ਮਾਲੇਰਕੋਟਲਾ
-(ਸ਼ਹਿਬਾਜ਼ ਚੌਧਰੀ)
ਹਰ ਸਾਲ 17 ਜਨਵਰੀ ਨੂੰ ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਇਤਿਹਾਸਕ ਸੰਘਰਸ਼ ਅਤੇ ਵਿਸ਼ਵ ਇਤਿਹਾਸ ਵਿੱਚ ਬੇਮਿਸਾਲ ਕੁਰਬਾਨੀ ਦੀ ਮਿਸਾਲ ਕਾਇਮ ਕਰਨ ਵਾਲੇ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਜਾਂਦਾ ਹੈ। ਇਸ ਸਬੰਧੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਪੀ.ਸਤਪਾਲ ਸ਼ਰਮਾਂ, ਸ਼ਹੀਦੀ ਸਮਾਰਕ ਮਾਲੇਰਕੋਟਲਾ ਦੇ ਨੁਮਾਇੰਦੇ ਗੁਰਸੇਵਕ ਸਿੰਘ ਨਾਮਧਾਰੀ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ, ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ ਵਧਵਾ, ਐਕਸ਼ੀਅਨ ਪੀ.ਐਸ.ਪੀ.ਸੀ.ਐਲ ਹਰਵਿੰਦਰ ਸਿੰਘ, ਇੰਜ ਸਤਵਿੰਦਰ ਸਿੰਘ, ਇੰਜ.ਵਨੀਤ ਕੁਮਾਰ, ਇੰਜ.ਲਵੇਸ਼ ਜੈਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸ਼ਰਧਾਂਜਲੀ ਸਮਾਗਮ ਮੌਕੇ ਦੇਸ਼ ਅਤੇ ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਉਣ ਵਾਲੇ ਸਰਧਾਲੂਆਂ ਲਈ ਸਾਰੇ ਪ੍ਰਬੰਧ ਸਮਾਂਬੱਧ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਕਿਸੇ ਵੀ ਸਰਧਾਲੂ ਨੂੰ ਕੋਈ ਅਸੁਵਿਧਾ ਪੇਸ਼ ਨਾ ਆਵੇ। ਉਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਨਾਮਧਾਰੀ ਸ਼ਹੀਦੀ ਸਮਾਰਕ ਦੇ ਆਲੇ-ਦੁਆਲੇ ਪੂਰੀ ਸਾਫ਼-ਸਫਾਈ, ਸੜਕਾਂ ਦੀ ਮੁਰੰਮਤ ਅਤੇ ਸਟਰੀਟ ਲਾਈਟਾਂ ਦੀ ਰਿਪੇਅਰ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ। ਨਾਲ ਹੀ, ਸਰਧਾਲੂਆਂ ਦੀ ਸਹੂਲਤ ਲਈ ਪੀਣ ਯੋਗ ਪਾਣੀ, ਸਾਫ਼-ਸੁਥਰੇ ਆਰਜ਼ੀ ਪਾਖਾਨੇ, ਮੈਡੀਕਲ ਟੀਮਾਂ ਅਤੇ ਐਮਰਜੈਂਸੀ ਸੇਵਾਵਾਂ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ ਗਏ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਸਮਾਗਮ ਦੌਰਾਨ ਮਜ਼ਬੂਤ ਸੁਰੱਖਿਆ ਪ੍ਰਬੰਧ ਅਤੇ ਨਿਰਵਿਘਨ ਟ੍ਰੈਫਿਕ ਵਿਵਸਥਾ ਯਕੀਨੀ ਬਣਾਉਣ ਲਈ ਵੀ ਦਿਸ਼ਾ-ਨਿਰਦੇਸ਼ ਦਿੱਤੇ, ਤਾਂ ਜੋ ਸਮਾਗਮ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ।
Leave a Reply