August 17, 2026

Justice News

ਅਵਾਮ ਦੀ ਆਵਾਜ਼

ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ=ਕਿਹਾ! ਇਹ ਪ੍ਰਾਜੈਕਟ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣਗੇ

ਲੁਧਿਆਣਾ
( ਜਸਟਿਸ ਨਿਊਜ਼ )
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਵੱਲੋਂ ਅੱਜ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੁਰੰਤ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕਈ ਕਰੋੜਾਂ ਰੁਪਏ ਦੇ ਪ੍ਰਾਜੈਕਟ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਵਿਕਾਸ ਪ੍ਰਾਜੈਕਟ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਜਲ ਸਪਲਾਈ ਅਤੇ ਸੈਨੀਟੇਸ਼ਨ, ਪਾਵਰਕਾਮ, ਖੇਡਾਂ, ਸਿਹਤ, ਨਗਰ ਨਿਗਮ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਹਨ, ਜੋ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਨੂੰ ਬੇਹੱਦ ਲੋੜੀਂਦਾ ਹੁਲਾਰਾ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੱਡੇ ਪੱਧਰ ‘ਤੇ ਸਹੂਲਤਾਂ ਦੇਣ ਲਈ ਅਧਿਕਾਰੀ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ ਨੂੰ ਪਹਿਲ ਦੇਣ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵਿਭਾਗੀ ਮੁਖੀਆਂ ਨੂੰ ਵੀ ਵਿਕਾਸ ਕਾਰਜਾਂ ਦੇ ਜਲਦ ਤੋਂ ਜਲਦ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰਨ ਦਾ ਇਕੋ-ਇਕ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਇਨ੍ਹਾਂ ਦਾ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਦੇ ਮੁਕੰਮਲ ਹੋਣ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਕੰਮ ਮੁਕੰਮਲ ਕਰਨ ਅਤੇ ਇਸ ਸਬੰਧੀ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਵਿਕਾਸ ਕਾਰਜਾਂ ਲਈ ਨਵੀਂ ਗ੍ਰਾਂਟ ਜਾਰੀ ਕੀਤੀ ਜਾ ਸਕੇ। ਉਨ੍ਹਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਵਿਕਾਸ ਕਾਰਜਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪ੍ਰਾਜੈਕਟ ਨਿਸ਼ਚਤ ਸਮੇਂ ‘ਤੇ ਮੁਕੰਮਲ ਕੀਤੇ ਜਾ ਸਕਣ।
ਹਿਮਾਂਸ਼ੂ ਜੈਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਨੂੰ ਵਿਕਾਸ ਲਈ ਅਲਾਟ ਕੀਤੇ ਗਏ ਫੰਡਾਂ ਦਾ ਇੱਕ-ਇੱਕ ਪੈਸਾ ਆਮ ਲੋਕਾਂ ਦੀ ਭਲਾਈ ਲਈ ਖਰਚਿਆ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਪਣੇ ਵਿਕਾਸ ਕਾਰਜਾਂ ਦੇ ਟੀਚੇ ਸਮੇਂ ਸਿਰ ਪੂਰੇ ਕਰਨੇ ਚਾਹੀਦੇ ਹਨ ਅਤੇ ਵਿਕਾਸ ਲਈ ਦਿੱਤੇ ਫੰਡ ਕਿਸੇ ਵੀ ਕੀਮਤ ‘ਤੇ ਲੈਪਸ ਨਹੀਂ ਹੋਣੇ ਚਾਹੀਦੇ।ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਨਵੇਂ ਪ੍ਰੋਜੈਕਟਾਂ ਦੀ ਵੀ ਸ਼ੁਰੂਆਤ ਕਰ ਦਿੱਤੀ ਜਾਵੇਗੀ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਰਜੀਤ ਬੈਂਸ ਅਤੇ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਰਾਕੇਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.