ਅੰਮ੍ਰਿਤਸਰ
( ਪੱਤਰ ਪ੍ਰੇਰਕ )
ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਜੁੜੇ ਗੰਭੀਰ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸੀ.ਏ. ਸਤਿੰਦਰ ਸਿੰਘ ਕੋਹਲੀ ਦੀ ਅੰਮ੍ਰਿਤਸਰ ਵਿਖੇ ਪੁਲਿਸ ਵੱਲੋਂ ਕੀਤੀ ਗਈ ਪੇਸ਼ੀ ਮੌਕੇ ਪੱਤਰਕਾਰਾਂ ਨਾਲ ਕੀਤੀ ਗਈ ਧੱਕੇਸ਼ਾਹੀ ਨੂੰ ਮੰਦਭਾਗੀ, ਨਿੰਦਣਯੋਗ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਕਰਾਰ ਦਿੱਤਾ ਹੈ।ਪ੍ਰੋ. ਖਿਆਲਾ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਨਾਲ ਜੁੜੇ ਸੰਵੇਦਨਸ਼ੀਲ ਮਾਮਲੇ ਵਿੱਚ ਨਾ ਤਾਂ ਸੱਚ ਨੂੰ ਦਬਾਇਆ ਜਾ ਸਕਦਾ ਹੈ ਅਤੇ ਨਾ ਹੀ ਲੋਕਾਂ ਦੀ ਆਵਾਜ਼ ਨੂੰ। ਸੱਚ, ਪਾਰਦਰਸ਼ਤਾ ਅਤੇ ਜਵਾਬਦੇਹੀ ਹੀ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਇਨਸਾਫ਼ ਵੱਲ ਲੈ ਕੇ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਜਿਸ ਮਾਮਲੇ ਨਾਲ ਸਿੱਖ ਕੌਮ ਦੀ ਆਸਥਾ ਅਤੇ ਧਾਰਮਿਕ ਸੰਵੇਦਨਾ ਸਿੱਧੀ ਤਰ੍ਹਾਂ ਜੁੜੀ ਹੋਵੇ, ਉਸ ਵਿਚ ਹਰ ਨਿੱਕੀ ਤੋਂ ਨਿੱਕੀ ਕਾਰਵਾਈ ਬਾਰੇ ਜਨਤਾ ਨੂੰ ਜਾਣਨ ਦਾ ਪੂਰਾ ਅਧਿਕਾਰ ਹੈ। ਪਾਵਨ ਸਰੂਪਾਂ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦਾ ਲੁਕੋ, ਅਸਪਸ਼ਟਤਾ ਜਾਂ ਜਾਣਕਾਰੀ ਛੁਪਾਉਣ ਦੀ ਕੋਸ਼ਿਸ਼ ਸੰਦੇਹ ਪੈਦਾ ਕਰਦੀ ਹੈ ਅਤੇ ਲੋਕਾਂ ਦੇ ਭਰੋਸੇ ਨੂੰ ਸੱਟ ਪਹੁੰਚਾਉਂਦੀ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਸਤਿੰਦਰ ਕੋਹਲੀ ਦੀ ਅਦਾਲਤੀ ਪੇਸ਼ੀ ਮੌਕੇ ਸਮੁੱਚੇ ਪੱਤਰਕਾਰ ਭਾਈਚਾਰੇ ਨੂੰ ਹਨੇਰੇ ਵਿੱਚ ਰੱਖਣਾ, ਕਵਰੇਜ ਕਰਨ ਤੋਂ ਰੋਕਣਾ ਅਤੇ ਧੱਕੇਸ਼ਾਹੀ ਕਰਨਾ ਸਿਰਫ਼ ਮੀਡੀਆ ਦੀ ਆਜ਼ਾਦੀ ’ਤੇ ਹਮਲਾ ਹੀ ਨਹੀਂ, ਸਗੋਂ ਸੱਚ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਣ ਦੀ ਨਾਕਾਮ ਕੋਸ਼ਿਸ਼ ਹੈ। ਇਹ ਰਵੱਈਆ ਕਿਸੇ ਵੀ ਤਰ੍ਹਾਂ ਨਾਲ ਕਬੂਲਣ ਯੋਗ ਨਹੀਂ ਹੈ।ਉਨ੍ਹਾਂ ਸਪਸ਼ਟ ਤੌਰ ’ਤੇ ਮੰਗ ਕੀਤੀ ਕਿ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪਾਰਦਰਸ਼ਤਾ ਨੂੰ ਕੇਂਦਰ ਵਿੱਚ ਰੱਖਦਿਆਂ, ਪੁਲਿਸ ਅਤੇ ਨਿਆਂ ਪ੍ਰਣਾਲੀ ਵੱਲੋਂ ਕੀਤੀ ਜਾਣ ਵਾਲੀ ਹਰ ਕਾਰਵਾਈ ਦੀ ਜਾਣਕਾਰੀ ਰੋਜ਼ਾਨਾ ਦੇ ਆਧਾਰ ’ਤੇ ਪ੍ਰੈੱਸ ਨਾਲ ਸਾਂਝੀ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਮੀਡੀਆ ਨੂੰ ਆਪਣਾ ਫ਼ਰਜ਼ ਨਿਭਾਉਣ ਤੋਂ ਨਾ ਰੋਕਿਆ ਜਾਵੇ।ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪੱਤਰਕਾਰ ਲੋਕਤੰਤਰ ਦਾ ਚੌਥਾ ਸਤੰਭ ਹਨ ਅਤੇ ਉਨ੍ਹਾਂ ਨਾਲ ਹੋਈ ਬਦਸਲੂਕੀ ਨੇ ਪੂਰੇ ਪੱਤਰਕਾਰ ਭਾਈਚਾਰੇ ਵਿੱਚ ਜੋ ਰੋਸ ਪੈਦਾ ਕੀਤਾ ਹੈ, ਉਸ ਨੂੰ ਸ਼ਾਂਤ ਕਰਨ ਲਈ ਪ੍ਰਸ਼ਾਸਨ ਤੁਰੰਤ ਸੰਵੇਦਨਸ਼ੀਲ ਅਤੇ ਜ਼ਿੰਮੇਵਾਰ ਕਦਮ ਚੁੱਕੇ। ਨਾਲ ਹੀ, ਇਸ ਘਟਨਾ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀ ਗ਼ਲਤੀ ਦੁਹਰਾਈ ਨਾ ਜਾਵੇ।
Leave a Reply