਲ ਟੀਚੇ ਨਾਲ ਮੇਲ ਖਾਂਦੀ ਹੈ। ਉਨ੍ਹਾਂ ਕਿਹਾ ਕਿ ਮੈਂਬਰਾਂ ਨੇ ਰਾਸ਼ਟਰੀ ਪੇਂਡੂ ਆਜੀਵਿਕਾ ਮਿਸ਼ਨ (ਐਨ.ਆਰ.ਐਲ.ਐਮ) ਤਹਿਤ ਹੁਨਰ ਵਿਕਾਸ ਕੇਂਦਰ ਵਿੱਚ ਵਿਸ਼ੇਸ਼ ਸਿਖਲਾਈ ਪ੍ਰਾਪਤ ਕੀਤੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਲੁਧਿਆਣਾ ਨਿਵਾਸੀਆਂ ਨੂੰ ਸੈਲਫ ਹੈਲਪ ਗਰੁੱਪ ਵੱਲੋਂ ਤਿਆਰ ਕੀਤੇ ਵਾਤਾਵਰਣ-ਅਨੁਕੂਲ ਕਿਫਾਇਤੀ ਉਤਪਾਦਾਂ ਨੂੰ ਖਰੀਦ ਕੇ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਇਹ ਸਹਿਯੋਗ ਨਾ ਸਿਰਫ਼ ਸੈਲਫ ਹੈਲਪ ਗਰੁੱਪ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰੇਗਾ ਬਲਕਿ ਹੋਰ ਔਰਤਾਂ ਨੂੰ ਸਵੈ-ਨਿਰਭਰਤਾ ਪ੍ਰਾਪਤ ਕਰਨ ਲਈ ਵੀ ਪ੍ਰੇਰਿਤ ਕਰੇਗਾ। ਵਾਤਾਵਰਣ ਸੰਬੰਧੀ ਚਿੰਤਾਵਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਪਲਾਸਟਿਕ ਕੈਰੀ ਬੈਗਾਂ ਦੇ ਨੁਕਸਾਨਦੇਹ ਪ੍ਰਭਾਵਾਂ ‘ਤੇ ਵੀ ਜ਼ੋਰ ਦਿੱਤਾ ਅਤੇ ਮੁੜ ਵਰਤੋਂ ਯੋਗ ਕੱਪੜੇ ਦੇ ਵਿਕਲਪਾਂ ਵੱਲ ਵਿਆਪਕ ਤਬਦੀਲੀ ਨੂੰ ਉਤਸ਼ਾਹਿਤ ਕੀਤਾ।
Leave a Reply