ਖੰਨਾ, ਲੁਧਿਆਣਾ
( ਜਸਟਿਸ ਨਿਊਜ਼ )
ਲੋਹੜੀ ਅਤੇ ਬਸੰਤ ਪੰਚਮੀ ਦੇ ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਜੋਤੀ ਯਾਦਵ ਬੈਂਸ ਨੇ ਪਤੰਗਬਾਜ਼ੀ ਦੌਰਾਨ ਪਲਾਸਟਿਕ ਡੋਰ, ਜਿਸਨੂੰ ਆਮ ਤੌਰ ‘ਤੇ ਚਾਈਨਾ ਡੋਰ ਕਿਹਾ ਜਾਂਦਾ ਹੈ, ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਵਰਤੋਂ ਕਾਨੂੰਨੀ ਤੌਰ ‘ਤੇ ਅਪਰਾਧ ਹੈ ਅਤੇ ਇਸ ‘ਤੇ ਪੂਰੀ ਤਰ੍ਹਾਂ ਪਾਬੰਦੀ ਲਾਗੂ ਹੈ। ਇਸ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ।ਐਸ.ਐਸ.ਪੀ ਡਾ. ਜੋਤੀ ਯਾਦਵ ਬੈਂਸ ਨੇ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਚਾਈਨਾ ਡੋਰ ਕਾਰਨ ਕਈ ਗੰਭੀਰ ਹਾਦਸੇ ਵਾਪਰ ਚੁੱਕੇ ਹਨ, ਜਿਸ ਵਿੱਚ ਨੌਜਵਾਨਾਂ ਦੇ ਗਲੇ ਕਟਣ, ਦੋਪਹੀਆ ਵਾਹਨ ਚਾਲਕਾਂ ਦੇ ਜ਼ਖ਼ਮੀ ਹੋਣ ਅਤੇ ਪੰਛੀਆਂ ਦੀ ਮੌਤ ਵਰਗੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸੇ ਕਰਕੇ ਜ਼ਿਲ੍ਹਾ ਪੁਲਿਸ ਵੱਲੋਂ ਇਸ ਵਾਰ ਪੂਰੀ ਸਖ਼ਤੀ ਨਾਲ ਨਿਗਰਾਨੀ ਕੀਤੀ ਜਾਵੇਗੀ।
ਉਨ੍ਹਾਂ ਸਪਸ਼ਟ ਕੀਤਾ ਕਿ ਤਿਉਹਾਰਾਂ ਦੇ ਦਿਨਾਂ ‘ਚ ਪੁਲਿਸ ਟੀਮਾਂ ਡ੍ਰੋਨ ਕੈਮਰਿਆਂ ਦੀ ਮਦਦ ਨਾਲ ਇਲਾਕਿਆਂ ‘ਤੇ ਨਜ਼ਰ ਰੱਖਣਗੀਆਂ ਅਤੇ ਲੋੜ ਪੈਣ ‘ਤੇ ਘਰਾਂ ਦੀਆਂ ਛੱਤਾਂ ਉਪਰ ਜਾ ਕੇ ਵੀ ਚੈਕਿੰਗ ਕੀਤੀ ਜਾਵੇਗੀ। ਜੇਕਰ ਕਿਸੇ ਕੋਲੋਂ ਵੀ ਚਾਈਨਾ ਡੋਰ ਬਰਾਮਦ ਹੁੰਦੀ ਹੈ ਜਾਂ ਇਸਦੀ ਵਰਤੋਂ ਕਰਦਾ ਹੋਇਆ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਤੁਰੰਤ ਕੇਸ ਦਰਜ ਕੀਤਾ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।ਐਸ.ਐਸ.ਪੀ ਖੰਨਾ ਨੇ ਮਾਪਿਆਂ ਨੂੰ ਵੀ ਖ਼ਾਸ ਤੌਰ ‘ਤੇ ਜਾਗਰੂਕ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚਿਆਂ ‘ਤੇ ਨਜ਼ਰ ਰੱਖਣ ਅਤੇ ਇਹ ਯਕੀਨੀ ਬਣਾਉਣ ਕਿ ਉਹ ਸੁਰੱਖਿਅਤ ਅਤੇ ਕਾਨੂੰਨੀ ਡੋਰ ਨਾਲ ਹੀ ਪਤੰਗਬਾਜ਼ੀ ਕਰਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤਿਉਹਾਰਾਂ ਦੀ ਖੁਸ਼ੀ ਕਿਸੇ ਦੀ ਜਾਨ ਖ਼ਤਰੇ ‘ਚ ਪਾ ਕੇ ਨਹੀਂ ਮਨਾਈ ਜਾ ਸਕਦੀ।ਅੰਤ ‘ਚ ਡਾ. ਜੋਤੀ ਯਾਦਵ ਬੈਂਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਦਾ ਸਹਿਯੋਗ ਕਰਨ, ਕਾਨੂੰਨ ਦੀ ਪਾਲਣਾ ਕਰਨ ਅਤੇ ਲੋਹੜੀ ਤੇ ਬਸੰਤ ਪੰਚਮੀ ਦੇ ਤਿਉਹਾਰ ਸ਼ਾਂਤੀ, ਸੁਰੱਖਿਆ ਅਤੇ ਖੁਸ਼ਹਾਲੀ ਨਾਲ ਮਨਾਉਣ।
Leave a Reply