ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਸਵੇਰੇ ਵਿਧਾਨ ਸਭਾ ਹਲਕਾ ਦਿੜ੍ਹਬਾ ਤੋਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਾਹੀਂ ਰਵਾਨਾ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਤਰਫੋਂ ਉਨ੍ਹਾਂ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ ਨੇ ਸਾਂਝੇ ਤੌਰ ’ਤੇ ਬੱਸ ਨੂੰ ਹਰੀ ਝੰਡੀ ਦਿਖਾਈ ਅਤੇ ਸ਼ਰਧਾਲੂਆਂ ਨੂੰ ਸੁਰੱਖਿਅਤ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ ਹੇਠ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਅੱਜ 41 ਸ਼ਰਧਾਲੂਆਂ ਨੂੰ ਸ਼੍ਰੀ ਅਨੰਦਪੁਰ ਸਾਹਿਬ ਅਤੇ ਸ਼੍ਰੀ ਅੰਮ੍ਰਿਤਸਰ ਦੇ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਬੱਸ ਰਾਹੀਂ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਰਧਾਰਿਤ ਸਮਾਂ ਸਾਰਣੀ ਅਨੁਸਾਰ ਪੰਜਾਬ ਦੇ ਹਰੇਕ ਹਲਕੇ ਵਿੱਚੋਂ ਬੱਸਾਂ ਅਤੇ ਰੇਲ ਗੱਡੀਆਂ ਰਾਹੀਆਂ ਪੰਜਾਬ ਤੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਸਥਿਤ ਧਾਰਮਿਕ ਅਸਥਾਨਾਂ ਦੀ ਸ਼ਰਧਾਲੂਆਂ ਨੂੰ ਮੁਫ਼ਤ ਯਾਤਰਾ ਕਰਵਾਉਣ ਦੀ ਯੋਜਨਾ ਨੂੰ ਆਰੰਭਿਆ ਗਿਆ ਹੈ ਜਿਸ ਤਹਿਤ ਅੱਜ ਦਿੜ੍ਹਬਾ ਤੋਂ ਪਹਿਲੀ ਬੱਸ ਰਵਾਨਾ ਕੀਤੀ ਗਈ ਹੈ।
ਇਸ ਮੌਕੇ ਤਪਿੰਦਰ ਸਿੰਘ ਸੋਹੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਆਰੰਭੀ ਗਈ ਇਸ ਯੋਜਨਾ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਇੱਕ ਅਗਾਂਹਵਧੂ ਉਪਰਾਲਾ ਹੈ ਜਿਸ ਨੂੰ ਸੂਬੇ ਭਰ ਵਿੱਚੋਂ ਭਰਵਾਂ ਹੁੰਗਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਿਸੇ ਕਾਰਨਾਂ ਕਰਕੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ ਉਨ੍ਹਾਂ ਲਈ ਇਹ ਯੋਜਨਾ ਵਰਦਾਨ ਸਾਬਤ ਹੋਵੇਗੀ।
Leave a Reply